‘ਭਾਈ ਤਾਰੂ ਸਿੰਘ ਦੇ ਸ਼ਹੀਦੀ ਅਸਥਾਨ ’ਤੇ ਕਬਜ਼ੇ ਖ਼ਿਲਾਫ਼ ਭਾਰਤ ਸਰਕਾਰ ਕਾਰਵਾਈ ਕਰੇ’
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 28 ਜੁਲਾਈ
ਲਾਹੌਰ ਵਿਚ ਭਾਈ ਤਾਰੂ ਸਿੰਘ ਦੇ ਸ਼ਹੀਦੀ ਅਸਥਾਨ ’ਤੇ ਕਬਜ਼ਾ ਕਰਨ ਦੇ ਮਾਮਲੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਸਰਕਾਰ ਨੂੰ ਕਬਜ਼ਾਧਾਰਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਆਖਿਆ ਹੈ ਅਤੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਸਬੰਧੀ ਵਿਦੇਸ਼ ਮੰਤਰਾਲੇ ਰਾਹੀਂ ਗੁਆਂਢੀ ਮੁਲਕ ਨਾਲ ਗੱਲਬਾਤ ਕਰੇ। ਕਈ ਹੋਰ ਸਿੱਖ ਜਥੇਬੰਦੀਆਂ ਨੇ ਵੀ ਨਾਜਾਇਜ਼ ਕਬਜ਼ੇ ਦਾ ਗੰਭੀਰ ਨੋਟਿਸ ਲਿਆ ਹੈ ਅਤੇ ਭਾਰਤ ਸਰਕਾਰ ਨੂੰ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪਾਕਿਸਤਾਨ ਵਿਚ ਸਿੱਖਾਂ ਦੇ ਕਈ ਇਤਿਹਾਸਕ ਗੁਰਦੁਆਰੇ ਹਨ, ਜਨਿ੍ਹਾਂ ਨਾਲ ਸਮੁੱਚੇ ਸਿੱਖਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਇ ਨ੍ਹਾਂ ਵਿੱਚੋਂ ਹੀ ਇਕ ਭਾਈ ਤਾਰੂ ਸਿੰਘ ਦਾ ਸ਼ਹੀਦੀ ਅਸਥਾਨ ਵੀ ਹੈ, ਜਨਿ੍ਹਾਂ ਨੇ ਹੱਕ-ਸੱਚ ਲਈ ਕੁਰਬਾਨੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਸ਼ਹੀਦੀ ਅਸਥਾਨ ’ਤੇ ਕੁਝ ਲੋਕਾਂ ਵਲੋਂ ਕਬਜ਼ਾ ਕਰਕੇ ਸਿੱਖ ਭਾਵਨਾਵਾਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ, ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਮਾਮਲੇ ਦੀ ਨਿਖੇਧੀ ਕਰਦਿਆਂ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕਬਜ਼ਾਧਾਰਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਕਬਜ਼ਾ ਕਰਨ ਵਾਲੇ ਸੁਹੇਲ ਭੱਟ ਨਾਂ ਦੇ ਵਿਅਕਤੀ ਵਲੋਂ ਸਿੱਖਾਂ ਨੂੰ ਧਮਕੀਆਂ ਦਿੱਤੇ ਜਾਣ ਦੀ ਵੀ ਨਿੰਦਾ ਕੀਤੀ ਹੈ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਸਬੰਧੀ ਵਿਦੇਸ਼ ਮੰਤਰਾਲੇ ਰਾਹੀਂ ਪਾਕਿਸਤਾਨ ਨਾਲ ਗੱਲਬਾਤ ਕਰਕੇ ਮਸਲਾ ਹੱਲ ਕੀਤਾ ਜਾਵੇ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਵੀ ਟਵੀਟ ਕਰਕੇ ਇਸ ਮਾਮਲੇ ’ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ ਅਤੇ ਭਾਰਤ ਸਰਕਾਰ ਨੂੰ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।
ਕੈਪਟਨ ਵਲੋਂ ਵਿਦੇਸ਼ ਮੰਤਰੀ ਨੂੰ ਕਾਰਵਾਈ ਦੀ ਅਪੀਲ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਸ਼ਲ ਮੀਡੀਆ ਰਾਹੀਂ ਵਿਦੇਸ਼ ਮੰਤਰਾਲੇ ਨੂੰ ਲਾਹੌਰ ਵਿਚ ਭਾਈ ਤਾਰੂ ਸਿੰਘ ਦੇ ਸ਼ਹੀਦੀ ਅਸਥਾਨ ’ਤੇ ਕਬਜ਼ਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਊਨ੍ਹਾਂ ਟਵੀਟ ਰਾਹੀਂ ਭਾਰਤ ਦੇ ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਐੱਸ. ਜੈਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਵਿਚ ਭਾਰਤ ਸਰਕਾਰ ਵਲੋਂ ਪਾਕਿਸਤਾਨ ਸਰਕਾਰ ਕੋਲ ਸਖ਼ਤ ਰੋਸ ਦਰਜ ਕਰਵਾਇਆ ਜਾਵੇ। ਉਨ੍ਹਾਂ ਨੇ ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ਦੇ ਅਸਥਾਨ ’ਤੇ ਕਬਜ਼ਾ ਕਰਨ ਵਾਲਿਆਂ ਦੀ ਨਿੰਦਾ ਕੀਤੀ ਹੈ। ਕਾਂਗਰਸੀ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਆਖਿਆ ਕਿ ਪਾਕਿਸਤਾਨ ਵਿਚ ਕੁਝ ਲੋਕ ਭਾਰਤ ਨਾਲ ਆਪਸੀ ਸਾਂਝ ਅਤੇ ਰਿਸ਼ਤਿਆਂ ਨੂੰ ਕਾਇਮ ਨਹੀਂ ਰੱਖਣਾ ਚਾਹੁੰਦੇ। ਇਹ ਉਹੀ ਲੋਕ ਹਨ, ਜੋ ਘੱਟ ਗਿਣਤੀਆਂ ’ਤੇ ਵਧੀਕੀ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਗੁਰਦੁਆਰੇ ’ਤੇ ਕਬਜ਼ਾ ਕਰਕੇ ਇਸ ਨੂੰ ਮਸਜਿਦ ਵਿਚ ਬਦਲਣ ਦਾ ਯਤਨ ਕਰਨ ਵਾਲਿਆਂ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ।
ਸੁਖਬੀਰ ਵੱਲੋਂ ਸ਼ਹੀਦੀ ਅਸਥਾਨ ਨੂੰ ਮਸਜਿਦ ’ਚ ਬਦਲਣ ਦੇ ਯਤਨਾਂ ਦੀ ਨਿਖੇਧੀ
ਚੰਡੀਗੜ੍ਹ (ਟ੍ਰਬਿਿਊਨ ਨਿਊਜ਼ ਸਰਵਿਸ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲਾਹੌਰ ਸਥਿਤ ਭਾਈ ਤਾਰੂ ਸਿੰਘ ਦੇ ਸ਼ਹੀਦੀ ਅਸਥਾਨ ਨੂੰ ਮਸਜਿਦ ਵਿਚ ਬਦਲਣ ਦੇ ਯਤਨਾਂ ਦੀ ਨਿਖੇਧੀ ਕੀਤੀ ਹੈ ਤੇ ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਐੱਸ. ਜੈਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਇਹ ਮਾਮਲਾ ਪਾਕਿਸਤਾਨ ਸਰਕਾਰ ਕੋਲ ਉਠਾਇਆ ਜਾਵੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸ ਪਵਿੱਤਰ ਅਸਥਾਨ ਦਾ ਸਰੂਪ ਕਿਸੇ ਵੀ ਤਰੀਕੇ ਬਦਲਿਆ ਨਾ ਜਾਵੇ। ਇਕ ਬਿਆਨ ਰਾਹੀਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਤੋਂ ਸਪੱਸ਼ਟ ਭਰੋਸਾ ਲਿਆ ਜਾਣਾ ਚਾਹੀਦਾ ਹੈ ਕਿ ਸ਼ਹੀਦੀ ਅਸਥਾਨ ਦੀ ਯਾਦਗਾਰ, ਜੋ ਗੁਰਦੁਆਰਾ ਸਾਹਿਬ ਦੇ ਰੂਪ ਵਿਚ ਹੈ, ਨੂੰ ਮਸਜਿਦ ਵਿਚ ਬਦਲਣ ਦੀ ਆਗਿਆ ਨਾ ਦਿੱਤੀ ਜਾਵੇ ਅਤੇ ਅਜਿਹੇ ਯਤਨ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।