ਸਰਬਸੰਮਤੀ ਨਾਲ ਚੁਣੀਆਂ 41 ਪੰਚਾਇਤਾਂ ਦਾ ਹਲਕਾ ਵਿਧਾਇਕ ਵੱਲੋਂ ਸਨਮਾਨ
ਮਿਹਰ ਸਿੰਘ
ਕੁਰਾਲੀ, 12 ਅਕਤੂਬਰ
ਕੁਰਾਲੀ ਵਿੱਚ ਹੋਏ ਹਲਕਾ ਪੱਧਰੀ ਸਮਾਗਮ ਦੌਰਾਨ ਹਲਕਾ ਵਿਧਾਇਕਾ ਅਨਮੋਲ ਗਗਨ ਮਾਨ ਨੇ ਅੱਜ ਹਲਕੇ ਦੀਆਂ ਸਰਬਸੰਮਤੀ ਨਾਲ ਚੁਣੀਆਂ ਗਈਆਂ 41 ਪੰਚਾਇਤਾਂ ਦਾ ਸਨਮਾਨ ਕੀਤਾ। ਇਸ ਮੌਕੇ ਉਨ੍ਹਾਂ ਸਰਬਸੰਮਤੀ ਨਾਲ ਪੰਚਾਇਤਾਂ ਚੁਣਨ ਵਾਲੇ ਹਲਕੇ ਦੇ ਪਿੰਡਾਂ ਦੀ ਸ਼ਲਾਘਾ ਕੀਤੀ ਅਤੇ ਹਲਕੇ ਦੇ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਦੁਹਰਾਈ। ਸਮਾਗਮ ਦੌਰਾਨ ਪੰਚਾਇਤਾਂ ਦਾ ਸਨਮਾਨ ਕਰਦਿਆਂ ਵਿਧਾਇਕਾ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਹਲਕੇ ਦੀਆਂ ਸਮੂਹ 136 ਵਿੱਚੋਂ 41 ਪੰਚਾਇਤਾਂ ਬਿਨਾਂ ਮੁਕਾਬਲਾ ਚੁਣੀਆਂ ਗਈਆਂ ਹਨ ਅਤੇ ਗੁੱਟਬੰਦੀ ਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਵਿਕਾਸ ਦੇ ਏਜੰਡੇ ਵਿੱਚ ਉਨ੍ਹਾਂ ਦੇ ਵਿਸ਼ਵਾਸ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਕਿਹਾ ਕਿ ਨਿਰਵਿਰੋਧ ਬਣੀਆਂ ਪੰਚਾਇਤਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿੱਚ ਰੱਖ ਕੇ ਸ਼ਾਨਦਾਰ ਤਬਦੀਲੀਆਂ ਲਿਆਉਣ ਲਈ ਯਤਨਸ਼ੀਲ ਹੋਣ। ਪੰਚਾਇਤਾਂ ਦਾ ਇੱਕੋ-ਇੱਕ ਟੀਚਾ ਸੌੜੀ ਸਿਆਸਤ ਤੋਂ ਉੱਪਰ ਉੱਠ ਕੇ ਆਪਣੇ ਪਿੰਡਾਂ ਦਾ ਵਿਕਾਸ ਹੋਣਾ ਚਾਹੀਦਾ ਹੈ। ਉਨ੍ਹਾਂ ਪੰਚਾਇਤਾਂ ਨੂੰ ਸਰਬਸੰਮਤੀ ਨਾਲ ਚੋਣਾਂ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਐਲਾਨੀ ਗਰਾਂਟ ਮੁਹੱਈਆ ਦਾ ਭਰੋਸਾ ਦਿੰਦਿਆਂ ਕਿਹਾ ਕਿ ਸਰਬਸੰਮਤੀ ਨਾਲ ਚੋਣ ਕਰਨ ਨਾਲ ਪਿੰਡਾਂ ਵਿੱਚ ਸਦਭਾਵਨਾ ਅਤੇ ਏਕਤਾ ਵਧਦੀ ਹੈ। ਉਨ੍ਹਾਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਵਾਸੀਆਂ ਦਾ ਵਿਸ਼ਵਾਸ ਕਾਇਮ ਰੱਖਦਿਆਂ ਇਮਾਨਦਾਰੀ ਨਾਲ ਕੰਮ ਕਰਨ। ਇਸ ਮੌਕੇ ਕੌਂਸਲਰ ਬਹਾਦਰ ਸਿੰਘ ਓਕੇ, ਚੇਅਰਮੈਨ ਹਰੀਸ਼ ਰਾਣਾ, ‘ਆਪ’ ਆਗੂ ਬਲਵਿੰਦਰ ਸਿੰਘ ਝਿੰਗੜਾਂ, ਹਰਜੀਤ ਸਿੰਘ ਟੱਪਰੀਆਂ, ਗੁਰਿੰਦਰ ਸਿੰਘ ਖਿਜ਼ਰਾਬਾਦ ਅਤੇ ਹੋਰ ਆਗੂ ਹਾਜ਼ਰ ਸਨ।
ਖਰੜ ਵਿੱਚ ਅੱਠ ਕਰੋੜ ਰੁਪਏ ਦੇ ਸੜਕੀ ਪ੍ਰਾਜੈਕਟ ਦੀ ਸ਼ੁਰੂਆਤ
ਖਰੜ (ਪੱਤਰ ਪ੍ਰੇਰਕ): ਖਰੜ ਦੀ ਵਿਧਾਇਕਾ ਅਨਮੋਲ ਗਗਨ ਮਾਨ ਨੇ ਸੜਕਾਂ ਦੇ ਨਵ-ਨਿਰਮਾਣ ਦੀ ਸ਼ੁਰੂਆਤ ਕੀਤੀ। ਇਸ ਪ੍ਰਾਜੈਕਟ ਵਿੱਚ ਲੁੱਕ ਅਤੇ ਟਾਈਲਾਂ ਨਾਲ ਬਣਨ ਵਾਲੀਆਂ ਸੜਕਾਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸੰਨੀ ਐਨਕਲੇਵ (ਐੱਮਸੀ ਅਧੀਨ ਖੇਤਰ) ਅਤੇ ਵਾਰਡ ਨੰਬਰ 1, 23, 24 ਤੇ 25 ਨੂੰ ਕਵਰ ਕਰਦੇ ਹੋਏ ਕੁੱਲ ਅੱਠ ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਦਾ ਲਗਪਗ 22 ਕਿਲੋਮੀਟਰ ਦਾ ਪ੍ਰਾਜੈਕਟ ਪੂਰਾ ਕੀਤਾ ਜਾਵੇਗਾ।