ਜ਼ਿਲ੍ਹਾ ਸੰਗਰੂਰ ’ਚ 422 ਸਰਪੰਚਾਂ ਤੇ 3114 ਪੰਚਾਂ ਦੀ ਹੋਵੇਗੀ ਚੋਣ
ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹਾ ਸੰਗਰੂਰ ਵਿੱਚ 422 ਗ੍ਰਾਮ ਪੰਚਾਇਤਾਂ ਹਨ, ਜਿਨ੍ਹਾਂ ਵਿੱਚ 422 ਸਰਪੰਚਾਂ ਅਤੇ 3114 ਪੰਚਾਂ ਦੀ ਚੋਣ ਹੋਵੇਗੀ। ਜ਼ਿਲ੍ਹਾ ਸੰਗਰੂਰ ’ਚ 6 ਲੱਖ, 84 ਹਜ਼ਾਰ, 442 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ, ਪੰਜਾਬ, ਚੰਡੀਗੜ੍ਹ ਵੱਲੋਂ ਜ਼ਿਲ੍ਹੇ ਵਿੱਚ ਗ੍ਰਾਮ ਪੰਚਾਇਤ ਚੋਣਾਂ ਕਰਾਉਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਅੱਜ ਤੋਂ ਨਾਮਜ਼ਦਗੀ ਪੱਤਰ ਪ੍ਰਾਪਤ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਪ੍ਰਕਿਰਿਆ 4 ਅਕਤੂਬਰ 2024 ਤੱਕ ਚੱਲੇਗੀ ਤੇ ਉਮੀਦਵਾਰਾਂ ਤੋਂ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾਣਗੇ। ਜ਼ਿਲ੍ਹਾ ਚੋਣਕਾਰ ਅਫਸਰ ਨੇ ਦੱਸਿਆ ਕਿ 5 ਅਕਤੂਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਤੇ 07 ਅਕਤੂਬਰ ਨੂੰ ਦੁਪਹਿਰ 3.00 ਵਜੇ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 422 ਸਰਪੰਚਾਂ ਤੇ 3114 ਪੰਚਾਂ ਦੀ ਚੋਣ ਹੋਵੇਗੀ। ਸੁਖਚੈਨ ਸਿੰਘ ਪਾਪੜਾ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ, ਸੰਗਰੂਰ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਜ਼ਿਲ੍ਹੇ ਵਿੱਚ 787 ਪੋਲਿੰਗ ਬੂਥ ਬਣਾਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 49 ਕਲਸਟਰ ਬਣਾਏ ਗਏ ਹਨ, ਜਿਨ੍ਹਾਂ ਵਿੱਚ 98 ਰਿਟਰਨਿੰਗ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਲਗਾਏ ਹਨ।