ਕਾਹਲੋਂ ਡਿਵੈਲਪਰਜ਼ ਵੱਲੋਂ 66 ਕਰੋੜ ਦੇ ਪ੍ਰਾਜੈਕਟ ਦੀ ਸ਼ੁਰੂਆਤ
ਖੇਤਰੀ ਪ੍ਰਤੀਨਿਧ
ਲੁਧਿਆਣਾ, 3 ਦਸੰਬਰ
ਸੂਬੇ ਵਿੱਚ ਉਦਯੋਗ ਨੂੰ ਹੁੁਲਾਰਾ ਦੇਣ ਦੇ ਮੰਤਵ ਨਾਲ ਇਨਵੈਸਟ ਪੰਜਾਬ ਤਹਿਤ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਕੰਪਨੀਆਂ ਨਾਲ ਰਾਬਤਾ ਬਣਾ ਕੇ ਪੰਜਾਬ ਵਿੱਚ ਨਿਵੇਸ਼ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਕਾਹਲੋਂ ਡਿਵੈਲਪਰਜ਼ ਵੱਲੋਂ 66 ਕਰੋੜ ਰੁਪਏ ਦੇ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਗਈ। ਇਸ ਤਹਿਤ ਸਿੱਧਵਾਂ ਨਹਿਰ ਦੇ ਲੁਹਾਰਾ ਪੁਲ ਨੇੜੇ ਇੱਕ ਨਵੇਂ ਪੁਲ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਜਿਸ ’ਤੇ ਢਾਈ ਕਰੋੜ ਰੁਪਏ ਲਾਗਤ ਆਵੇਗੀ।
ਇਸ ਦਾ ਰਸਮੀ ਨੀਂਹ ਪੱਥਰ ਵਿਧਾਇਕ ਜੀਵਨ ਸਿੰਘ ਸੰਗੋਵਾਲ ਅਤੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਰੱਖਿਆ ਗਿਆ। ਇਸ ਮੌਕੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਚੇਅਰਮੈਨ ਗੁਰਮੇਲ ਸਿੰਘ ਤੋਂ ਇਲਾਵਾ ਹੋਰ ਕਈ ਸ਼ਖ਼ਸੀਅਤਾਂ ਮੌਜੂਦ ਸਨ। ਪੁਲ ਦੇ ਨੀਂਹ ਪੱਥਰ ਮੌਕੇ ਸ੍ਰੀ ਸੰਗੋਵਾਲ ਨੇ ਕਿਹਾ ਕਿ ਕਈ ਵੱਡੀਆਂ ਕੰਪਨੀਆਂ ਪੰਜਾਬ ਵਿੱਚ ਨਿਵੇਸ਼ ਕਰ ਰਹੀਆਂ ਹਨ। ਇਸ ਕਮਰਸ਼ੀਅਲ ਪ੍ਰਾਜੈਕਟ ਦੇ ਸਥਾਪਤ ਹੋਣ ਨਾਲ ਸੈਂਕੜੇ ਲੋਕਾਂ ਨੂੰ ਰੁਜ਼ਗਾਰ ਮਿਲੇਗਾ। ਇਹ ਪੁਲ 45 ਦਿਨਾਂ ਵਿੱਚ ਪੂਰਾ ਕਰਕੇ ਲੋਕਾਂ ਦੇ ਸਪੁਰਦ ਕਰ ਦਿੱਤਾ ਜਾਵੇਗਾ। ਇਸ ਪ੍ਰਾਜੈਕਟ ਦੇ ਪ੍ਰਬੰਧਕ ਗੁਰਬੀਰ ਸਿੰਘ ਕਾਹਲੋਂ ਨੇ ਕਿਹਾ ਕਿ ਵਿਦੇਸ਼ੀ ਤਰਜ਼ ’ਤੇ ਇਸ ਪ੍ਰਾਜੈਕਟ ਨੂੰ ਇੱਥੇ ਲਿਆਂਦਾ ਗਿਆ ਹੈ ਜੋ ਕਮਰਸ਼ੀਅਲ ਹੈ ਅਤੇ ਲੁਧਿਆਣਾ ਦੇ ਲੋਕਾਂ ਨੂੰ ਕਾਫੀ ਰੁਜ਼ਗਾਰ ਮਿਲੇਗਾ। ਉਨ੍ਹਾਂ ਕਿਹਾ ਕਿ 40 ਫੁੱਟ ਚੌੜੇ ਇਸ ਪੁਲ ਦੀ 20 ਦਸੰਬਰ ਤੋਂ ਸ਼ੁਰੂਆਤ ਹੋਵੇਗੀ।