ਢਾਈ ਕਰੋੜ ਦੀ ਠੱਗੀ ਮਾਰਨ ਵਾਲਾ ਕਾਬੂ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਜੂਨ
ਚੰਡੀਗੜ੍ਹ ਪੁਲੀਸ ਦੇ ਥਾਣਾ ਸਾਈਬਰ ਸੈੱਲ ਦੀ ਟੀਮ ਨੇ ਆਨਲਾਈਨ 2.5 ਕਰੋੜ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਵਿੱਚ ਧਰਮਿੰਦਰ ਸਿੰਘ ਵਾਸੀ ਹਾਥਰਸ, ਰਾਮ ਕਿਸ਼ਨ ਸਿੰਘ ਵਾਸੀ ਆਗਰਾ ਤੇ ਸ਼ਾਕਿਬ ਵਾਸੀ ਸਹਾਰਨਪੁਰ ਵਜੋਂ ਹੋਈ ਹੈ। ਪੁਲੀਸ ਨੇ ਇਹ ਕਰਾਵਾਈ ਸੈਕਟਰ-10 ਵਿੱਚ ਰਹਿਣ ਵਾਲੀ ਸੁਮੀਤ ਕੌਰ ਦੀ ਸ਼ਿਕਾਇਤ ’ਤੇ ਕੀਤੀ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਮੁਲਜ਼ਮਾਂ ਨੇ ਉਸ ਨੂੰ ਟਰਾਈ ਦਾ ਅਧਿਕਾਰੀ ਬਣ ਕੇ ਫੋਨ ਕੀਤਾ ਅਤੇ ਉਸ ਦੇ ਨੰਬਰ ਦੀ ਅਪਰਾਧ ਵਿੱਚ ਵਰਤੋਂ ਹੋਣ ਦੀ ਧਮਕੀ ਦਿੱਤੀ। ਇਸ ਤੋਂ ਬਾਅਦ ਪੁਲੀਸ ਅਧਿਕਾਰੀ, ਸੀਬੀਆਈ ਅਧਿਕਾਰੀ ਤੇ ਸੁਪਰੀਮ ਕੋਰਟ ਦਾ ਜੱਜ ਬਣ ਕੇ ਵੀਡੀਓ ਕਾਲ ਕੀਤੀ ਅਤੇ ਉਸ ਨੂੂੰ ਡਿਜੀਟਲ ਅਰੈਸਟ ਕਰ ਲਿਆ। ਇਸ ਦੌਰਾਨ ਮੁਲਜ਼ਮਾਂ ਨੇ ਵੱਖ-ਵੱਖ ਬੈਂਕ ਖਾਤਿਆਂ ਵਿੱਚ ਢਾਈ ਕਰੋੜ ਰੁਪਏ ਟਰਾਂਸਫਰ ਕਰਵਾ ਲਏ। ਥਾਣਾ ਸਾਈਬਰ ਸੈੱਲ ਦੀ ਟੀਮ ਨੇ ਉਕਤ ਸ਼ਿਕਾਇਤ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਤਿੰਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।