ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਫ਼ਸਲੀ ਵੰਨ-ਸਵੰਨਤਾ ਲਈ ਬਿਹਤਰ ਬਦਲ ਮੂੰਗੀ

09:03 AM Jul 01, 2023 IST

ਬਲਵਿੰਦਰ ਸਿੰਘ ਢਿੱਲੋਂ, ਅਨਿਲ ਖੋਖਰ*

ਸਾਉਣੀ ਵਿੱਚ ਦਾਲਾਂ ਖ਼ਾਸ ਕਰ ਕੇ ਮੂੰਗੀ ਦੀ ਕਾਸ਼ਤ ਕਰ ਕੇ ਝੋਨੇ ਹੇਠ ਰਕਬਾ ਘਟਾਇਆ ਜਾ ਸਕਦਾ ਹੈ। ਅਜਿਹਾ ਕਰਨ ਨਾਲ ਪਾਣੀ ਦੀ ਬਚਤ ਤਾਂ ਹੋਵੇਗੀ, ਨਾਲ ਹੀ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਵੀ ਹੋਵੇਗਾ। ਪਰਾਲੀ ਨੂੰ ਅੱਗ ਲਾਉਣ ਤੋਂ ਬਾਅਦ ਵਾਤਾਵਰਨ ਅਤੇ ਮਨੁੱਖੀ ਸਿਹਤ ’ਤੇ ਹੋਣ ਵਾਲੇ ਬੁਰੇ ਪ੍ਰਭਾਵ ਤੋਂ ਵੀ ਬਚਿਆ ਜਾ ਸਕਦਾ ਹੈ। ਮੂੁੰਗੀ ਉੱਚ-ਕੀਮਤ (7,755 ਰੁਪਏ ਪ੍ਰਤੀ ਕੁਇੰਟਲ) ਵਾਲੀ ਫ਼ਸਲ ਹੈ। ਇਸ ਨਾਲ ਮਿੱਟੀ ਸਿਹਤ ਵਿਚ ਸੁਧਾਰ ਵੀ ਹੁੰਦਾ ਹੈ। ਪੰਜਾਬ ਵਿੱਚ ਪਿਛਲੇ ਵਰ੍ਹੇ ਦੌਰਾਨ ਮੂੰਗੀ ਦੀ ਕਾਸ਼ਤ 2.1 ਹਜ਼ਾਰ ਹੈਕਟੇਅਰ ਰਕਬੇ ਵਿੱਚ ਕੀਤੀ ਗਈ ਅਤੇ ਇਸ ਦਾ ਕੁੱਲ ਉਤਪਾਦਨ 2.0 ਹਜ਼ਾਰ ਟਨ ਹੋਇਆ। ਇਸ ਦਾ ਔਸਤ ਝਾੜ 3.80 ਕੁਇੰਟਲ ਪ੍ਰਤੀ ਏਕੜ ਸੀ।

Advertisement

ਮੂੰਗੀ ਦੀਆਂ ਉੱਨਤ ਕਿਸਮਾਂ-

ਐਮ ਐਲ 1808: ਇਸ ਕਿਸਮ ਦੇ ਬੂਟੇ ਸਿੱਧੇ ਅਤੇ ਉਚਾਈ ਤਕਰੀਬਨ 71 ਸੈਂਟੀਮੀਟਰ ਦੇ ਹੁੰਦੇ ਹਨ। ਫ਼ਲੀਆਂ ਭਰਪੂਰ ਲਗਦੀਆਂ ਹਨ ਅਤੇ ਹਰ ਫਲੀ ਵਿੱਚ ਤਕਰੀਬਨ 11-12 ਦਾਣੇ ਹੁੰਦੇ ਹਨ। ਇਹ ਮੂੰਗੀ ਦੇ ਪੀਲੀ ਚਿਤਕਬਰੀ ਅਤੇ ਪੱਤਿਆਂ ਦੇ ਧੱਬਿਆਂ ਦੇ ਰੋਗਾਂ ਦਾ ਟਾਕਰਾ ਕਰਨ ਦੀ ਸਮੱਰਥਾ ਰੱਖਦੀ ਹੈ। ਇਹ ਕਿਸਮ ਤਕਰੀਬਨ 71 ਦਿਨਾਂ ਵਿੱਚ ਪੱਕ ਜਾਂਦੀ ਹੈ। ਇਸ ਦੇ ਦਾਣੇ ਦਰਮਿਆਨੇ ਮੋਟੇ ਅਤੇ ਹਰੇ ਚਮਕੀਲੇ ਹੁੰਦੇ ਹਨ ਅਤੇ ਦਾਲ ਸੁਆਦ ਬਣਦੀ ਹੈ। ਇਸ ਕਿਸਮ ਦਾ ਔਸਤ ਝਾੜ 4.8 ਕੁਇੰਟਲ ਪ੍ਰਤੀ ਏਕੜ ਹੈ।
ਐਮ ਐਲ 2056: ਇਸ ਕਿਸਮ ਦੇ ਬੂਟੇ ਸਿੱਧੇ ਅਤੇ ਉਚਾਈ ਤਕਰੀਬਨ 78 ਸੈਂਟੀਮੀਟਰ ਹੁੰਦੀ ਹੈ। ਹਰ ਫਲੀ ਵਿੱਚ ਤਕਰੀਬਨ 11-12 ਦਾਣੇ ਹੁੰਦੇ ਹਨ। ਇਹ ਕਿਸਮ ਦੀ ਪੀਲੀ ਚਿਤਕਬਰੀ ਅਤੇ ਪੱਤਿਆਂ ਦੇ ਧੱਬਿਆਂ ਦੇ ਰੋਗ ਦਾ ਟਾਕਰਾ ਕਰਨ ਦੀ ਸਮੱਰਥਾ ਰੱਖਦੀ ਹੈ। ਇਹ ਕਿਸਮ ਤਕਰੀਬਨ 71 ਦਿਨਾਂ ਵਿੱਚ ਪੱਕ ਜਾਂਦੀ ਹੈ ਅਤੇ ਦਾਲ ਸੁਆਦ ਬਣਦੀ ਹੈ। ਇਸ ਕਿਸਮ ਦਾ ਔਸਤਨ ਝਾੜ ਤਕਰੀਬਨ 4.6 ਕੁਇੰਟਲ ਪ੍ਰਤੀ ਏਕੜ ਹੈ।
ਐਮ ਐਲ 818: ਇਸ ਦੇ ਬੂਟੇ ਖੜ੍ਹਵੇਂ ਅਤੇ ਦਰਮਿਆਨੇ ਤਕਰੀਬਨ 75 ਸੈਂਟੀਮੀਟਰ ਕੱਦ ਦੇ ਹੁੰਦੇ ਹਨ। ਹਰ ਇੱਕ ਫ਼ਲੀ ਵਿੱਚ ਤਕਰੀਬਨ 10-11 ਦਾਣੇ ਪੈਂਦੇ ਹਨ। ਇਹ ਕਿਸਮ ਪੀਲੀ ਚਿਤਕਬਰੀ ਅਤੇ ਧੱਬਿਆਂ ਦੇ ਰੋਗ ਦਾ ਮੁਕਾਬਲਾ ਕਰਨ ਦੀ ਸਮਰੱਥਾ ਰੱਖਦੀ ਹੈ। ਇਹ ਕਿਸਮ ਤਕਰੀਬਨ 72 ਦਿਨਾਂ ਵਿੱਚ ਪੱਕ ਜਾਂਦੀ ਹੈ। ਇਸ ਦੇ ਦਾਣੇ ਹਰੇ ਰੰਗ ਦੇ ਚਮਕੀਲੇ ਹੁੰਦੇ ਹਨ ਅਤੇ ਦਾਲ ਸੁਆਦ ਬਣਦੀ ਹੈ। ਇਸ ਕਿਸਮ ਦਾ ਔਸਤਨ ਝਾੜ ਤਕਰੀਬਨ 4.2 ਕੁਇੰਟਲ ਪ੍ਰਤੀ ਏਕੜ ਹੈ।

ਮੂੰਗੀ ਦੀ ਕਾਸ਼ਤ ਦੇ ਢੰਗ-

ਜ਼ਮੀਨ ਦੀ ਤਿਆਰੀ: ਖੇਤ ਨੂੰ 2-3 ਵਾਰ ਵਾਹ ਕੇ ਸੁਹਾਗਾ ਮਾਰ ਕੇ ਤਿਆਰ ਕਰੋ। ਖੇਤ ਪੱਧਰਾ ਹੋਣਾ ਜ਼ਰੂਰੀ ਹੈ। ਮੂੰਗੀ ਦੀ ਬਿਜਾਈ ਬਿਨਾਂ ਖੇਤ ਵਾਹੇ ਜ਼ੀਰੋ ਟਿਲ ਡਰਿੱਲ ਨਾਲ ਵੀ ਕੀਤੀ ਜਾ ਸਕਦੀ ਹੈ।
ਬਿਜਾਈ ਦਾ ਸਮਾਂ: ਬਿਜਾਈ ਜੁਲਾਈ ਦੇ ਦੂਜੇ ਪੰਦਰ੍ਹਵਾੜੇ ਵਿੱਚ ਕਰੋ।
ਬੀਜ ਦੀ ਮਾਤਰਾ: ਅੱਠ ਕਿਲੋ ਬੀਜ ਪ੍ਰਤੀ ਏਕੜ ਵਰਤੋ।
ਬੀਜ ਨੂੰ ਟੀਕਾ ਲਾਉਣਾ: ਮੂੰਗੀ ਨੂੰ ਬਿਜਾਈ ਵੇਲੇ ਸਿਫ਼ਾਰਸ਼ ਕੀਤਾ ਰਾਈਜ਼ੋਬੀਅਮ ਕਲਚਰ (ਟੀਕਾ) ਲਾਓ। ਇੱਕ ਏਕੜ ਲਈ ਸਿਫ਼ਾਰਸ਼ ਕੀਤੇ ਬੀਜ ਦੀ ਮਾਤਰਾ ਨੂੰ ਥੋੜ੍ਹਾ ਜਿਹਾ ਪਾਣੀ ਲਾ ਕੇ ਗਿੱਲਾ ਕਰ ਲਉ ਅਤੇ ਇਸ ਵਿੱਚ ਟੀਕੇ ਵਾਲੀ ਮਿੱਟੀ ਨੂੰ ਚੰਗੀ ਤਰ੍ਹਾਂ ਰਲਾ ਲਓ। ਛਾਵੇਂ ਪੱਕੇ ਫ਼ਰਸ਼ ਤੇ ਖਿਲਾਰ ਕੇ ਸੁਕਾ ਲਓ ਅਤੇ ਛੇਤੀ ਬੀਜ ਦਿਓ। ਇਸ ਟੀਕੇ ਨਾਲ ਝਾੜ ਵਿੱਚ 12-16 ਫ਼ੀਸਦੀ ਵਾਧਾ ਹੁੰਦਾ ਹੈ। ਦਵਾਈ ਨਾਲ ਸੋਧੇ ਬੀਜ ਨੂੰ ਟੀਕਾ ਲਾਇਆ ਜਾ ਸਕਦਾ ਹੈ। ਇਹ ਟੀਕਾ ਪੀਏਯੂ ਦੀ ਬੀਜਾਂ ਦੀ ਦੁਕਾਨ, ਗੇਟ ਨੰਬਰ 1 ਅਤੇ ਵੱਖੋ-ਵੱਖਰੇ ਜ਼ਿਲ੍ਹਿਆਂ ਵਿੱਚ ਕ੍ਰਿਸ਼ੀ ਵਿਗਿਆਨ/ਫਾਰਮ ਸਲਾਹਕਾਰ ਸੇਵਾ ਕੇਂਦਰਾਂ ’ਤੇ ਮਿਲਦਾ ਹੈ।
ਬੀਜ ਦੀ ਸੋਧ: ਬੀਜ ਤੋਂ ਲੱਗਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਬੀਜ ਨੂੰ ਕੈਪਟਾਨ ਜਾਂ ਥੀਰਮ (ਟੈਟਰਾਮੀਥਾਈਲ ਥਾਈਯੂਰਮ ਡਾਈਸਲਫਾਈਡ) 3 ਗ੍ਰਾਮ ਪ੍ਰਤੀ ਕਿਲੋ ਲਗਾ ਕੇ ਬੀਜੋ।
ਬਿਜਾਈ ਦਾ ਢੰਗ: ਕਤਾਰ ਤੋਂ ਕਤਾਰ ਦਾ ਫ਼ਾਸਲਾ 30 ਸੈਂਟੀਮੀਟਰ ਅਤੇ ਬੂਟੇ ਤੋਂ ਬੂਟੇ ਦਾ ਫ਼ਾਸਲਾ 10 ਸੈਂਟੀਮੀਟਰ ਰੱਖੋ ਅਤੇ ਬੀਜ ਡਰਿਲ/ ਪੋਰੇ/ ਕੇਰੇ ਨਾਲ 4 ਤੋਂ 6 ਸੈਂਟੀਮੀਟਰ ਡੂੰਘਾ ਬੀਜੋ। ਵਧੇਰੇ ਝਾੜ ਲੈਣ ਲਈ ਦੋ ਪਾਸੀ ਬਿਜਾਈ ਕਰੋ ਭਾਵ ਫ਼ਸਲ ਨੂੰ ਦੋਵਾਂ ਪਾਸਿਆਂ ਤੋਂ 30 ਸੈਂਟੀਮੀਟਰ ਵਿੱਥ ਵਾਲੇ ਸਿਆੜਾਂ ਵਿੱਚ ਅੱਧਾ ਬੀਜ ਇੱਕ ਵਾਰ ਅਤੇ ਅੱਧਾ ਬੀਜ ਦੂਜੀ ਵਾਰ ਵਰਤ ਕੇ ਬਿਜਾਈ ਕਰੋ।
ਬਿਨਾਂ ਵਹਾਈ ਬਿਜਾਈ: ਮੂੰਗੀ ਬਿਨਾਂ ਵਾਹੇ ਜ਼ੀਰੋ ਟਿੱਲ ਡਰਿੱਲ ਨਾਲ ਬੀਜੀ ਜਾ ਸਕਦੀ ਹੈ। ਜਿਨ੍ਹਾਂ ਖੇਤਾਂ ਵਿੱਚ ਨਦੀਨ ਜ਼ਿਆਦਾ ਹੋਣ ਉੱਥੇ ਬਿਜਾਈ ਤੋਂ ਪਹਿਲਾਂ ਪ੍ਰਤੀ ਏਕੜ ਦੇ ਹਿਸਾਬ ਨਾਲ 500 ਮਿਲੀਲਿਟਰ ਗ੍ਰਾਮੈਕਸੋਨ 24 ਐਸ ਐਲ (ਪੈਰਾਕੁਐਟ) ਨੂੰ 200 ਲਿਟਰ ਪਾਣੀ ਵਿਚ ਮਿਲਾ ਕੇ ਛਿੜਕਣ ਨਾਲ ਉਨ੍ਹਾਂ ਦੀ ਰੋਕਥਾਮ ਕਰ ਸਕਦੇ ਹਾਂ।
ਬੈੱਡਾਂ ਉੱਤੇ ਬਿਜਾਈ: ਮੂੰਗੀ ਦੀ ਬਿਜਾਈ ਬੈੱਡਾਂ ਉੱਤੇ ਵੀ ਕੀਤੀ ਜਾ ਸਕਦੀ ਹੈ। ਦਰਮਿਆਨੀਆਂ ਅਤੇ ਭਾਰੀਆਂ ਜ਼ਮੀਨਾਂ ਉੱਤੇ ਮੂੰਗੀ ਦੀ ਬਿਜਾਈ ਕਣਕ ਲਈ ਵਰਤੇ ਜਾਂਦੇ ਬੈੱਡ ਪਲਾਂਟਰ ਨਾਲ 67.5 ਸੈਂਟੀਮੀਟਰ ਵਿੱਥ ’ਤੇ ਤਿਆਰ ਕੀਤੇ ਬੈੱਡਾਂ (37.5 ਸੈਂਟੀਮੀਟਰ ਬੈੱਡ ਅਤੇ 30 ਸੈਂਟੀਮੀਟਰ ਖਾਲੀ) ਉੱਤੇ ਕਰਨੀ ਚਾਹੀਦੀ ਹੈ। ਮੂੰਗੀ ਦੀਆਂ ਦੋ ਕਤਾਰਾਂ ਪ੍ਰਤੀ ਬੈੱਡ 20 ਸੈਂਟੀਮੀਟਰ ਫ਼ਾਸਲੇ ’ਤੇ ਬੀਜੋ। ਬੀਜ, ਖਾਦ ਦੀ ਮਾਤਰਾ ਅਤੇ ਬਾਕੀ ਕਾਸ਼ਤਕਾਰੀ ਢੰਗ ਉਹੀ ਵਰਤਣੇ ਹਨ ਜੋ ਕਿ ਮੂੰਗੀ ਦੀ ਪੱਧਰੀ (ਆਮ) ਬਿਜਾਈ ਲਈ ਸਿਫ਼ਾਰਸ਼ ਕੀਤੇ ਗਏ ਹਨ। ਬੈੱਡ ਉੱਤੇ ਬਿਜਾਈ ਕਰਨ ਨਾਲ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਭਾਰੇ ਮੀਂਹ ਤੋਂ ਹੋਣ ਵਾਲੇ ਨੁਕਸਾਨ ਤੋਂ ਵੀ ਫ਼ਸਲ ਬਚਦੀ ਹੈ।
ਨਦੀਨਾਂ ਦੀ ਰੋਕਥਾਮ: ਪਹਿਲੀ ਗੋਡੀ ਬਿਜਾਈ ਤੋਂ 4 ਹਫ਼ਤੇ ਪਿਛੋਂ ਅਤੇ ਦੂਜੀ (ਜੇ ਲੋੜ ਪਵੇ) ਉਸ ਤੋਂ 2 ਹਫ਼ਤੇ ਪਿੱਛੋਂ ਕਰੋ ਜਾਂ 1.0 ਲਿਟਰ ਪ੍ਰਤੀ ਏਕੜ ਸਟੌਂਪ 30 ਈ ਸੀ (ਪੈਂਡੀਮੈਥਾਲੀਨ) ਦਾ ਛਿੜਕਾਅ ਬਿਜਾਈ ਤੋਂ 2 ਦਿਨਾਂ ਦੇ ਅੰਦਰ ਕਰੋ ਜਾਂ 600 ਮਿਲੀਲਿਟਰ ਪ੍ਰਤੀ ਏਕੜ ਸਟੌਂਪ 30 ਈ ਸੀ ਦੀ ਵਰਤੋਂ ਕਰ ਕੇ ਬਿਜਾਈ ਤੋਂ 4 ਹਫ਼ਤਿਆਂ ਪਿੱਛੋਂ ਇੱਕ ਗੋਡੀ ਕਰੋ। ਛਿੜਕਾਅ ਲਈ 200 ਲਿਟਰ ਪਾਣੀ ਦੀ ਵਰਤੋਂ ਕਰੋ।
ਸਿੰਜਾਈ: ਜੇਕਰ ਔੜ ਲੱਗ ਜਾਵੇ ਤਾਂ ਫ਼ਸਲ ਨੂੰ ਪਾਣੀ ਦਿਓ।
ਖਾਦਾਂ: ਬਿਜਾਈ ਸਮੇਂ ਪ੍ਰਤੀ ਏਕੜ 5 ਕਿਲੋ ਨਾਈਟ੍ਰੋਜਨ (11 ਕਿਲੋ ਯੂਰੀਆ) ਅਤੇ 16 ਕਿਲੋ ਫ਼ਾਸਫ਼ੋਰਸ (100 ਕਿਲੋ ਸਿੰਗਲ ਸੁਪਰਫ਼ਾਸਫ਼ੇਟ) ਤੱਤ ਡਰਿੱਲ ਕਰ ਦਿਉ।
ਵਾਢੀ ਅਤੇ ਗਹਾਈ: ਫ਼ਸਲ ਦੀ ਵਾਢੀ ਉਸ ਵੇਲੇ ਕਰੋ ਜਦੋਂ ਤਕਰੀਬਨ 80 ਪ੍ਰਤੀਸ਼ਤ ਫ਼ਲੀਆਂ ਪੱਕ ਜਾਣ, ਵਾਢੀ ਦਾਤਰੀ ਨਾਲ ਕਰੋ। ਬੂਟਿਆਂ ਨੂੰ ਪੁੱਟਣਾ ਠੀਕ ਨਹੀਂ। ਗਹਾਈ ਲਈ ਕਿੱਲੀਆਂ ਵਾਲਾ ਕਣਕ ਦਾ ਥਰੈਸ਼ਰ ਕੁਝ ਤਬਦੀਲੀਆਂ ਕਰ ਕੇ ਵਰਤਿਆ ਜਾ ਸਕਦਾ ਹੈ। ਜੇ ਕੰਬਾਈਨ ਨਾਲ ਮੂੰਗੀ ਦੀ ਵਾਢੀ ਕਰਨੀ ਹੋਵੇ ਤਾਂ ਜਦੋਂ ਤਕਰੀਬਨ 80 ਪ੍ਰਤੀਸ਼ਤ ਫ਼ਲੀਆਂ ਪੱਕ ਜਾਣ ਤਾਂ 800 ਮਿਲੀਲਿਟਰ ਗ੍ਰਾਮੈਕਸੋਨ 24 ਐਸ ਐਲ (ਪੈਰਾਕੁਐਟ) ਪ੍ਰਤੀ ਏਕੜ 200 ਲਿਟਰ ਪਾਣੀ ਵਿੱਚ ਘੋਲ ਕੇ ਛਿੜਕੋ ਤਾਂ ਜੋ ਪੱਤੇ ਅਤੇ ਤਣੇ ਸੁੱਕ ਜਾਣ।
*ਖੇਤਰੀ ਖੋਜ ਕੇਂਦਰ, ਬੱਲੋਵਾਲ ਸੌਂਖੜੀ।

Advertisement

Advertisement
Tags :
ਫ਼ਸਲੀਬਿਹਤਰਮੂੰਗੀਵੰਨ-ਸਵੰਨਤਾ