ਅਫ਼ਗਾਨਿਸਤਾਨ ਦੇ 20 ਸਿੱਖਾਂ ਨੂੰ ਸੀਏਏ ਤਹਿਤ ਮਿਲੀ ਭਾਰਤੀ ਨਾਗਰਿਕਤਾ
ਪੱਤਰ ਪ੍ਰੇਰਕ
ਨਵੀਂ ਦਿੱਲੀ, 16 ਅਗਸਤ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਗਰਿਕਤਾ ਸੋਧ ਐਕਟ (ਸੀਏਏ) 2019 ਤਹਿਤ ਦਿੱਤੀਆਂ ਗਈਆਂ ਅਰਜ਼ੀਆਂ ਵਿਚੋਂ 20 ਨੂੰ ਮਨਜ਼ੂਰੀ ਮਿਲ ਗਈ ਹੈ। ਇਸ ਨਾਲ ਅਫ਼ਗਾਨਿਸਤਾਨ ਤੋਂ ਆਏ 20 ਸਿੱਖਾਂ ਨੂੰ ਭਾਰਤ ਦੀ ਨਾਗਰਿਕਤਾ ਮਿਲ ਗਈ ਹੈ। ਇਹ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦਿੱਤੀ। ਸੀਏਏ 2019 ਵਿਚ ਲਾਗੂ ਹੋਇਆ ਸੀ ਅਤੇ ਮਾਰਚ 2024 ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਲਾਨ ਕੀਤਾ ਸੀ ਕਿ ਪਾਕਿਸਤਾਨ, ਬੰਗਲਾਦੇਸ਼ ਅਤੇ ਅਫ਼ਗਾਨਿਸਤਾਨ ਤੋਂ ਭਾਰਤ ਆਉਣ ਵਾਲੇ ਹਿੰਦੂਆਂ, ਸਿੱਖਾਂ, ਪਾਰਸੀਆਂ, ਬੋਧੀਆਂ ਅਤੇ ਜੈਨੀਆਂ ਨੂੰ ਇਸ ਕਾਨੂੰਨ ਤਹਿਤ ਮੁਲਕ ਦੀ ਨਾਗਰਿਕਤਾ ਦਿੱਤੀ ਜਾਵੇਗੀ। ਕਾਲਕਾ ਅਤੇ ਕਾਹਲੋਂ ਨੇ ਕਿਹਾ ਕਿ ਗ੍ਰਹਿ ਮੰਤਰੀ ਨੇ ਦੱਸਿਆ ਸੀ ਕਿ ਨਾਗਰਿਕਤਾ ਪ੍ਰਾਪਤ ਕਰਨ ਦੀ ਇੱਛਾ ਰੱਖਣ ਵਾਲੇ ਲੋਕ ਆਨਲਾਈਨ ਪੋਰਟਲ ’ਤੇ ਰਜਿਸਟਰ ਕਰਵਾ ਸਕਦੇ ਹਨ, ਜਿਸ ਦੇ ਆਧਾਰ ’ਤੇ ਨਾਗਰਿਕਤਾ ਦਿੱਤੀ ਜਾਵੇਗੀ। ਦਿੱਲੀ ਗੁਰਦੁਆਰਾ ਕਮੇਟੀ ਨੇ ਫੌਰੀ ਗਣੇਸ਼ ਨਗਰ ਵਿੱਚ ਇਕ ਸੈਂਟਰ ਖੋਲ੍ਹਿਆ, ਜਿਥੇ ਕਈ ਅਰਜ਼ੀਆਂ ਰਜਿਸਟਰ ਕੀਤੀਆਂ ਗਈਆਂ ਸਨ ਜਿਨ੍ਹਾਂ ਵਿੱਚੋਂ ਹੁਣ 20 ਸਿੱਖਾਂ ਨੂੰ ਨਾਗਰਿਕਤਾ ਮਿਲ ਗਈ ਹੈ। ਉਨ੍ਹਾਂ ਕਿਹਾ ਕਿ ਜਿਹੜੇ ਦਸਤਾਵੇਜ਼ ਬਾਕੀ ਰਹਿ ਗਏ ਸਨ, ਉਹ ਪੂਰੇ ਕਰਨ ਮਗਰੋਂ 20 ਅਫ਼ਗਾਨ ਸਿੱਖਾਂ ਨੂੰ ਨਾਗਰਿਕਤਾ ਦੇ ਸਰਟੀਫਿਕੇਟ ਮਿਲ ਗਏ ਹਨ। ਕਾਲਕਾ ਅਤੇ ਕਾਹਲੋਂ ਨੇ ਕਿਹਾ ਕਿ ਹੁਣ ਇਨ੍ਹਾਂ ਲੋਕਾਂ ਨੂੰ ਭਾਰਤ ਦੇ ਹੋਰ ਨਾਗਰਿਕਾਂ ਵਾਂਗ ਸਾਰੇ ਹੱਕ ਮਿਲਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ 20 ਸਿੱਖਾਂ ਦੇ ਪਰਿਵਾਰਾਂ ਦੇ ਆਧਾਰ ਕਾਰਡ, ਪਾਸਪੋਰਟ ਅਤੇ ਹੋਰ ਸਾਰੇ ਦਸਤਾਵੇਜ਼ ਵੀ ਬਣਨਗੇ। ਉਨ੍ਹਾਂ ਦੱਸਿਆ ਕਿ 400 ਤੋਂ ਵਧ ਅਰਜ਼ੀਆਂ ਅਪਲੋਡ ਕੀਤੀਆਂ ਗਈਆਂ ਹਨ ਜਿਨ੍ਹਾਂ ਲਈ ਸੀਏਏ ਤਹਿਤ ਮੁਲਕ ਦੀ ਨਾਗਰਿਕਤਾ ਮੰਗੀ ਗਈ ਹੈ।