ਪੰਜਾਬ ’ਚ ਡੇਂਗੂ ਦੇ ਕੇਸਾਂ ’ਚ 70 ਫੀਸਦ ਕਮੀ ਆਈ: ਬਲਬੀਰ ਸਿੰਘ
ਪਾਲ ਸਿੰਘ ਨੌਲੀ
ਜਲੰਧਰ, 25 ਅਕਤੂਬਰ
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਡੇਂਗੂ ਵਿਰੋਧੀ ਮੁਹਿੰਮ ਨੂੰ ਸੰਜੀਦਗੀ ਨਾਲ ਚਲਾਉਣ ਸਦਕਾ ਇਸ ਸੀਜ਼ਨ ਦੌਰਾਨ ਸੂਬੇ ਵਿੱਚ 70 ਫੀਸਦੀ ਡੇਂਗੂ ਦੇ ਕੇਸਾਂ ਵਿੱਚ ਕਮੀ ਆਈ ਹੈ। ਸਕੂਲ ਆਫ ਐਮੀਨੈਂਸ ਭਾਰਗੋ ਕੈਂਪ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਚਲਾਈ ਗਈ ਹਫ਼ਤਾਵਾਰੀ ਜਾਗਰੂਕਤਾ ਮੁਹਿੰਮ ’ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਡੇਂਗੂ ਖਿਲਾਫ਼ ਛੇੜੀ ਜੰਗ ਵਿੱਚ ਸ਼ਹਿਰ ਵਾਸੀਆਂ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਭਰਵਾਂ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੀ ਉਨ੍ਹਾਂ ਨਾਲ ਮੌਜੂਦ ਸਨ।
ਉਨ੍ਹਾਂ ਦੱਸਿਆ ਕਿ ਵਿਆਪਕ ਯੋਜਨਾ ਤਹਿਤ ਆਸ਼ਾ ਵਰਕਰਾਂ ਤੋਂ ਲੈ ਕੇ ਹੋਰਨਾਂ ਉੱਚ ਅਧਿਕਾਰੀਆਂ ਨੂੰ ਇਸ ਮੁਹਿੰਮ ਵਿੱਚ ਸ਼ਾਮਿਲ ਕੀਤਾ ਗਿਆ। ਇਨ੍ਹਾਂ ਦੇ ਸੰਜੀਦਾ ਉਪਰਾਲਿਆਂ ਸਦਕਾ ਸਾਰਥਿਕ ਨਤੀਜੇ ਸਾਹਮਣੇ ਆਏ ਹਨ ਅਤੇ ਹੁਣ ਤੱਕ ਡੇਂਗੂ ਕਾਰਨ ਕੇਵਲ ਇਕ ਮੌਤ ਹੀ ਸਾਹਮਣੇ ਆਈ ਹੈ। ਉਨ੍ਹਾਂ ਦੱਸਿਆ ਕਿ ਹਰ ਸ਼ੁੱਕਰਵਾਰ ਨੂੰ ਵੱਖ-ਵੱਖ ਥਾਵਾਂ ਦਾ ਦੌਰਾ ਕਰਕੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕ ਕਰਨਾ ਚਾਹੀਦਾ ਹੈ। ਉਨ੍ਹਾਂ ਐਲਾਨ ਕੀਤਾ ਕਿ 20 ਲੱਖ ਵਿਦਿਆਰਥੀਆਂ ਨੂੰ ਡੇਂਗੂ ਦੀ ਰੋਕਥਾਮ ਅਤੇ ਹੋਰਨਾਂ ਦਾ ਜੀਵਨ ਬਚਾਉਣ ਦੇ ਹੁਨਰ ਬਾਰੇ ਸਿੱਖਿਅਤ ਕੀਤਾ ਜਾਵੇਗਾ। ਇਸ ਮੌਕੇ ਡਾ. ਬਲਬੀਰ ਸਿੰਘ ਵਲੋਂ ਡੇਂਗੂ ਲਾਰਵਾ ਦੀ ਜਾਂਚ ਲਈ ਵੱਖ-ਵੱਖ ਘਰਾਂ ਦਾ ਦੌਰਾ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਪਾਣੀ ਦੀਆਂ ਟੈਂਕੀਆਂ ਦੀ ਨਿਯਮਤ ਸਫਾਈ ਕੀਤੀ ਜਾਵੇ ਅਤੇ ਪਾਣੀ ਨੂੰ ਆਪਣੇ ਆਲੇ ਦੁਆਲੇ ਖੜ੍ਹਾ ਨਾ ਹੋਣ ਦਿੱਤਾ ਜਾਵੇ।