ਪੰਜਾਬ ਵਿੱਚ ਝੋਨੇ ਦੀ 90 ਫ਼ੀਸਦ ਖ਼ਰੀਦ ਹੋਈ: ਕਟਾਰੂਚੱਕ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਅਕਤੂਬਰ
ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਦਾਅਵਾ ਕੀਤਾ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਦੇਰ ਸ਼ਾਮ ਤੱਕ ਕੁੱਲ 18,31,588 ਟਨ ਝੋਨੇ ਦੀ ਆਮਦ ਹੋਈ ਜਿਸ ਵਿੱਚੋਂ 16,37,517 ਟਨ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਸ ਤਰ੍ਹਾਂ ਸੂਬਾ ਸਰਕਾਰ ਵੱਲੋਂ ਪੰਜਾਬ ਦੀਆਂ ਮੰਡੀਆਂ ਵਿੱਚ ਆ ਚੁੱਕੇ 90 ਫ਼ੀਸਦ ਝੋਨੇ ਦੀ ਖਰੀਦ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਲਈ ਅਦਾਇਗੀ ਵੀ ਨਾਲੋ-ਨਾਲ ਕੀਤੀ ਜਾ ਰਹੀ ਹੈ।
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ ਲਗਪਗ 3000 ਕਰੋੜ ਰੁਪਏ ਬਤੌਰ ਅਦਾਇਗੀ ਜਮ੍ਹਾਂ ਕਰਵਾ ਦਿੱਤੇ ਹਨ।
ਖ਼ਰੀਦ ਸੀਜ਼ਨ ਨੂੰ ਨਿਰਵਿਘਨ ਅਤੇ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਨੇ 2651 ਖ਼ਰੀਦ ਕੇਂਦਰ ਚਾਲੂ ਕੀਤੇ ਹਨ। ਇਸ ਤੋਂ ਇਲਾਵਾ ਹੁਣ ਤੱਕ 2184 ਚੌਲ ਮਿੱਲ ਮਾਲਕਾਂ ਨੇ ਚੌਲ ਮਿੱਲਾਂ ਦੀ ਅਲਾਟਮੈਂਟ ਲਈ ਅਰਜ਼ੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਦਸੰਬਰ ਮਹੀਨੇ ’ਚ ਮਿਲਿੰਗ ਸ਼ੁਰੂ ਹੁੰਦੀ ਹੈ, ਇਸ ਲਈ ਦਸੰਬਰ 2024 ਤੱਕ ਲਗਪਗ 30 ਲੱਖ ਟਨ ਅਨਾਜ ਰੱਖਣ ਦੀ ਜਗ੍ਹਾ ਮੁਹੱਈਆ ਕਰਵਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ 4 ਲੱਖ ਟਨ ਜ਼ਿਆਦਾ ਅਨਾਜ ਦੀ ਆਮਦ ਦਰਜ ਕੀਤੀ ਗਈ ਹੈ।
ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਅਨਾਜ ਮੰਡੀਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਤੇ ਪੱਲੇਦਾਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਬੋਰੀ ਦੀ ਲੋਡਿੰਗ ਦੀ ਦਰ ਸੋਧ ਕੇ ਹੁਣ 1.94 ਰੁਪਏ ਤੋਂ 2.34 ਰੁਪਏ ਕਰ ਦਿੱਤੀ ਹੈ। ਮੰਤਰੀ ਨੇ ਖਰੀਦ ਸੀਜ਼ਨ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਾਰੇ ਭਾਈਵਾਲਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ। ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੇ ਭਲੇ ਲਈ ਕਦਮ ਚੁੱਕਣ ’ਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਇਹ ਵੀ ਆਖਿਆ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਰੁਲਣ ਨਹੀਂ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀ ਜਿਣਸ ਦਾ ਇੱਕ ਇੱਕ ਦਾਣਾ ਖਰੀਦਿਆ ਜਾਵੇਗਾ।