ਅੰਤਰਰਾਜੀ ਵਾਹਨ ਚੋਰ ਗਰੋਹ ਦੇ 4 ਮੈਂਬਰ ਗ੍ਰਿਫ਼ਤਾਰ
ਆਤਿਸ਼ ਗੁਪਤਾ
ਚੰਡੀਗੜ੍ਹ, 19 ਜੁਲਾਈ
ਚੰਡੀਗੜ੍ਹ ਤੇ ਪੰਜਾਬ ’ਚ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ ਸਥਾਨਕ ਪੁਲੀਸ ਨੇ ਇਕ ਨਾਬਾਲਗ ਸਣੇ 4 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਤੋਂ ਪੁਲੀਸ ਨੇ ਚੋਰੀ ਦੇ 25 ਦੋਪਹੀਆ ਵਾਹਨ ਬਰਾਮਦ ਕੀਤੇ ਹਨ। ਇਸ ਗਰੋਹ ਦੇ ਮੈਂਬਰਾਂ ਦੇ ਕਾਬੂ ਕੀਤੇ ਜਾਣ ਨਾਲ ਪੁਲੀਸ ਨੇ ਸ਼ਹਿਰ ਦੇ ਵੱਖ-ਵੱਖ ਥਾਣਿਆਂ ਵਿੱਚ ਦਰਜ 11 ਕੇਸ ਸੁਲਝਾਅ ਲਏ ਹਨ। ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮੱਖਣ ਸਿੰਘ (22), ਗੁਰਵਿੰਦਰ ਸਿੰਘ (24) ਤੇ ਬਲਜਿੰਦਰ ਸਿੰਘ (23) ਵਾਸੀਆਨ ਫਿਰੋਜ਼ਪੁਰ ਵਜੋਂ ਹੋਈ ਹੈ। ਇਸ ਗੱਲ ਦਾ ਪ੍ਰਗਟਾਵਾ ਐੱਸਐੱਸਪੀ ਕੰਵਰਦੀਪ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ।
ਐੱਸਐੱਸਪੀ ਨੇ ਕਿਹਾ ਕਿ ਥਾਣਾ ਸਾਰੰਗਪੁਰ ਦੀ ਪੁਲੀਸ ਨੇ ਪਿੰਡ ਖੁੱਡਾ ਲਾਹੌਰਾ ਵਿੱਚ ਨਾਕਾਬੰਦੀ ਦੌਰਾਨ ਮੋਟਰਸਾਈਕਲ ’ਤੇ ਜਾ ਰਹੇ ਮੱਖਣ ਸਿੰਘ, ਗੁਰਵਿੰਦਰ ਸਿੰਘ ਤੇ ਇਕ ਨਾਬਾਲਗ ਨੂੰ ਰੋਕ ਕੇ ਜਾਂਚ ਕੀਤੀ ਤਾਂ ਮੋਟਰਸਾਈਕਲ ਚੋਰੀ ਦਾ ਨਿਕਲਿਆ। ਪੁਲੀਸ ਨੇ ਤਿੰਨਾਂ ਵਿਰੁੱਧ ਕੇਸ ਦਰਜ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਅਤੇ ਤਿੰਨ ਦਨਿਾਂ ਦਾ ਪੁਲੀਸ ਰਿਮਾਂਡ ਲੈ ਕੇ ਪੁੱਛ-ਪੜਤਾਲ ਕੀਤੀ। ਪੁਲੀਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਮੁਲਜ਼ਮ ਚੰਡੀਗੜ੍ਹ ਤੇ ਪੰਜਾਬ ਦੇ ਇਲਾਕੇ ਵਿੱਚੋਂ ਮੋਟਰਸਾਈਕਲ ਚੋਰੀ ਕਰਦੇ ਹਨ ਅਤੇ ਫਿਰੋਜ਼ਪੁਰ ਵਿੱਚ ਵੇਚ ਦਿੰਦੇ ਸਨ।
ਚੰਡੀਗੜ੍ਹ ਦੀ ਐੱਸਐੱਸਪੀ ਨੇ ਕਿਹਾ ਕਿ ਮੁਲਜ਼ਮ ਲੁਧਿਆਣਾ ਦੇ ਹੋਟਲ ਵਿੱਚ ਕੰਮ ਕਰਦੇ ਹਨ, ਜੋ ਕਿ ਰੇਲਗੱਡੀ ਵਿੱਚ ਚੰਡੀਗੜ੍ਹ ਆਉਂਦੇ ਸਨ ਅਤੇ ਦੋਪਹੀਆ ਵਾਹਨਾਂ ਨੂੰ ਚੋਰੀ ਕਰਕੇ ਫਰਾਰ ਹੋ ਜਾਂਦੇ ਸਨ। ਪੁਲੀਸ ਨੇ ਮੁਲਜ਼ਮਾਂ ਤੋਂ ਪੁੱਛ-ਪੜਤਾਲ ਦੇ ਆਧਾਰ ’ਤੇ ਲੁਧਿਆਣਾ, ਫਿਰੋਜ਼ਪੁਰ ਅਤੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਦੀਆਂ ਪਾਰਕਿੰਗਾਂ ਵਿੱਚ ਖੜ੍ਹੇ 24 ਮੋਟਰਸਾਈਕਲ ਬਰਾਮਦ ਕੀਤੇ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ 25 ਵਿੱਚੋਂ 11 ਮਾਮਲੇ ਚੰਡੀਗੜ੍ਹ ਨਾਲ ਸਬੰਧਤ ਹਨ, ਜਨਿ੍ਹਾਂ ਨੂੰ ਸੁਲਝਾ ਲਿਆ ਹੈ। ਜਦੋਂ ਕਿ ਬਾਕੀ 14 ਵਾਹਨਾਂ ਨਾਲ ਸਬੰਧਤ ਕੇਸਾਂ ਲਈ ਪੰਜਾਬ ਪੁਲੀਸ ਨਾਲ ਸੰਪਰਕ ਕੀਤਾ ਜਾ ਰਿਹਾ ਹੈ।
ਮੋਟਰਸਾਈਕਲ ਗਰੋਹ ਦੇ ਦੋ ਮੈਂਬਰ ਕਾਬੂ; ਅੱਠ ਦੋ ਪਹੀਆ ਵਾਹਨ ਬਰਾਮਦ
ਕੁਰਾਲੀ (ਪੱਤਰ ਪ੍ਰੇਰਕ): ਪੁਲੀਸ ਨੇ ਸਥਾਨਕ ਸ਼ਹਿਰ ਵਿੱਚ ਪਿਛਲੇ ਕੁਝ ਦਨਿਾਂ ਤੋਂ ਸਰਗਰਮ ਮੋਟਰਾਸਾਈਕਲ ਚੋਰ ਗਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰਕੇ 8 ਦੋ ਪਹੀਆ ਵਾਹਨ ਬਰਾਮਦ ਕੀਤੇ ਹਨ। ਮੁਲਜ਼ਮਾਂ ਦੀ ਪਛਾਣ ਰੋਹਿਤ ਵਾਸੀ ਸੋਤਲ ਅਤੇ ਨਿਰਮਲ ਕੌਰ ਵਾਸੀ ਦੇਦਰਾ ਵਜੋਂ ਹੋਈ ਹੈ। ਸਥਾਨਕ ਥਾਣਾ ਸਿਟੀ ਦੇ ਐੱਸਐੱਚਓ ਗਗਨਦੀਪ ਸਿੰਘ ਨੇ ਦੱਸਿਆ ਕਿ ਪੁਲੀਸ ਟੀਮ ਨੇ ਸ਼ਹਿਰ ਦੀ ਬਡਾਲੀ ਰੋਡ ’ਤੇ ਨਾਕਾਬੰਦੀ ਦੌਰਾਨ ਇੱਕ ਮੋਟਰਸਾਈਕਲ ਨੂੰ ਰੋਕ ਦੇ ਜਦੋਂ ਚੈੱਕ ਕੀਤਾ ਗਿਆ ਤਾਂ ਚਾਲਕ ਮੋਟਰਸਾਈਕਲ ਦੇ ਦਸਤਾਵੇਜ਼ ਨਾ ਦਿਖਾ ਸਕਿਆ। ਸ਼ੱਕ ਪੈਣ ’ਤੇ ਜਦੋਂ ਜਾਂਚ ਕੀਤੀ ਗਈ ਤਾਂ ਮੋਟਰਸਾਈਕਲ ਦਾ ਨੰਬਰ ਗਲਤ ਤੇ ਇਹ ਮੋਟਰਸਾਈਕਲ ਚੋਰੀ ਦਾ ਨਿਕਲਿਆ। ਪੁਲੀਸ ਵਲੋਂ ਮੋਟਰਸਾਈਕਲ ’ਤੇ ਸਵਾਰ ਨੌਜਵਾਨ ਤੇ ਮਹਿਲਾ ਨੂੰ ਹਿਰਾਸਤ ਵਿੱਚ ਲੈ ਕੇ ਪੁੱਛ ਪੜਤਾਲ ਕਰਨ ’ਤੇ ਪਤਾ ਲੱਗਿਆ ਕਿ ਉਹ ਦੋਵੇਂ ਮੋਟਰਸਾਈਕਲ ਚੋਰ ਗਰੋਹ ਦੇ ਮੈਂਬਰ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦਾ ਇੱਕ ਹੋਰ ਤੀਜਾ ਸਾਥੀ ਦੀਪਕ ਹਾਲੇ ਫਰਾਰ ਹੈ। ਥਾਣਾ ਮੁਖੀ ਗਗਨਦੀਪ ਸਿੰਘ ਨੇ ਦੱਸਿਆ ਕਿ ਪੁੱਛ ਪੜਤਾਲ ਦੌਰਾਨ ਮੁਲਜ਼ਮਾਂ ਕੋਲੋਂ ਛੇ ਸਪਲੈਂਡਰ ਮੋਟਰਸਾਈਕਲ, ਇੱਕ ਪਲੈਟਨਿਾ ਮੋਟਰਸਾਈਕਲ ਅਤੇ ਇੱਕ ਐਕਟਿਵਾ ਸਕੂਟਰ ਬਰਾਮਦ ਕੀਤਾ ਗਿਆ ਹੈ।