ਕਿਸਾਨਾਂ ਵੱਲੋਂ 25 ਟੌਲ ਪਲਾਜ਼ੇ ਅਣਮਿੱਥੇ ਸਮੇਂ ਲਈ ਪਰਚੀ ਮੁਕਤ
* ਕੇਂਦਰ ’ਤੇ ਕਿਸਾਨ ਦੀਆਂ ਮੰਗਾਂ ਨਜ਼ਰਅੰਦਾਜ ਕਰਨ ਦਾ ਦੋਸ਼ ਲਾਇਆ
ਆਤਿਸ਼ ਗੁਪਤਾ
ਚੰਡੀਗੜ੍ਹ, 17 ਅਕਤੂਬਰ
ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਾ ਹੋਣ ’ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਸੂਬੇ ਦੇ 14 ਜ਼ਿਲ੍ਹਿਆਂ ਵਿੱਚ 25 ਟੌਲ ਪਲਾਜ਼ਿਆਂ ’ਤੇ ਅੱਜ ਪ੍ਰਦਰਸ਼ਨ ਕੀਤਾ। ਕਿਸਾਨ ਜਥੇਬੰਦੀ ਨੇ ਇਨ੍ਹਾਂ ਟੌਲ ਪਲਾਜ਼ਿਆਂ ’ਤੇ ਪੱਕਾ ਮੋਰਚਾ ਲਗਾ ਦਿੱਤਾ ਹੈ। ਇਸ ਦੇ ਨਾਲ ਹੀ ਕਿਸਾਨਾਂ ਨੇ ਟੌਲ ਪਲਾਜ਼ੇ ਅਣਮਿੱਥੇ ਸਮੇਂ ਲਈ ਪਰਚੀ ਮੁਕਤ ਕਰਵਾ ਦਿੱਤੇ ਹਨ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਇਨ੍ਹਾਂ ਮੋਰਚਿਆਂ ਵਿੱਚ ਸੈਂਕੜੇ ਔਰਤਾਂ ਅਤੇ ਨੌਜਵਾਨਾਂ ਸਮੇਤ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਤੇ ਮਜ਼ਦੂਰ ਸ਼ਾਮਲ ਹੋਏ। ਜਥੇਬੰਦੀ ਦੇ ਫ਼ੈਸਲੇ ਅਨੁਸਾਰ ਜੇ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਅਤੇ ਨਾਲੋਂ-ਨਾਲ ਚੁਕਾਈ ਸ਼ੁਰੂ ਨਹੀਂ ਹੁੰਦੀ ਹੈ ਤਾਂ ਭਲਕੇ (18 ਅਕਤੂਬਰ) ਤੋਂ ‘ਆਪ’ ਵਿਧਾਇਕਾਂ, ਸੰਸਦ ਮੈਂਬਰਾਂ ਤੇ ਮੰਤਰੀਆਂ ਅਤੇ ਭਾਜਪਾ ਦੇ ਮੁੱਖ ਆਗੂਆਂ ਦੇ ਘਰਾਂ ਮੂਹਰੇ ਪੱਕੇ ਮੋਰਚੇ ਲਾਏ ਜਾਣਗੇ। ਬੀਕੇਯੂ (ਏਕਤਾ-ਉਗਰਾਹਾਂ) ਦੇ ਆਗੂ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾਂ, ਹਰਦੀਪ ਸਿੰਘ ਟੱਲੇਵਾਲ, ਜਗਤਾਰ ਸਿੰਘ ਕਾਲਾਝਾੜ, ਜਨਕ ਸਿੰਘ ਭੁਟਾਲ, ਹਰਿੰਦਰ ਕੌਰ ਬਿੰਦੂ, ਕਮਲਜੀਤ ਕੌਰ ਬਰਨਾਲਾ ਅਤੇ ਕੁਲਦੀਪ ਕੌਰ ਕੁੱਸਾ ਸਣੇ ਹੋਰ ਆਗੂਆਂ ਨੇ ਵੱਖ-ਵੱਖ ਥਾਵਾਂ ’ਤੇ ਸੰਬੋਧਨ ਕਰਦਿਆਂ ਕਿਹਾ ਕਿ ਝੋਨੇ ਦੀ ਐੱਮਐੱਸਪੀ ’ਤੇ ਨਿਰਵਿਘਨ ਖਰੀਦ ਚਾਲੂ ਕਰਨ ਤੋਂ ਇਲਾਵਾ ਹੁਣ ਤੱਕ ਘੱਟ ਮੁੱਲ ’ਤੇ ਵਿਕੇ ਝੋਨੇ ਦੀ ਕਮੀ ਪੂਰਤੀ ਕੀਤੀ ਜਾਵੇ। ਉਨ੍ਹਾਂ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰਨ ਲਈ ਕੇਂਦਰ ਅਤੇ ਪੰਜਾਬ ਦੋਵੇਂ ਸਰਕਾਰਾਂ ਨੂੰ ਦੋਸ਼ੀ ਠਹਿਰਾਇਆ ਅਤੇ ਕਿਹਾ ਕਿ ਉਹ ਛੋਟੇ ਤੇ ਦਰਮਿਆਨੇ ਕਿਸਾਨਾਂ ਨੂੰ ਤਬਾਹ ਕਰਨ ਵਾਲੀ ਕਾਰਪੋਰੇਟ ਪੱਖੀ ਸੰਸਾਰ ਵਪਾਰ ਸੰਸਥਾ ਦੀ ਖੁੱਲ੍ਹੀ ਮੰਡੀ ਨੀਤੀ ਮੜ੍ਹਨ ’ਤੇ ਉਤਾਰੂ ਹਨ। ਉਨ੍ਹਾਂ ਕਿਹਾ ਕਿ ਇਸੇ ਸੰਸਥਾ ਦੇ ਚਹੇਤੇ ਕਾਰਪੋਰੇਟਾਂ ਦੇ ਟੌਲ ਪਲਾਜ਼ੇ ਜਾਮ ਕੀਤੇ ਗਏ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਕਈ ਥਾਵਾਂ ’ਤੇ ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਪੰਜਾਬ ਦੇ ਮੈਂਬਰਾਂ ਨੇ ਵੀ ਧਰਨਿਆਂ ਵਿੱਚ ਸ਼ਮੂਲੀਅਤ ਕੀਤੀ।