ਪ੍ਰਕਾਸ਼ ਪੁਰਬ ਤੋਂ ਪਹਿਲਾਂ ਪਵਿੱਤਰ ਵੇਈਂ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਦਾ ਸੱਦਾ
ਜਲੰਧਰ (ਪੱਤਰ ਪ੍ਰੇਰਕ): ਮੈਂਬਰ ਰਾਜ ਸਭਾ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਗਾਮੀ ਪ੍ਰਕਾਸ਼ ਪੁਰਬ ਤੋਂ ਪਹਿਲਾਂ ਪਵਿੱਤਰ ਵੇਈਂ ਨੂੰ ਪ੍ਰਦੂਸ਼ਣ ਮੁਕਤ ਘੋਸ਼ਿਤ ਕਰ ਦਿੱਤਾ ਜਾਵੇਗਾ। ਵਧੀਕ ਮੁੱਖ ਸਕੱਤਰ ਵਿਗਿਆਨ ਅਤੇ ਤਕਨਾਲੋਜੀ ਰਾਹੁਲ ਤਿਵਾੜੀ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਆਦਰਸ਼ ਗੋਇਲ ਸਮੇਤ ਰਾਜ ਸਭਾ ਮੈਂਬਰ ਨੇ ਪਵਿੱਤਰ ਵੇਈਂ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਇਸ ਟੀਚੇ ਨੂੰ ਪ੍ਰਾਪਤ ਕਰਨ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਇਸ ਕੰਮ ਵਿੱਚ ਬੇਲੋੜੀ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹ ਜਲੰਧਰ, ਕਪੂਰਥਲਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਸਪੱਸ਼ਟ ਕਿਹਾ ਕਿ ਨਗਰ ਨਿਗਮ, ਨਗਰ ਕੌਂਸਲਾਂ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਸੀਵਰੇਜ ਬੋਰਡ, ਡਰੇਨੇਜ ਵਿਭਾਗ ਆਦਿ ਵੱਲੋਂ ਤਾਲਮੇਲ ਵਾਲੀ ਪਹੁੰਚ ਅਪਣਾਉਂਦੇ ਹੋਏ ਪ੍ਰਦੂਸ਼ਣ ਦੇ ਸਾਰੇ ਸਰੋਤਾਂ ਦਾ ਢੁੱਕਵਾਂ ਹੱਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਫੈਲਾਉਣ ਵਾਲਿਆਂ ਨਾਲ ਨਜਿੱਠਣ ਲਈ ਬਹੁ-ਪੱਖੀ ਰਣਨੀਤੀ ਅਪਣਾਈ ਜਾਣੀ ਚਾਹੀਦੀ ਹੈ, ਜਿਸ ਵਿੱਚ ਨਿਯਮਤ ਚੈਕਿੰਗ, ਸੈਂਪਲਿੰਗ ਅਤੇ ਸੀਵਰੇਜ ਦੇ ਅਣਸੋਧੇ ਪਾਣੀ ਨੂੰ ਡਰੇਨ ਵਿੱਚ ਪਾਉਣ ਤੋਂ ਰੋਕਣਾ ਸ਼ਾਮਲ ਹੈ।