ਚੱਬੇਵਾਲ ਜ਼ਿਮਨੀ ਚੋਣ ਲਈ 205 ਟੀਮਾਂ ਪੁੱਜੀਆਂ
ਹਰਪ੍ਰੀਤ ਕੌਰ
ਹੁਸ਼ਿਆਰਪੁਰ, 19 ਨਵੰਬਰ
ਵਿਧਾਨ ਸਭਾ ਹਲਕਾ ਚੱਬੇਵਾਲ ਦੀ ਜ਼ਿਮਨੀ ਚੋਣ ਲਈ ਭਲਕੇ 20 ਨਵੰਬਰ ਨੂੰ ਪੈਣ ਵਾਲੀਆਂ ਵੋਟਾਂ ਦੇ ਮੱਦੇਨਜ਼ਰ ਅੱਜ ਚੋਣ ਅਮਲੇ ਦੀਆਂ 205 ਟੀਮਾਂ ਨੂੰ ਉਨ੍ਹਾਂ ਦੇ ਅਲਾਟ ਪੋਲਿੰਗ ਸਟੇਸ਼ਨਾਂ ਲਈ ਰਵਾਨਾ ਕੀਤਾ ਗਿਆ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਅਤੇ ਐੱਸਐੱਸਪੀ ਸੁਰੇਂਦਰ ਲਾਂਬਾ ਨੇ ਸਥਾਨਕ ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਟ ਪਹੁੰਚ ਕੇ ਚੋਣ ਅਮਲੇ ਨੂੰ ਚੋਣ ਡਿਊਟੀ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ ਦੀ ਤਾਕੀਦ ਕੀਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਲਕੇ ਵਿਚੱ ਕੁੱਲ 205 ਪੋਲਿੰਗ ਸਟੇਸ਼ਨ ਹਨ ਜਿਨ੍ਹਾਂ ਲਈ 205 ਟੀਮਾਂ ਨੂੰ ਈਵੀਐੱਮਜ਼ ਅਤੇ ਹੋਰ ਚੋਣ ਸਮੱਗਰੀ ਦੇ ਕੇ ਰਵਾਨਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੁੱਧਵਾਰ ਨੂੰ ਜ਼ਿਲ੍ਹੇ ਵਿੱਚ ਛੁੱਟੀ ਐਲਾਨੀ ਗਈ ਹੈ ਜਿਸ ਦੌਰਾਨ ਸਰਕਾਰੀ ਦਫ਼ਤਰ, ਬੋਰਡਾਂ, ਕਾਰਪੋਰੇਸ਼ਨਾਂ, ਵਿਦਿਅਕ ਅਦਾਰੇ ਬੰਦ ਰਹਿਣਗੇ। ਐੱਸਐੱਸਪੀ ਨੇ ਦੱਸਿਆ ਕਿ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਅਤੇ 1500 ਦੇ ਕਰੀਬ ਸੁਰੱਖਿਆ ਕਰਮੀ ਤਾਇਨਾਤ ਕੀਤੇ ਗਏ ਹਨ ਜਿਨ੍ਹਾਂ ਵਿੱਚੋਂ 650 ਚੱਬੇਵਾਲ ਹਲਕੇ ਵਿਚ ਡਿਊਟੀ ’ਤੇ ਰਹਿਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੁਲੀਸ ਫੋਰਸ ਗਸ਼ਤ, ਨਾਕਿਆਂ, ਨਾਈਟ ਡੋਮੀਨੇਸ਼ਨ ਅਤੇ ਚੈਕਿੰਗ ਲਈ ਵੀ ਤਾਇਨਾਤ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਹਲਕੇ ਵਿੱਚ 25 ਸੰਵੇਦਨਸ਼ੀਨ ਥਾਵਾਂ ਦੀ ਸ਼ਨਾਖਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਿਆਸੀ ਪਾਰਟੀਆਂ ਨੂੰ ਪੋਲਿੰਗ ਸਟੇਸ਼ਨ ਤੋਂ 200 ਮੀਟਰ ਦੂਰੀ ’ਤੇ ਆਪਣੇ ਪੋਲਿੰਗ ਬੂਥ ਲਗਾਉਣ ਦੀ ਹਦਾਇਤ ਕੀਤੀ ਗਈ ਹੈ।
ਡੇਰਾ ਬਾਬਾ ਨਾਨਕ ਜ਼ਿਮਨੀ ਚੋਣ: 1.93 ਲੱਖ ਵੋਟਰ ਕਰਨਗੇ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ
ਡੇਰਾ ਬਾਬਾ ਨਾਨਕ (ਦਲਬੀਰ ਸੱਖੋਵਾਲੀਆ): ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਲਈ ਵੋਟਾਂ ਭਲਕੇ 20 ਨਵੰਬਰ ਨੂੰ ਪੈ ਰਹੀਆਂ ਹਨ। ਇੱਥੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਅਤੇ ਕਾਂਗਰਸੀ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਦਰਮਿਆਨ ਮੁੱਖ ਮੁਕਾਬਲਾ ਹੈ। ਹਲਕਾ ਡੇਰਾ ਬਾਬਾ ਨਾਨਕ ਵਿੱਚ ਕੁੱਲ 1 ਲੱਖ 93 ਹਜ਼ਾਰ 376 ਵੋਟਰ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ। ਇਨ੍ਹਾਂ ਵੋਟਰਾਂ ਵਿੱਚੋਂ ਮਰਦ ਵੋਟਰ 101825, ਮਹਿਲਾਵਾਂ 91544 ਹਨ ਜਦੋਂਕਿ ਪਹਿਲੀ ਵਾਰ 6974 ਨੌਜਵਾਨ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਜ਼ਿਲ੍ਹਾ ਚੋਣ ਅਧਿਕਾਰੀ ਓਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਹਲਕੇ ਵਿੱਚ 193 ਪੋਲਿੰਗ ਲੋਕੇਸ਼ਨਾਂ ਤੇ ਕੁੱਲ 241 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਗੁਪਤਾ ਨੇ ਦੱਸਿਆ ਕਿ ਜ਼ਿਮਨੀ ਚੋਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸੇ ਤਰ੍ਹਾਂ ਜ਼ਿਮਨੀ ਚੋਣ ਨੂੰ ਮੁੱਖ ਰੱਖਦਿਆਂ 20 ਨਵੰਬਰ ਸ਼ਾਮ 6 ਵਜੇ ਤੱਕ ਅਤੇ 23 ਨਵੰਬਰ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਡਰਾਈ ਡੇਅ ਰਹੇਗਾ ਜਦੋਂਕਿ 20 ਨਵੰਬਰ ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਛੁੱਟੀ ਰਹੇਗੀ ਅਤੇ ਸੇਵਾ ਕੇਂਦਰ ਵੀ ਬੰਦ ਰਹਿਣਗੇ। ਵੋਟਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਅਤੇ ਬਟਾਲਾ ਪੁਲੀਸ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜਾਮ ਕੀਤੇ ਗਏ ਹਨ ਅਤੇ ਕਰੀਬ 3062 ਪੁਲੀਸ ਕਰਮੀ ਤਾਇਨਾਤ ਹਨ। ਇਸ ਤੋਂ ਇਲਾਵਾ 6 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ।