For the best experience, open
https://m.punjabitribuneonline.com
on your mobile browser.
Advertisement

ਸਿੱਧੂ ਮੂਸੇਵਾਲਾ ਕਤਲ ਕਾਂਡ ’ਚ 27 ਮੁਲਜ਼ਮਾਂ ’ਤੇ ਦੋਸ਼ ਆਇਦ

08:51 AM May 02, 2024 IST
ਸਿੱਧੂ ਮੂਸੇਵਾਲਾ ਕਤਲ ਕਾਂਡ ’ਚ 27 ਮੁਲਜ਼ਮਾਂ ’ਤੇ ਦੋਸ਼ ਆਇਦ
ਮਾਨਸਾ ਅਦਾਲਤ ’ਚੋਂ ਬਾਹਰ ਆਉਂਦੇ ਹੋਏ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ।
Advertisement

ਜੋਗਿੰਦਰ ਸਿੰਘ ਮਾਨ
ਮਾਨਸਾ, 1 ਮਈ
ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਦੇ ਕਤਲ ਦੇ ਲਗਪਗ 24 ਮਹੀਨਿਆਂ ਬਾਅਦ ਮਾਨਸਾ ਦੀ ਅਦਾਲਤ ਨੇ ਅੱਜ ਗੈਂਗਸਟਰਾਂ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਸਮੇਤ 27 ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕਰ ਦਿੱਤੇ ਹਨ। ਮਾਨਸਾ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਐੱਚਐੱਸ ਗਰੇਵਾਲ ਨੇ ਆਈਪੀਸੀ ਦੀਆਂ ਧਾਰਾਵਾਂ 302, 307, 341, 326, 148, 149, 427, 120-ਬੀ, 109, 473, 212, 201 ਅਤੇ ਹੋਰ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ ਆਇਦ ਕਰਨ ਦੇ ਹੁਕਮ ਦਿੱਤੇ ਹਨ। ਗੈਂਗਸਟਰ ਲਾਰੈਂਸ ਬਿਸ਼ਨੋਈ, ਜਗਦੀਪ ਸਿੰਘ ਉਰਫ਼ ਜੱਗੂ ਭਗਵਾਨਪੁਰੀਆ, ਮਨਪ੍ਰੀਤ ਸਿੰਘ ਉਰਫ਼ ਭਾਊ, ਸਾਰਜ ਸਿੰਘ ਉਰਫ਼ ਸਰਜ ਸੰਧੂ, ਪ੍ਰਭਦੀਪ ਸਿੰਘ ਬੱਬੀ, ਸੰਦੀਪ ਸਿੰਘ ਕੇਕੜਾ, ਪ੍ਰਿਆਵਰਤ ਫ਼ੌਜੀ, ਕਸ਼ਿਸ਼ ਉਰਫ਼ ਕੁਲਦੀਪ, ਕੇਸ਼ਵ ਕੁਮਾਰ, ਦੀਪਕ ਸ਼ੇਰਵੀ ਅਤੇ ਅਣਖੀ ਖ਼ਿਲਾਫ਼ ਅਸਲਾ ਐਕਟ ਅਤੇ ਜੇਲ੍ਹ ਐਕਟ ਜਦਕਿ ਸਚਿਨ ਭਿਵਾਨੀ, ਪਵਨ ਬਿਸ਼ਨੋਈ, ਨਸੀਬ ਦੀਨ, ਮੋਨੂੰ ਡੱਗਰ, ਚਰਨਜੀਤ ਸਿੰਘ ਉਰਫ ਚੇਤਨ, ਅਰਸ਼ਦ ਖਾਨ, ਬਿੱਟੂ ਸਿੰਘ, ਦੀਪਕ ਮੁੰਡੀ, ਰਜਿੰਦਰ ਜੋਕਰ, ਕਪਿਲ ਪੰਡਿਤ, ਮਨਪ੍ਰੀਤ ਸਿੰਘ ਉਰਫ ਮਨੀ ਰਈਆ, ਜਗਤਾਰ ਸਿੰਘ, ਜੋਗਿੰਦਰ ਸਿੰਘ ਜੋਗਾ ਅਤੇ ਸਚਿਨ ਥਾਪਨ ਉਰਫ ਸਚਿਨ ਬਿਸ਼ਨੋਈ ਖ਼ਿਲਾਫ਼ ਅਦਾਲਤ ਨੇ 20 ਮਈ ਤੋਂ ਇਸਤਗਾਸਾ ਪੱਖ ਦੇ ਸਬੂਤਾਂ ਦੀ ਸੁਣਵਾਈ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ।
ਜ਼ਿਕਰਯੋਗ ਹੈ ਕਿ ਮੂਸੇਵਾਲਾ ਦਾ 29 ਮਈ 2022 ਨੂੰ ਮਾਨਸਾ ਨੇੜਲੇ ਪਿੰਡ ਜਵਾਹਰਕੇ ਵਿੱਚ ਛੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਮੂਸੇਵਾਲਾ ਦੇ ਕਤਲ ਦੀ ਜਾਂਚ ਕਰ ਰਹੀ ਐੱਸਆਈਟੀ ਨੇ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ ਜੱਗੂ ਭਗਵਾਨਪੁਰੀਆ ਸਮੇਤ 34 ਮੁਲਜ਼ਮਾਂ ਖ਼ਿਲਾਫ਼ ਚਾਰ ਚਾਰਜਸ਼ੀਟਾਂ ਦਾਇਰ ਕੀਤੀਆਂ ਹਨ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਹ ਕਤਲ ਬਿਸ਼ਨੋਈ ਅਤੇ ਬੰਬੀਹਾ ਗੈਂਗ ਦਰਮਿਆਨ ਬਦਲੇ ਦੀ ਕਾਰਵਾਈ ਦੀ ਲੜੀ ਦਾ ਹਿੱਸਾ ਸੀ।
ਕੁੱਲ 34 ਮੁਲਜ਼ਮਾਂ ’ਚੋਂ ਪੁਲੀਸ ਨੇ 29 ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ’ਚੋਂ ਦੋ ਮਨਦੀਪ ਸਿੰਘ ਅਤੇ ਮਨਮੋਹਨ ਸਿੰਘ ਗੋਇੰਦਵਾਲ ਜੇਲ੍ਹ ਵਿੱਚ ਝੜਪ ਦੌਰਾਨ ਮਾਰੇ ਗਏ ਸਨ। ਗੋਲਡੀ ਬਰਾੜ, ਅਨਮੋਲ ਬਿਸ਼ਨੋਈ ਅਤੇ ਲਿਪਿਨ ਨਹਿਰਾ ਸਮੇਤ ਤਿੰਨ ਮੁਲਜ਼ਮ ਫਰਾਰ ਹਨ ਅਤੇ ਉਨ੍ਹਾਂ ਦੇ ਵਿਦੇਸ਼ ’ਚ ਹੋਣ ਦਾ ਖਦਸ਼ਾ ਹੈ। ਦੋ ਸ਼ੂਟਰ ਮਨਪ੍ਰੀਤ ਸਿੰਘ ਮੰਨੂ ਅਤੇ ਜਗਰੂਪ ਸਿੰਘ ਰੂਪਾ ਚਾਰਜਸ਼ੀਟ ਦਾਇਰ ਕਰਨ ਤੋਂ ਪਹਿਲਾਂ ਅੰਮ੍ਰਿਤਸਰ ਵਿੱਚ ਇੱਕ ਪੁਲੀਸ ਮੁਕਾਬਲੇ ਵਿੱਚ ਮਾਰੇ ਗਏ ਸਨ।
ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਤੀਜਾ ਸਚਿਨ 2022 ਵਿੱਚ ਜਾਅਲੀ ਪਾਸਪੋਰਟ ਦੀ ਵਰਤੋਂ ਕਰ ਕੇ ਅਜ਼ਰਬਾਇਜਾਨ ਭੱਜ ਗਿਆ ਸੀ। ਉਸ ਨੂੰ ਉੱਥੋਂ ਦੇ ਅਧਿਕਾਰੀਆਂ ਨੇ ਹਿਰਾਸਤ ਵਿੱਚ ਲੈ ਲਿਆ ਸੀ। ਭਾਰਤ ਨੂੰ ਹਵਾਲਗੀ ਤੋਂ ਬਚਣ ਲਈ ਅਜ਼ਰਬਾਇਜਾਨ ਵਿੱਚ ਕਾਨੂੰਨੀ ਲੜਾਈ ਲੜਨ ਤੋਂ ਬਾਅਦ ਉਸ ਨੂੰ ਪਿਛਲੇ ਸਾਲ ਅਗਸਤ ਵਿੱਚ ਵਾਪਸ ਭੇਜ ਦਿੱਤਾ ਗਿਆ ਸੀ।

Advertisement

ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਵੱਲੋਂ ਦਾਇਰ ਅਰਜ਼ੀਆਂ ਵੀ ਖਾਰਜ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਵਕੀਲ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਅਦਾਲਤ ਨੇ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ, ਜਗਤਾਰ ਸਿੰਘ ਮੂਸਾ ਅਤੇ ਚਰਨਜੀਤ ਸਿੰਘ ਉਰਫ਼ ਚੇਤਨ ਵੱਲੋਂ ਦਾਇਰ ਅਰਜ਼ੀਆਂ ਨੂੰ ਵੀ ਖਾਰਜ ਕਰ ਦਿੱਤਾ ਜਿਸ ਵਿੱਚ ਇਹ ਦਾਅਵਾ ਕੀਤਾ ਗਿਆ ਕਿ ਉਹ ਗਾਇਕ ਦੀ ਹੱਤਿਆ ਵਿੱਚ ਸ਼ਾਮਲ ਨਹੀਂ ਸਨ। ਗਾਇਕ ਦੇ ਕਤਲ ਦੀ ਜਾਂਚ ਕਰ ਰਹੀ ਐੱਸਆਈਟੀ (ਸਿਟ) ਨੇ ਮੁਲਜ਼ਮਾਂ ਵੱਲੋਂ ਦਾਖ਼ਲ ਅਰਜ਼ੀਆਂ ਦਾ ਵਿਰੋਧ ਕਰਦਿਆਂ ਹੇਠਲੀ ਅਦਾਲਤ ਵਿੱਚ ਆਪਣਾ ਜਵਾਬ ਦਾਖ਼ਲ ਕੀਤਾ ਅਤੇ ਦਾਅਵਾ ਕੀਤਾ ਕਿ ਉਨ੍ਹਾਂ ਖ਼ਿਲਾਫ਼ ਸਿੱਧੇ ਸਬੂਤ ਹਨ।

Advertisement
Author Image

joginder kumar

View all posts

Advertisement
Advertisement
×