ਪੰਜਾਬ ’ਚ ਲੱਗਣਗੇ 20 ਹਜ਼ਾਰ ਖੇਤੀ ਸੋਲਰ ਪੰਪ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ):
ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਨੇ ਖੇਤੀਬਾੜੀ ਵਾਸਤੇ ਅਨੁਸੂਚਿਤ ਜਾਤੀ (ਐੱਸਸੀ) ਦੇ ਕਿਸਾਨਾਂ ਅਤੇ ਗ੍ਰਾਮ ਪੰਚਾਇਤਾਂ ਲਈ 5000 ਸੋਲਰ ਪੰਪ ਰਾਖਵੇਂ ਕਰਨ ਦਾ ਫ਼ੈਸਲਾ ਕੀਤਾ ਹੈ। ਅਰੋੜਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕੁਸੁਮ ਸਕੀਮ ਦੇ ਪਹਿਲੇ ਪੜਾਅ ਤਹਿਤ 20,000 ਸੋਲਰ ਪੰਪ (ਸਰਫੇਸ ਅਤੇ ਸਬਮਰਸੀਬਲ) ਲਗਾਉਣ ਸਬੰਧੀ ਸਕੀਮ ਦੀ ਸ਼ੁਰੂਆਤ ਲਈ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ 2000 ਸੋਲਰ ਪੰਪ ਸੈੱਟ ਰਾਖਵੇਂ ਰੱਖੇ ਗਏ ਹਨ, ਜਿਨ੍ਹਾਂ ਨੂੰ ਇਸ ਦੀ ਕੁੱਲ ਲਾਗਤ ’ਤੇ 80 ਫ਼ੀਸਦੀ ਸਬਸਿਡੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਗ੍ਰਾਮ ਪੰਚਾਇਤਾਂ ਲਈ 3000 ਸੋਲਰ ਪੰਪ ਰਾਖਵੇਂ ਰੱਖੇ ਗਏ ਹਨ। ਜਨਰਲ ਸ਼੍ਰੇਣੀ ਦੇ ਕਿਸਾਨਾਂ ਨੂੰ ਸੋਲਰ ਪੰਪ ਦੀ ਲਾਗਤ ਉੱਤੇ 60 ਫ਼ੀਸਦ ਸਬਸਿਡੀ ਦਿੱਤੀ ਜਾਵੇਗੀ। ਕੈਬਨਿਟ ਮੰਤਰੀ ਨੇ ਸੋਲਰ ਪੰਪਾਂ ਵਾਸਤੇ ਆਨਲਾਈਨ ਅਪਲਾਈ ਕਰਨ ਅਤੇ ਇਨ੍ਹਾਂ ਦੀ ਅਲਾਟਮੈਂਟ ਲਈ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੀ ਸਹਾਇਤਾ ਨਾਲ ਪੇਡਾ ਵੱਲੋਂ ਤਿਆਰ ਕੀਤੇ ਗਏ ਪੋਰਟਲ ਦੀ ਸਮੀਖਿਆ ਵੀ ਕੀਤੀ।