ਮੁਹਾਲੀ ਜ਼ਿਲ੍ਹੇ ਵਿੱਚ ਡੇਂਗੂ ਦੇ 20 ਹੋਰ ਮਰੀਜ਼ ਆਏ ਸਾਹਮਣੇ
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 12 ਅਕਤੂਬਰ
ਜ਼ਿਲ੍ਹਾ ਐੱਸਏਐੱਸ ਨਗਰ (ਮੁਹਾਲੀ) ਵਿੱਚ ਪੇਚਿਸ਼ ਤੋਂ ਬਾਅਦ ਹੁਣ ਡੇਂਗੂ ਦਾ ਪ੍ਰਕੋਪ ਜਾਰੀ ਹੈ। ਅੱਜ 20 ਹੋਰ ਨਵੇਂ ਮਰੀਜ਼ ਸਾਹਮਣੇ ਆਏ ਹਨ ਅਤੇ ਹੁਣ ਡੇਂਗੂ ਪੀੜਤਾਂ ਦੀ ਗਿਣਤੀ ਵਧ ਕੇ 504 ਹੋ ਗਈ ਹੈ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ ਬਰਾੜ ਨੇ ਦੱਸਿਆ ਕਿ ਮੁਹਾਲੀ ਸਣੇ ਸਮੁੱਚੇ ਜ਼ਿਲ੍ਹੇ ਅੰਦਰ 2139 ਘਰਾਂ ਦਾ ਸਰਵੇਖਣ ਕੀਤਾ ਗਿਆ ਤੇ 7269 ਕੰਟੇਨਰਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ’ਚੋਂ 57 ਕੰਟੇਨਰਾਂ ਵਿੱਚ ਡੇਂਗੂ ਦਾ ਲਾਰਵਾ ਮਿਲਿਆ ਹੈ। ਇਸ ਦੌਰਾਨ 21 ਘਰਾਂ ਦੇ ਚਲਾਨ ਕੀਤੇ ਗਏ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲ ਵਿੱਚ ਸਪੈਸ਼ਲ ਵਾਰਡ ਬਣਾਇਆ ਗਿਆ ਹੈ ਅਤੇ ਡੇਂਗੂ ਪੀੜਤਾਂ ਨੂੰ ਦਾਖ਼ਲ ਕਰਕੇ ਉਨ੍ਹਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਡੇਂਗੂ, ਚਿਕਨਗੁਨੀਆ ਅਤੇ ਮਲੇਰੀਆ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ।
ਉੱਧਰ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸਿਹਤ ਵਿਭਾਗ ਵੱਲੋਂ ਮੈਗਾ ਡਰਾਈਵ ਚਲਾਈ ਗਈ। ਇਸ ਦੌਰਾਨ ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਹਤਿੰਦਰ ਕੌਰ ਨੇ ਮੁਹਾਲੀ ਦੀ ਜੂਹ ਵਿੱਚ ਪਿੰਡ ਬਲੌਂਗੀ ਤੇ ਕਲੋਨੀਆਂ ਵਿੱਚ ਡੇਂਗੂ ਲਾਰਵੇ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿੱਢੀ ਮੁਹਿੰਮ ਦਾ ਨਿਰੀਖਣ ਕੀਤਾ।