ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 91.46 ਕਰੋੜ ਰੁਪਏ ਜਾਰੀ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਜੂਨ
ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚੋਂ ਚੋਣ ਜ਼ਾਬਤਾ ਹਟਦਿਆਂ ਹੀ ਸੂਬਾ ਸਰਕਾਰ ਐਕਸ਼ਨ ਮੋਡ ਵਿੱਚ ਆ ਗਈ ਹੈ। ਇੱਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗਾਂ ਕਰ ਕੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਦੇ ਆਦੇਸ਼ ਦਿੱਤੇ ਗਏ ਹਨ, ਉੱਥੇ ਇਸ ਦੇ ਨਾਲ ਹੀ ਸੂਬਾ ਸਰਕਾਰ ਦੇ ਸਾਰੇ ਵਿਭਾਗਾਂ ਨੇ ਰੁਕੇ ਹੋਏ ਕੰਮਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨਾ ਸ਼ੁਰੂ ਕਰ ਦਿੱਤਾ ਹੈ। ਇਸੇ ਤਹਿਤ ਸੂਬਾ ਸਰਕਾਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਫਾਰ ਐੱਸਸੀ ਸਟੂਡੈਂਟਸ ਸਕੀਮ ਦੇ ਸਾਲ 2023-24 ਦੇ ਬਕਾਇਆ ਰਹਿੰਦੇ 91.46 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੀ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਅਦਇਗੀ ਸੂਬੇ ਦੇ 1,17,346 ਵਿਦਿਆਰਥੀਆਂ ਲਈ ਕੀਤੀ ਗਈ ਹੈ ਅਤੇ ਇਹ ਰਾਸ਼ੀ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤੇ ਵਿੱਚ ਪਾਈ ਗਈ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਅਨੂਸੂਚਿਤ ਜਾਤੀ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਇਸ ਸਕੀਮ ਦਾ ਮੁੱਖ ਟੀਚਾ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਪੂਰੀ ਕਰਨ ਲਈ ਸਹਾਇਤਾ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਦੇ ਰਿਲੀਜ਼ ਹੋਣ ਨਾਲ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਗਈ ਹੈ।