72 ਅਧਿਆਪਕ ਸਿਖਲਾਈ ਲਈ ਅੱਜ ਜਾਣਗੇ ਫਿਨਲੈਂਡ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਅਕਤੂਬਰ
ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਸਰਕਾਰ ਭਲਕੇ 18 ਅਕਤੂਬਰ ਨੂੰ ਸੂਬੇ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਨੂੰ ਸਿਖਲਾਈ ਲਈ ਫਿਨਲੈਂਡ ਭੇਜੇਗੀ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਪੰਜਾਬ ਵੱਲੋਂ ਪਿਛਲੇ ਮਹੀਨੇ ਸਿਖਲਾਈ ਲਈ ਫਿਨਲੈਂਡ ਦੀ ਟੁਰਕੂ ਯੂਨੀਵਰਸਿਟੀ ਨਾਲ ਸਮਝੌਤਾ ਕੀਤਾ ਗਿਆ ਸੀ। ਇਸੇ ਸਦਕਾ ਇਨ੍ਹਾਂ 72 ਅਧਿਆਪਕਾਂ ਨੂੰ ਤਿੰਨ ਹਫ਼ਤੇ ਦੀ ਸਿਖਲਾਈ ਲਈ ਫਿਨਲੈਂਡ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਅਗਲਾ ਬੈਚ ਫਰਵਰੀ ਜਾਂ ਮਾਰਚ 2025 ਵਿੱਚ ਭੇਜਿਆ ਜਾਵੇਗਾ। ਸ੍ਰੀ ਬੈਂਸ ਨੇ ਕਿਹਾ ਕਿ ਪਿਛਲੇ ਢਾਈ ਸਾਲਾਂ ਵਿੱਚ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਬਹੁਤ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਸਕੂਲ ਆਫ਼ ਐਮੀਨੈਂਸ ਦੇ ਨਾਲ-ਨਾਲ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਹੋਰ ਵੀ ਬਹੁਤ ਸਾਰੇ ਕੰਮ ਕੀਤੇ ਜਾ ਰਹੇ ਹਨ। 18,000 ਸਕੂਲਾਂ ਵਿੱਚ ਵਾਈ-ਫਾਈ ਲਗਾਇਆ ਗਿਆ ਹੈ। ਸਕੂਲਾਂ ਵਿੱਚ ਸੁਰੱਖਿਆ ਗਾਰਡ ਅਤੇ ਕੈਂਪਸ ਮੈਨੇਜਰ ਨਿਯੁਕਤ ਕੀਤੇ ਗਏ ਹਨ।