ਡੱਲੇਵਾਲ ਦੀ ਗ੍ਰਿਫ਼ਤਾਰੀ ਵਿਰੁੱਧ ਸੰਘਰਸ਼ ਤੇਜ਼ ਕਰਨ ਦਾ ਸੱਦਾ
ਪੱਤਰ ਪ੍ਰੇਰਕ
ਗੁਰੂਸਰ ਸੁਧਾਰ, ਮੁੱਲਾਂਪੁਰ, 27 ਨਵੰਬਰ
ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਤੇ ਜ਼ਿਲ੍ਹਾ ਸਕੱਤਰ ਜਸਦੇਵ ਸਿੰਘ ਲਲਤੋਂ ਨੇ ਖਨੌਰੀ ਬਾਰਡਰ ਤੋਂ ਕੇਂਦਰ ਦੀ ਫਾਸੀਵਾਦੀ ਮੋਦੀ ਹਕੂਮਤ ਦੀ ਮਿਲੀਭੁਗਤ ਤੇ ਸੂਬਾ ਸਰਕਾਰ ਦੀ ਸ਼ਹਿ ’ਤੇ ਪੰਜਾਬ ਪੁਲੀਸ ਨੇ ਭਾਰੀ ਪੁਲੀਸ ਫੋਰਸ ਦੀ ਵਰਤੋਂ ਕਰਦਿਆਂ ਭਾਕਿਯੂ (ਸਿੱਧੂਪੁਰ) ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੂੰ ਜ਼ੋਰ ਜ਼ਬਰਦਸਤੀ ਚੁੱਕ ਕੇ ਲੁਧਿਆਣਾ ਦੇ ਹਸਪਤਾਲ ਵਿੱਚ ਡੱਕ ਲੈਣ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਡੱਲੇਵਾਲ ਦੀ ਫ਼ੌਰੀ ਰਿਹਾਈ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਦਾਅਵਾ ਕੀਤਾ ਕਿ ਮਿਥੇ ਪ੍ਰੋਗਰਾਮ ਅਨੁਸਾਰ ਡੱਲੇਵਾਲ ਦੀ ਗੈਰ-ਮੌਜੂਦਗੀ ਵਿੱਚ ਕਿਸਾਨ ਆਗੂ ਸੁਖਜੀਤ ਸਿੰਘ ਹਰਦੋਝੰਡੇ ਵੱਲੋਂ ਅਰਦਾਸ ਮਗਰੋਂ ਮਰਨ ਵਰਤ ਆਰੰਭ ਦੇਣ ਨਾਲ ਕਿਸਾਨ ਮੋਰਚੇ ਨੂੰ ਹੋਰ ਵੀ ਬਲ ਮਿਲਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ 6 ਦਸੰਬਰ ਤੋਂ ਸ਼ੰਭੂ ਬਾਰਡਰ ਤੋਂ ਰੋਜ਼ਾਨਾ ਕਿਸਾਨਾਂ ਜਥਾ ਦਿੱਲੀ ਵੱਲ ਰਵਾਨਾ ਕਰਨ ਦੀ ਵਿਉਂਤਬੰਦੀ ਪੂਰੀ ਕਰ ਲਈ ਗਈ ਹੈ। ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਮੰਗ ਕੀਤੀ ਕਿ 18 ਫਰਵਰੀ ਤੋਂ ਟੁੱਟ ਚੁੱਕੀ ਕੇਂਦਰ ਸਰਕਾਰ ਅਤੇ ਕਿਸਾਨ ਵਾਰਤਾਲਾਪ ਆਰੰਭ ਕਰ ਕੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਦਾ ਕਾਨੂੰਨ ਪਾਸ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਮੁਕੰਮਲ ਕਰਜ਼ ਮੁਕਤੀ ਤੋਂ ਇਲਾਵਾ 2021 ਵਿੱਚ ਮੰਨੀਆਂ ਮੰਗਾਂ ਅਤੇ ਦਿੱਲੀ ਮੋਰਚਾ-2 ਦੌਰਾਨ, ਕਿਸਾਨਾਂ, ਮਜ਼ਦੂਰਾਂ ਉੱਪਰ ਜਬਰ ਤੋਂ ਬਾਅਦ ਉਪਜੀਆਂ ਨਵੀਆਂ ਮੰਗਾਂ ਸਮੇਤ ਸਾਰੀਆਂ 12 ਮੰਗਾਂ ਪ੍ਰਵਾਨ ਕਰਨ ਦੀ ਮੰਗ ਕੀਤੀ ਹੈ।