ਪਿੰਡ ਸਿਆੜ ’ਚ ‘ਸਰਕਾਰ ਤੁਹਾਡੇ ਦੁਆਰ’ ਤਹਿਤ ਕੈਂਪ ਲਾਇਆ
ਦੇਵਿੰਦਰ ਸਿੰਘ ਜੱਗੀ
ਪਾਇਲ, 30 ਜੁਲਾਈ
ਸਬ-ਡਿਵੀਜ਼ਨ ਪਾਇਲ ਦੇ ਪਿੰਡ ਸਿਆੜ ’ਚ ‘ਸਰਕਾਰ ਤੁਹਾਡੇ ਦੁਆਰ’ ਤਹਿਤ ਕੈਂਪ ਲਗਾਇਆ ਗਿਆ, ਜਿਸ ਵਿੱਚ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀ ਉੱਚੇਚੇ ਤੌਰ ’ਤੇ ਪੁੱਜੇ। ਕੈਂਪ ਦਾ ਉਦਘਾਟਨ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਾਂਝੇ ਤੌਰ ’ਤੇ ਕੀਤਾ।
ਇਸ ਕੈਂਪ ਵਿੱਚ ਉਪ ਮੰਡਲ ਮੈਜਿਸਟਰੇਟ ਡਾ. ਬਲਜਿੰਦਰ ਸਿੰਘ ਢਿੱਲੋਂ ਤੇ ਹੋਰ ਵੱਖ-ਵੱਖ ਵਿਭਾਗਾਂ ਮਾਲ ਵਿਭਾਗ, ਸੇਵਾ ਕੇਂਦਰ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ ਅਤੇ ਔਰਤਾਂ ਅਤੇ ਬੱਚਿਆਂ ਦਾ ਵਿਕਾਸ, ਖੇਤੀਬਾੜੀ ਅਤੇ ਕਿਸਾਨ ਭਲਾਈ, ਸਿਹਤ, ਜਲ ਸਪਲਾਈ ਅਤੇ ਸੈਨੀਟੇਸ਼ਨ, ਪੀਐੱਸਪੀਸੀਐੱਲ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਪੁਲੀਸ ਅਤੇ ਹੋਰ ਵਿਭਾਗਾਂ ਦੇ ਵੱਖ-ਵੱਖ ਸੀਨੀਅਰ ਅਧਿਕਾਰੀਆਂ ਨੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕੀਤੀਆਂ।
ਕੈਂਪ ਦੌਰਾਨ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਲਾਭਪਾਤਰੀਆਂ ਨਾਲ ਗੱਲਬਾਤ ਕਰਦੇ ਹੋਏ ਮੌਕੇ ’ਤੇ ਹੀ ਦਸਤਾਵੇਜ਼ ਜਾਰੀ ਕੀਤੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਵੱਲੋਂ ਉਠਾਏ ਗਏ ਕਿਸੇ ਵੀ ਮਸਲੇ ਦੇ ਤੁਰੰਤ ਹੱਲ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਵਾਤਾਵਰਨ ਸ਼ੁੱਧਤਾ ਲਈ ਵਿਧਾਇਕ ਗਿਆਸਪੁਰਾ ਅਤੇ ਡੀਸੀ ਸਾਕਸ਼ੀ ਸਾਹਨੀ ਨੇ ਬੂਟੇ ਵੀ ਲਗਾਏ। ਇਸ ਮੌਕੇ ਚੇਅਰਮੈਨ ਬੂਟਾ ਸਿੰਘ ਰਾਣੋ, ਪ੍ਰਧਾਨ ਏਪੀ ਜੱਲ੍ਹਾ, ਸਰਪੰਚ ਪਰਗਟ ਸਿੰਘ ਸਿਆੜ ਹਾਜ਼ਰ ਸਨ।