ਸਾਲ 2024 ’ਚ ਭ੍ਰਿਸ਼ਟਾਚਾਰ ਦੇ ਦੋਸ਼ ਹੇਠ 173 ਮੁਲਜ਼ਮ ਗ੍ਰਿਫ਼ਤਾਰ
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 1 ਜਨਵਰੀ
ਪੰਜਾਬ ਵਿਜੀਲੈਂਸ ਬਿਊਰੋ ਨੇ 2024 ਵਿੱਚ ਮੁਹਿੰਮ ਤਹਿਤ ਭ੍ਰਿਸ਼ਟਾਚਾਰ ਦੇ ਦੋਸ਼ ਹੇਠ 173 ਮੁਲਜ਼ਮਾਂ, ਜਿਨ੍ਹਾਂ ਵਿੱਚ ਵੱਖ-ਵੱਖ ਵਿਭਾਗਾਂ ਦੇ 139 ਅਧਿਕਾਰੀਆਂ/ਕਰਮਚਾਰੀਆਂ ਸਮੇਤ 34 ਨਾਗਰਿਕਾਂ ਨੂੰ 134 ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦੇ ਗ੍ਰਿਫ਼ਤਾਰ ਕੀਤਾ ਹੈ। 1 ਜਨਵਰੀ ਤੋਂ 31 ਦਸੰਬਰ 2024 ਤੱਕ 10 ਗਜ਼ਟਿਡ ਅਤੇ 129 ਨਾਨ-ਗਜ਼ਟਿਡ ਅਧਿਕਾਰੀਆਂ (ਐੱਨਜੀਓ) ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਵਿਜੀਲੈਂਸ ਬਿਊਰੋ ਦੇ ਚੀਫ਼ ਡਾਇਰੈਕਟਰ-ਕਮ-ਵਿਸ਼ੇਸ਼ ਡੀਜੀਪੀ ਵਰਿੰਦਰ ਕੁਮਾਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਪੰਜਾਬ ਪੁਲੀਸ ਦੇ 53, ਮਾਲ ਵਿਭਾਗ ਦੇ 33, ਬਿਜਲੀ ਵਿਭਾਗ ਦੇ 9, ਪੰਚਾਇਤ ਵਿਭਾਗ ਦੇ 3, ਸਿਹਤ ਵਿਭਾਗ ਦੇ 8, ਸਥਾਨਕ ਸਰਕਾਰਾਂ ਵਿਭਾਗ ਦੇ 18, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ 3 ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਤੋਂ ਇਲਾਵਾ ਵਣ, ਕਿਰਤ, ਵਿੱਤ ਅਤੇ ਟਰਾਂਸਪੋਰਟ ਵਿਭਾਗ ਦੇ ਦੋ-ਦੋ ਮੁਲਾਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਨੇ ਮੁਲਜ਼ਮਾਂ ਵਿਰੁੱਧ 124 ਅਪਰਾਧਕ ਕੇਸ ਦਰਜ ਕੀਤੇ ਹਨ, ਜਿਨ੍ਹਾਂ ਵਿੱਚ 29 ਗਜ਼ਟਿਡ ਅਫ਼ਸਰ, 117 ਨਾਨ-ਗਜ਼ਟਿਡ ਅਧਿਕਾਰੀ ਅਤੇ 117 ਆਮ ਵਿਅਕਤੀ ਸ਼ਾਮਲ ਹਨ। ਇਸ ਤੋਂ ਇਲਾਵਾ 26 ਅਧਿਕਾਰੀਆਂ, 27 ਨਾਨ-ਗਜ਼ਟਿਡ ਅਧਿਕਾਰੀਆਂ ਅਤੇ 7 ਹੋਰ ਆਮ ਵਿਅਕਤੀਆਂ ਵਿਰੁੱਧ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਦੀ ਜਾਂਚ ਲਈ 60 ਵਿਜੀਲੈਂਸ ਪੜਤਾਲਾਂ ਕੀਤੀਆਂ ਗਈਆਂ ਹਨ। ਤਿੰਨ ਨਾਨ-ਗਜ਼ਟਿਡ ਅਧਿਕਾਰੀਆਂ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਸਬੰਧੀ 3 ਪਰਚੇ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ 1 ਗਜ਼ਟਿਡ ਅਧਿਕਾਰੀ ਅਤੇ 1 ਨਾਨ-ਗਜ਼ਟਿਡ ਅਧਿਕਾਰੀ ਨੂੰ ਅਦਾਲਤਾਂ ਵੱਲੋਂ ਦੋਸ਼ੀ ਠਹਿਰਾਏ ਜਾਣ ’ਤੇ ਸਬੰਧਤ ਵਿਭਾਗਾਂ ਵੱਲੋਂ ਨੌਕਰੀ ਤੋਂ ਬਰਖ਼ਾਸਤ ਕੀਤਾ ਗਿਆ ਹੈ।
ਅਦਾਲਤਾਂ ਨੇ 50 ਦੋਸ਼ੀਆਂ ਨੂੰ ਸਜ਼ਾ ਸੁਣਾਈ
ਵਿਜੀਲੈਂਸ ਮੁਖੀ ਨੇ ਦੱਸਿਆ ਕਿ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਦਰਜ 41 ਕੇਸਾਂ ’ਚ ਵੱਖ-ਵੱਖ ਅਦਾਲਤਾਂ ਵੱਲੋਂ 50 ਦੋਸ਼ੀਆਂ ਨੂੰ ਸਜ਼ਾ ਸੁਣਾਈ ਗਈ ਹੈ। ਪਿਛਲੇ ਸਾਲ ਦੌਰਾਨ ਭ੍ਰਿਸ਼ਟਾਚਾਰ ਕੇਸਾਂ ’ਚ ਜਿਨ੍ਹਾਂ ਪ੍ਰਮੁੱਖ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਜਾਂ ਪਰਚੇ ਦਰਜ ਕੀਤੇ ਗਏ ਹਨ, ਉਨ੍ਹਾਂ ’ਚ ਆਈਏਐੱਸ ਅਧਿਕਾਰੀ ਵਿਨੈ ਬੁਬਲਾਨੀ, ਪੀਸੀਐੱਸ ਹਰਪ੍ਰੀਤ ਸਿੰਘ ਸਹਾਇਕ ਕਿਰਤ ਕਮਿਸ਼ਨਰ ਹੁਸ਼ਿਆਰਪੁਰ, ਏਸੀਪੀ ਨਿਰਦੇਸ਼ ਕੌਰ ਲੁਧਿਆਣਾ, ਕਾਰਜਕਾਰੀ ਇੰਜਨੀਅਰ ਰਣਬੀਰ ਸਿੰਘ ਤੇ ਰਾਜਿੰਦਰ ਸਿੰਘ, ਡੀਸੀਐੱਫ਼ਏ ਪੰਕਜ ਗਰਗ, ਸੀਟੀਪੀ ਪੰਕਜ ਬਾਵਾ, ਬਾਜਵਾ ਡਿਵੈਲਪਰਜ਼ ਦੇ ਮਾਲਕ ਜਰਨੈਲ ਸਿੰਘ ਬਾਜਵਾ ਤੇ ਮੈਡੀਕਲ ਅਧਿਕਾਰੀ ਡਾ. ਨਰਿੰਦਰਪਾਲ ਸਿੰਘ ਸ਼ਾਮਲ ਹਨ। ਇਸ ਤੋਂ ਇਲਾਵਾ ਕ੍ਰਮਵਾਰ ਲੁਧਿਆਣਾ, ਫਿਰੋਜ਼ਪੁਰ ਅਤੇ ਮੁਹਾਲੀ ’ਚ ਤਾਇਨਾਤ ਬੀਡੀਪੀਓਜ਼ ਗੁਰਮੁਖ ਸਿੰਘ, ਸਰਬਜੀਤ ਸਿੰਘ ਤੇ ਕੁਲਵਿੰਦਰ ਸਿੰਘ, ਬਲਦੇਵ ਰਾਜ ਡੀਐੱਫ਼ਐੱਸਓ, ਤਹਿਸੀਲਦਾਰ ਸੁਖਚੈਨ ਸਿੰਘ ਅਤੇ ਲਖਵਿੰਦਰ ਸਿੰਘ, ਦੀਪਕ ਬਿਲਡਰਜ਼ ਦੇ ਦੀਪਕ ਕੁਮਾਰ ਸਿੰਗਲ, ਅਰਵਿੰਦਰ ਸਿੰਘ ਚੀਫ਼ ਇੰਜਨੀਅਰ, ਪਰਮਜੀਤ ਸਿੰਘ ਅਤੇ ਸਰਬਰਾਜ ਕੁਮਾਰ ਦੋਵੇਂ ਕਾਰਜਕਾਰੀ ਇੰਜਨੀਅਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।