ਅਪੰਗਤਾ ਸਰਟੀਫਿਕੇਟ ਬਣਾਉਣ ਲਈ ਕੈਂਪ ਲਾਇਆ
ਨਿੱਜੀ ਪੱਤਰ ਪ੍ਰੇਰਕ
ਬਲਾਚੌਰ, 11 ਫਰਵਰੀ
ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਹੇਠ ਦਿਵਿਆਂਗ ਨਾਗਰਿਕਾਂ ਦੇ ਅਪੰਗਤਾ ਸਰਟੀਫਿਕੇਟ ਬਣਾਉਣ ਲਈ ਲੈਫ. ਜਨਰਲ ਬਿਕਰਮ ਸਿੰਘ ਸਬ ਡਿਵੀਜ਼ਨਲ ਹਸਪਤਾਲ ਬਲਾਚੌਰ ਵਿਚ ਵਿਸ਼ੇਸ਼ ਕੈਂਪ ਲਾਇਆ ਗਿਆ। ਇਸ ਕੈਂਪ ਵਿੱਚ ਮਾਹਿਰ ਡਾਕਟਰਾਂ ਵੱਲੋਂ ਛੇ ਦਿਵਿਆਂਗ ਨਾਗਰਿਕਾਂ ਦੇ ਅਪੰਗਤਾ ਸਰਟੀਫਿਕੇਟ ਬਣਾਏ ਗਏ, ਜਦੋਂਕਿ 18 ਵਿਅਕਤੀਆਂ ਨੂੰ ਅਗਲੇਰੀ ਜਾਂਚ ਲਈ ਮਲਟੀ ਸਪੈਸ਼ਲਿਟੀ ਹਸਪਤਾਲ ਚੰਡੀਗੜ੍ਹ ਰੈਫਰ ਕੀਤਾ ਗਿਆ। ਡਾ. ਕੁਲਵਿੰਦਰ ਮਾਨ ਨੇ ਕਿਹਾ ਕਿ ਅਪੰਗਤਾ ਸਰਟੀਫਿਕੇਟ ਨਾਲ ਇੱਕ ਪਾਸੇ ਦਿਵਿਆਂਗ ਨਾਗਰਿਕ ਸਾਰੀਆਂ ਸਰਕਾਰੀ ਸਹੂਲਤਾਂ ਪ੍ਰਾਪਤ ਕਰ ਸਕਣਗੇ, ਜਦੋਂਕਿ ਦੂਜੇ ਪਾਸੇ ਉਨ੍ਹਾਂ ਨੂੰ ਹਰ ਪੱਧਰ ’ਤੇ ਮੁੱਖ-ਧਾਰਾ ਵਿੱਚ ਲਿਆਂਦਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਦਿਵਿਆਂਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ ਕਰਕੇ ਸਬੰਧਤ ਮਾਹਿਰ ਡਾਕਟਰ ਤੋਂ ਟੈਸਟ ਰਿਪੋਰਟ ਲਈ ਜਾਂਦੀ ਹੈ ਅਤੇ ਇਸ ਰਿਪੋਰਟ ਦੇ ਆਧਾਰ ’ਤੇ ਉਸ ਦਾ ਸਰਟੀਫਿਕੇਟ ਬਣਾਇਆ ਜਾਂਦਾ ਹੈ। ਬਲਾਕ ਐਕਸਟੈਂਸ਼ਨ ਐਜੂਕੇਟਰ ਨਿਰਮਲ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਈਐੱਨਟੀ ਦੇ 2, ਮੈਡੀਸਨ ਦੇ 1 ਅਤੇ ਅੱਖਾਂ ਦੇ 3 (ਕੁੱਲ 6) ਸਰਟੀਫਿਕੇਟ ਜਾਰੀ ਕੀਤੇ ਗਏ।