ਨਾਕਾਬੰਦੀ ਦੌਰਾਨ 94 ਚਲਾਨ ਕੱਟੇ; 13 ਵਾਹਨ ਜ਼ਬਤ
ਪੱਤਰ ਪ੍ਰੇਰਕ
ਜਲੰਧਰ, 7 ਅਕਤੂਬਰ
ਪੁਲੀਸ ਨੇ ਤਿਉਹਾਰਾਂ ਦੇ ਸੀਜ਼ਨ ਅਤੇ ਆਉਣ ਵਾਲੀਆਂ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਅਮਨ-ਕਾਨੂੰਨ ਨੂੰ ਯਕੀਨੀ ਬਣਾਉਣ ਲਈ ਸ਼ਹਿਰ ਭਰ ਵਿੱਚ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ। ਇਸ ਤਹਿਤ ਸ਼ਹਿਰ ਵਿੱਚ 19 ਥਾਵਾਂ ’ਤੇ ਨਾਕਾਬੰਦੀ ਕੀਤੀ ਗਈ ਹੈ। ਇਸ ਮੁਹਿੰਮ ਦੌਰਾਨ 550 ਵਾਹਨਾਂ ਦੀ ਚੈਕਿੰਗ ਕੀਤੀ ਗਈ, 94 ਵਾਹਨਾਂ ਦੇ ਚਲਾਨ ਕੀਤੇ ਗਏ ਅਤੇ 13 ਵਾਹਨ ਜ਼ਬਤ ਕੀਤੇ ਗਏ। ਇਸ ਤੋਂ ਇਲਾਵਾ ਸ਼ੱਕੀ ਵਿਅਕਤੀਆਂ ਅਤੇ ਉਨ੍ਹਾਂ ਦੇ ਵਾਹਨਾਂ ਦੀ ਵੀ ਤਲਾਸ਼ੀ ਲਈ ਗਈ। ਇਸ ਮੁਹਿੰਮ ਦੀ ਨਿਗਰਾਨੀ ਹਲਕਾ ਜੀਓ ਅਤੇ ਐਮਰਜੈਂਸੀ ਰਿਸਪਾਂਸ ਸਿਸਟਮ ਟੀਮ ਦੇ ਸਹਿਯੋਗ ਨਾਲ ਐੱਸਐੱਚਓ ਵੱਲੋਂ ਕੀਤੀ ਗਈ। ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਵਿਸ਼ੇਸ਼ ਨਾਕਾਬੰਦੀ ਦੌਰਾਨ ਸ਼ਹਿਰ ਵਿੱਚ ਸ਼ੱਕੀ ਅਨਸਰਾਂ ਦੀ ਪਛਾਣ ਕਰ ਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ’ਤੇ ਜ਼ੋਰ ਦਿੱਤਾ ਗਿਆ। ਟੀਮਾਂ ਨੇ ਮਾੜੇ ਅਨਸਰਾਂ ’ਤੇ ਵਿਸ਼ੇਸ਼ ਧਿਆਨ ਦਿੱਤਾ, ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸਰਗਰਮੀ ਨਾਲ ਉਨ੍ਹਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖੀ।
ਨਾਜਾਇਜ਼ ਅਸਲੇ ਸਣੇ ਤਿੰਨ ਕਾਬੂ
ਜਲੰਧਰ ਕਮਿਸ਼ਨਰੇਟ ਪੁਲੀਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਹਥਿਆਰਾਂ ਸਣੇ ਕਾਬੂ ਕੀਤਾ ਹੈ। ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਤਿੰਨ ਵਿਅਕਤੀ ਇੱਕ ਦੁਕਾਨ ਵਿੱਚ ਦਾਖ਼ਲ ਹੋਏ ਅਤੇ ਦੁਕਾਨ ਦੇ ਕਰਮਚਾਰੀ ਨੂੰ ਹਥਿਆਰ ਦਿਖਾ ਕੇ ਧਮਕੀਆਂ ਦਿੱਤੀਆਂ ਅਤੇ ਕੁੱਟਮਾਰ ਕੀਤੀ। ਸ੍ਰੀ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਤਫਤੀਸ਼ ਦੌਰਾਨ ਮੁਲਜ਼ਮਾਂ ਦੀ ਪਛਾਣ ਕਰਨ ਯਾਦਵ ਪੁੱਤਰ ਰਾਮੂ ਯਾਦਵ ਮੂਲ ਵਾਸੀ ਬਿਹਾਰ, ਗੁਰਪ੍ਰਤਾਪ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਪੰਜਾਬੀ ਬਾਗ਼ ਜਲੰਧਰ ਅਤੇ ਰਿਤੇਕੇਸ਼ ਕੁਮਾਰ ਉਰਫ ਸੂਰਜ ਪੁੱਤਰ ਸੰਜੋ ਰਾਮ ਮੂਲ ਵਾਸੀ ਬਿਹਾਰ ਵਜੋਂ ਹੋਈ ਹੈ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਪੁਲੀਸ ਨੇ ਇਨ੍ਹਾਂ ਪਾਸੋਂ ਇੱਕ ਪਿਸਤੌਲ ਸਣੇ ਮੈਗਜ਼ੀਨ ਅਤੇ ਦੋ ਚਾਕੂ ਅਤੇ ਇੱਕ ਸਕੂਟਰ ਬਰਾਮਦ ਕੀਤਾ ਹੈ। ਉਨ੍ਹਾਂ ਕਿਹਾ ਕਿ ਕਰਨ ਖ਼ਿਲਾਫ਼ ਚਾਰ, ਗੁਰਪ੍ਰਤਾਪ ਖ਼ਿਲਾਫ਼ ਇੱਕ ਐਫਆਈਆਰ ਪੈਂਡਿੰਗ ਹੈ ਅਤੇ ਰਿਤੇਕੇਸ਼ ਦਾ ਅਜੇ ਤੱਕ ਕੋਈ ਅਪਰਾਧਕ ਰਿਕਾਰਡ ਨਹੀਂ ਲੱਭਿਆ ਹੈ।