ਮਾਛੀਵਾੜਾ ਦੇ ਵਿਕਾਸ ਕਾਰਜਾਂ ਲਈ ਖਰਚੇ ਜਾਣਗੇ 4 ਕਰੋੜ: ਦਿਆਲਪੁਰਾ
ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 18 ਨਵੰਬਰ
ਆਮ ਆਦਮੀ ਪਾਰਟੀ ਵਲੋਂ ਨਗਰ ਕੌਂਸਲ ਚੋਣਾਂ ਦੀਆਂ ਤਿਆਰੀਆਂ ਸਬੰਧੀ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਹੈ ਜਿਸ ਤਹਿਤ ਵਾਰਡ ਨੰ. 12 ਦੀ ਇੱਕ ਮੀਟਿੰਗ ‘ਆਪ’ ਆਗੂ ਮੋਹਿਤ ਕੁੰਦਰਾ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਵਿਸ਼ੇਸ਼ ਤੌਰ ’ਤੇ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਦਾ ਉਦੇਸ਼ ਸੂਬੇ ਦਾ ਵਿਕਾਸ ਕਰਵਾਉਣਾ ਹੈ ਜਿਸ ਤਹਿਤ ਇਤਿਹਾਸਕ ਸ਼ਹਿਰ ਮਾਛੀਵਾੜਾ ਦੇ ਵਿਕਾਸ ਕਾਰਜਾਂ ਲਈ ਨਗਰ ਕੌਂਸਲ ਵੱਲੋਂ 4 ਕਰੋੜ ਰੁਪਏ ਦੇ ਟੈਂਡਰਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਜਲਦ ਹੀ ਨਿਰਮਾਣ ਕਾਰਜ ਸ਼ੁਰੂ ਕਰਵਾ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਦੀ ਚਰਨ ਛੋਹ ਪ੍ਰਾਪਤ ਧਰਤੀ ਦੀ ਦਿੱਖ ਨੂੰ ਸੁੰਦਰ ਬਣਾਉਣ ਲਈ ‘ਆਪ’ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ। ਵਿਧਾਇਕ ਨੇ ਕਿਹਾ ਕਿ ਉਨ੍ਹਾਂ ਵਲੋਂ ਹਰੇਕ ਵਾਰਡ ਵਿਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਹੋਣ ਵਾਲੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਲੈ ਰਹੇ ਹਨ ਤਾਂ ਜੋ ਉਨ੍ਹਾਂ ਦੀ ਮੰਗ ਅਨੁਸਾਰ ਇਹ ਸਾਰੇ ਕੰਮ ਹੋ ਸਕਣ। ਉਨ੍ਹਾਂ ਕਿਹਾ ਕਿ ਉਹ ਪਿਛਲੀਆਂ ਸਰਕਾਰਾਂ ਵਾਂਗ ਝੂਠੇ ਵਾਅਦੇ ਨਹੀਂ ਕਰਨਗੇ ਅਤੇ ਜੋ ਵਿਕਾਸ ਕਾਰਜ ਜਾਂ ਸਮੱਸਿਆ ਹੱਲ ਹੋਣ ਵਾਲੀ ਹੋਵੇਗੀ ਉਹ ਪਹਿਲ ਦੇ ਅਧਾਰ ’ਤੇ ਕਰਵਾਉਣਗੇ। ਇਸ ਮੌਕੇ ਵਾਰਡ ਨੰ. 12 ਦੇ ਲੋਕਾਂ ਨੇ ਜਿੱਥੇ ਕੁਝ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਉੱਥੇ ਇਹ ਵੀ ਭਰੋਸਾ ਦਿੱਤਾ ਕਿ ਇਸ ਵਾਰਡ ਤੋਂ ‘ਆਪ’ ਆਗੂ ਮੋਹਿਤ ਕੁੰਦਰਾ ਨੂੰ ਚੋਣ ਮੈਦਾਨ ਵਿਚ ਉਤਾਰਿਆ ਜਾਵੇ ਤਾਂ ਉਹ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ।