ਪੁਲੀਸ ਤੇ ਰੇਲਵੇ ’ਚ ਨੌਕਰੀ ਦਿਵਾਉਣ ਲਈ 21 ਲੱਖ ਠੱਗੇ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਅਕਤੂਬਰ
ਚੰਡੀਗੜ੍ਹ ਵਿੱਚ ਪੁਲੀਸ ਤੇ ਰੇਲਵੇ ਵਿਭਾਗ ਵਿੱਚ ਨੌਕਰੀ ਦਿਵਾਉਣ ਦੇ ਵੱਖ-ਵੱਖ ਮਾਮਲਿਆਂ ਵਿੱਚ 21 ਲੱਖ ਰੁਪਏ ਦੀ ਧੋਖਾਧੜੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਪੁਲੀਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਹਿਲਾ ਮਾਮਲਾ ਥਾਣਾ ਸੈਕਟਰ-3 ਦੀ ਪੁਲੀਸ ਨੇ ਸੰਜੇ ਸ਼ਰਮਾ ਵਾਸੀ ਅੰਬਾਲਾ ਦੀ ਸ਼ਿਕਾਇਤ ’ਤੇ ਆਸ਼ੀਸ਼ ਖੁਸ਼ਵਾਹ, ਨੀਰਜ ਕੁਮਾਰ ਤੇ ਹੋਰਨਾਂ ਵਿਰੁੱਧ ਦਰਜ ਕੀਤਾ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਮੁਲਜ਼ਮਾਂ ਨੇ ਉਸ ਦੇ ਪੁੱਤਰ ਨੂੰ ਚੰਡੀਗੜ੍ਹ ਪੁਲੀਸ ਵਿੱਚ ਨੌਕਰੀ ਦਿਵਾਉਣ ਦੇ ਨਾਮ ’ਤੇ 15 ਲੱਖ ਰੁਪਏ ਲੈ ਲਏ, ਪਰ ਬਾਅਦ ਵਿੱਚ ਨਾ ਤਾਂ ਨੌਕਰੀ ਦਿਵਾਈ ਅਤੇ ਨਾ ਹੀ ਉਸ ਦੇ ਰੁਪਏ ਵਾਪਸ ਕੀਤੇ ਸਨ। ਥਾਣਾ ਸੈਕਟਰ-3 ਦੀ ਪੁਲੀਸ ਨੇ ਇਸ ਮਾਮਲੇ ਸਬੰਧੀ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੂਜੇ ਮਾਮਲੇ ਵਿੱਚ ਥਾਣਾ ਸੈਕਟਰ-31 ਦੀ ਪੁਲੀਸ ਨੇ ਛੋਟੇ ਲਾਲ ਵਾਸੀ ਮੁਹਾਲੀ ਦੀ ਸ਼ਿਕਾਇਤ ’ਤੇ ਆਲੋਕ ਕੁਮਾਰ ਨਾਮ ਦੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਮੁਲਜ਼ਮ ਨੇ ਉਸ ਨੂੰ ਰੇਲਵੇ ਵਿੱਚ ਨੌਕਰੀ ਦਿਵਾਉਣ ਦੇ ਨਾਮ ’ਤੇ 6 ਲੱਖ ਰੁਪਏ ਲੈ ਲਏ ਅਤੇ ਬਾਅਦ ਵਿੱਚ ਰੇਲਵੇ ਵਿੱਚ ਨੌਕਰੀ ਦਾ ਫ਼ਰਜ਼ੀ ਨਿਯੁਕਤੀ ਪੱਤਰ ਸੌਂਪ ਦਿੱਤਾ। ਉਸ ਨੇ ਕਿਹਾ ਕਿ ਮੁਲਜ਼ਮ ਨੇ ਉਸ ਨੂੰ ਰੇਲਵੇ ਵਿੱਚ ਨੌਕਰੀ ਦਿਵਾਉਣ ਦੇ ਨਾਮ ’ਤੇ 6 ਲੱਖ ਰੁਪਏ ਦੀ ਧੋਖਾਧੜੀ ਕੀਤੀ ਹੈ। ਚੰਡੀਗੜ੍ਹ ਪੁਲੀਸ ਨੇ ਇਨ੍ਹਾਂ ਮਾਮਲਿਆਂ ਸਬੰਧੀ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੌਕਰੀ ਦਿਵਾਉਣ ਦੇ ਨਾਮ ’ਤੇ 7.5 ਲੱਖ ਰੁਪਏ ਠੱਗੇ
ਇਸੇ ਤਰ੍ਹਾਂ ਇਕ ਹੋਰ ਮਾਮਲੇ ਵਿੱਚ ਨੌਕਰੀ ਦਿਵਾਉਣ ਦੇ ਨਾਮ ’ਤੇ 7.5 ਲੱਖ ਰੁਪਏ ਦੀ ਧੋਖਾਧੜੀ ਕੀਤੀ ਗਈ ਹੈ। ਇਸ ਸਬੰਧੀ ਥਾਣਾ ਸੈਕਟਰ-31 ਦੀ ਪੁਲੀਸ ਨੇ ਜੀਂਦ ਦੇ ਰਹਿਣ ਵਾਲੇ ਨਿਤੀਨ ਦੀ ਸ਼ਿਕਾਇਤ ’ਤੇ ਅਖਿਲੇਸ਼ ਸਿੰਘ ਵਾਸੀ ਕਾਂਗੜਾ, ਹਿਮਾਚਲ ਪ੍ਰਦੇਸ਼ ਵਿਰੁੱਧ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਮੁਲਜ਼ਮ ਨੇ ਉਸ ਨੂੰ ਸਰਕਾਰੀ ਨੌਕਰੀ ਦਿਵਾਉਣ ਦੇ ਨਾਮ ’ਤੇ 7.5 ਲੱਖ ਰੁਪਏ ਲੈ ਲਏ, ਪਰ ਬਾਅਦ ਵਿੱਚ ਨਾ ਤਾਂ ਨੌਕਰੀ ਦਿਵਾਈ ਅਤੇ ਨਾ ਹੀ ਉਸ ਦੇ ਰੁਪਏ ਵਾਪਸ ਕੀਤੇ ਸਨ। ਥਾਣਾ ਸੈਕਟਰ-31 ਦੀ ਪੁਲੀਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।