ਰੁਜ਼ਗਾਰ ਕੈਂਪ ’ਚ 161 ਨੌਜਵਾਨ ਸ਼ਾਰਟਲਿਸਟ ਕੀਤੇ
ਨਿੱਜੀ ਪੱਤਰ ਪ੍ਰੇਰਕ
ਡੇਰਾਬੱਸੀ, 25 ਸਤੰਬਰ
ਜ਼ਿਲ੍ਹਾ ਰੁਜ਼ਗਾਰ ਅਤੇ ਉੱਦਮ ਬਿਊਰੋ ਮੁਹਾਲੀ ਵੱਲੋਂ ਡੇਰਾਬੱਸੀ ਸਰਕਾਰੀ ਕਾਲਜ ਵਿੱਚ ਪਲੇਸਮੈਂਟ ਕੈਂਪ ਲਗਾਇਆ ਗਿਆ। ਇਸ ਵਿੱਚ 10 ਕੰਪਨੀਆਂ ਨੇ ਵੱਲੋਂ 233 ਪ੍ਰਤੀਯੋਗੀਆਂ ਵਿੱਚੋਂ 161 ਨੌਜਵਾਨਾਂ ਨੂੰ ਸ਼ਾਰਟਲਿਸਟ ਕੀਤਾ ਗਿਆ। ਇਸ ਦੌਰਾਨ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਚੁਣੇ ਨੌਜਵਾਨਾਂ ਨੂੰ ਵਧਾਈ ਦਿੱਤੀ। ਸ੍ਰੀ ਰੰਧਾਵਾ ਨੇ ਦੱਸਿਆ ਕਿ ਇਸ ਕੈਂਪ ਵਿੱਚ 10 ਨਾਮਵਰ ਕੰਪਨੀਆਂ ਨੇ ਹਿੱਸਾ ਲਿਆ। ਵਿਧਾਇਕ ਰੰਧਾਵਾ ਨੇ ਕਿਹਾ ਕਿ ਇਸ ਕੈਂਪ ਦਾ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੌਕੇ ਪ੍ਰਦਾਨ ਕਰਨਾ ਅਤੇ ਨੌਕਰੀ ਲੱਭਣ ਵਾਲਿਆਂ ਅਤੇ ਰੁਜ਼ਗਾਰਦਾਤਾਵਾਂ ਵਿਚਕਾਰ ਪਾੜੇ ਨੂੰ ਪੂਰਾ ਕਰਨਾ ਹੈ। ਉਨ੍ਹਾਂ ਦੱਸਿਆ ਕਿ ਮੁਹਾਲੀ ਵਿੱਚ ਜ਼ਿਲ੍ਹਾ ਰੁਜ਼ਗਾਰ ਅਤੇ ਉੱਦਮ ਬਿਊਰੋ ਇਸ ਮਿਸ਼ਨ ਲਈ ਸਰਗਰਮੀ ਨਾਲ ਕੰਮ ਕਰ ਰਿਹਾ ਹੈ ਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਈ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ।
ਇਸ ਮੌਕੇ ਵਿਧਾਇਕ ਰੰਧਾਵਾ ਨੇ ਨੌਜਵਾਨਾਂ ਨੂੰ ਸਖ਼ਤ ਮਿਹਨਤ ਕਰਨ ਅਤੇ ਪੰਜਾਬ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਵੀ ਪ੍ਰੇਰਿਤ ਕੀਤਾ। ਸ੍ਰੀ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਦੀ ਵੱਖ-ਵੱਖ ਖੇਤਰਾਂ ਵਿੱਚ ਭਾਗੀਦਾਰੀ ਨੂੰ ਯਕੀਨੀ ਬਣਾਉਣ, ਉਨ੍ਹਾਂ ਦੇ ਸਸ਼ਕਤੀਕਰਨ ਅਤੇ ਆਰਥਿਕ ਤੌਰ ‘ਤੇ ਆਤਮ ਨਿਰਭਰ ਬਣਾਉਣ ਲਈ ਅਹਿਮ ਕਦਮ ਚੁੱਕ ਰਹੀ ਹੈ।