ਬੇਅਦਬੀ ਮਾਮਲੇ ’ਚ ਦੋਸ਼ੀ ਨੂੰ 5 ਸਾਲ ਦੀ ਕੈਦ
ਡਾ.ਹਿਮਾਂਸੂ ਸੂਦ
ਫ਼ਤਹਿਗੜ੍ਹ ਸਾਹਿਬ, 5 ਨਵੰਬਰ
ਜ਼ਿਲ੍ਹੇ ਦੇ ਪਿੰਡ ਤਰਖਾਣ ਮਾਜਰਾ ਅਤੇ ਜੱਲਾ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਵਿਅਕਤੀ ਨੂੰ ਅੱਜ ਸ਼ਾਮ ਫ਼ਤਹਿਗੜ੍ਹ ਸਾਹਿਬ ਅਦਾਲਤ ਦੇ ਚੀਫ਼ ਜੂਡੀਸ਼ੀਅਲ ਮੈਜਿਸਟਰੇਟ ਜਗਬੀਰ ਸਿੰਘ ਮਹਿੰਦੀਰੱਤਾ ਨੇ ਪੰਜ ਸਾਲ ਦੀ ਕੈਦ ਅਤੇ ਦਸ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।
ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਦੱਸਿਆ ਕਿ ਇਸ ਮਾਮਲੇ ਵਿਚ ਪਿੰਡ ਤਰਖਾਣ ਮਾਜਰਾ ਦੇ ਮਨਜੋਤ ਸਿੰਘ ਅਤੇ ਉਸ ਸਮੇਂ ਦੇ ਪਿੰਡ ਜੱਲ੍ਹਾ ਦੇ ਸਰਪੰਚ ਮੁਦਈ ਧਿਰ ਦੇ ਨਾਲ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਇਸ ਮਾਮਲੇ ਵਿਚ ਕੇਸ ਦੀ ਉਨ੍ਹਾਂ ਵਲੋਂ ਕੀਤੀ ਪੈਰਵੀ ਦੌਰਾਨ ਪੂਰਨ ਸਹਿਯੋਗ ਦਿੱਤਾ ਗਿਆ। ਇਸ ਸਦਕਾ ਅਦਾਲਤ ਨੇ ਇਹ ਇਤਿਹਾਸਕ ਫ਼ੈਸਲਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਪੁਲੀਸ ਨੇ ਤਹਿਸੀਲ ਨਾਭਾ ਦੇ ਪਿੰਡ ਬਿਰੜਵਾਲ ਦੇ ਵਸਨੀਕ ਸਹਿਜਵੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ ਜਿਸ ’ਤੇ ਦੋਸ਼ ਸੀ ਕਿ ਉਸ ਨੇ 12-10-2020 ਨੂੰ ਪਿੰਡ ਤਰਖਾਣ ਮਾਜਰਾ ਅਤੇ ਪਿੰਡ ਜੱਲਾ ਦੇ ਗੁਰਦੁਆਰੇ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬੇਅਦਬੀ ਕੀਤੀ ਸੀ।
ਇਸ ਮਾਮਲੇ ਵਿੱਚ ਸਹਿਜਵੀਰ ਖ਼ਿਲਾਫ਼ ਥਾਣਾ ਸਰਹਿੰਦ ਵਿੱਚ ਕੇਸ ਦਰਜ ਕੀਤਾ ਗਿਆ ਸੀ। ਇੱਥੇ ਇਹ ਵਰਨਣਯੋਗ ਹੈ ਕਿ ਦੋਸ਼ੀ ਮੌਜੂਦਾ ਸਮੇਂ ਨਾਭਾ ਜੇਲ੍ਹ ਵਿੱਚ ਬੰਦ ਹੈ।