For the best experience, open
https://m.punjabitribuneonline.com
on your mobile browser.
Advertisement

ਲੌਂਗੋਵਾਲ ਝੜਪ ਸਬੰਧੀ 50 ਤੋਂ ਵੱਧ ਕਿਸਾਨਾਂ ਖ਼ਿਲਾਫ਼ ਕੇਸ ਦਰਜ

07:24 AM Aug 23, 2023 IST
ਲੌਂਗੋਵਾਲ ਝੜਪ ਸਬੰਧੀ 50 ਤੋਂ ਵੱਧ ਕਿਸਾਨਾਂ ਖ਼ਿਲਾਫ਼ ਕੇਸ ਦਰਜ
ਲੌਂਗੋਵਾਲ ਥਾਣੇ ਮੂਹਰੇ ਧਰਨੇ ’ਤੇ ਬੈਠੇ ਕਿਸਾਨ
Advertisement

* ਕਿਸਾਨਾਂ ਖ਼ਿਲਾਫ਼ ਦਰਜ ਕੇਸ ਰੱਦ ਕਰਨ ਦੀ ਮੰਗ

* ਲੌਂਗੋਵਾਲ ਥਾਣੇ ਅੱਗੇ 16 ਕਿਸਾਨ ਜਥੇਬੰਦੀਆਂ ਦਾ ਧਰਨਾ ਜਾਰੀ

ਗੁਰਦੀਪ ਸਿੰਘ ਲਾਲੀ/ਜਗਤਾਰ ਸਿੰਘ ਨਹਿਲ
ਸੰਗਰੂਰ/ਲੌਂਗੋਵਾਲ, 22 ਅਗਸਤ
ਲੌਂਗੋਵਾਲ ਵਿੱਚ ਬੀਤੇ ਦਿਨ ਪੁਲੀਸ ਅਤੇ ਕਿਸਾਨਾਂ ਦਰਮਿਆਨ ਹੋਈ ਝੜਪ ਤੋਂ ਬਾਅਦ ਲੌਂਗੋਵਾਲ ਪੁਲੀਸ ਨੇ 30-35 ਅਣਪਛਾਤੇ ਵਿਅਕਤੀਆਂ ਸਮੇਤ 50 ਤੋਂ ਵੱਧ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲੀਸ ਦੀ ਕਾਰਵਾਈ ਮਗਰੋਂ ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਅੱਜ ਲੌਂਗੋਵਾਲ ’ਚ ਹੰਗਾਮੀ ਮੀਟਿੰਗ ਕਰਦਿਆਂ ਝੜਪ ਦੌਰਾਨ ਮਾਰੇ ਗਏ ਕਿਸਾਨ ਪ੍ਰੀਤਮ ਸਿੰਘ ਨੂੰ ‘ਸ਼ਹੀਦ’ ਕਰਾਰ ਦਿੱਤਾ ਹੈ ਤੇ ਲੌਂਗੋਵਾਲ ’ਚ ਕਿਸਾਨ ਜਥੇਬੰਦੀਆਂ ਵੱਲੋਂ ਵਿੱਢੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ ਹੈ। ਦੂਜੇ ਪਾਸੇ 16 ਕਿਸਾਨ ਜਥੇਬੰਦੀਆਂ ਦਾ ਲੌਂਗੋਵਾਲ ਥਾਣੇ ਅੱਗੇ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ। ਕਿਸਾਨ ਦੀ ਮੌਤ ਦੇ ਰੋਸ ਵਜੋਂ ਲੌਂਗੋਵਾਲ ਦੇ ਸਮੁੱਚੇ ਬਾਜ਼ਾਰ ਬੰਦ ਰਹੇ।

Advertisement

ਮੁਹਾਲੀ ਦੇ ਏਅਰਪੋਰਟ ਰੋਡ ਨੇੜੇ ਪੁਲੀਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਕੀਤੀ ਗਈ ਨਾਕਾਬੰਦੀ। -ਫੋਟੋਆਂ: ਜਗਤਾਰ ਸਿੰਘ ਤੇ ਨਿਤਿਨ ਮਿੱਤਲ

ਮਿਲੀ ਜਾਣਕਾਰੀ ਅਨੁਸਾਰ ਪੁਲੀਸ ਵੱਲੋਂ ਅੱਜ ਜਿਨ੍ਹਾਂ 50 ਤੋਂ ਵੱਧ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ ਉਨ੍ਹਾਂ ਵਿੱਚ ਸੁੱਖਾ ਸਿੰਘ, ਬਲਜਿੰਦਰ ਸਿੰਘ ਲੌਂਗੋਵਾਲ, ਪਰਦੀਪ ਸਿੰਘ ਕਿਲਾ ਭਰੀਆ, ਪੀਟਰ ਰੇਹੜੇ ਦਾ ਨਾਮਲੂਮ ਡਰਾਈਵਰ, ਅਮਰ ਸਿੰਘ ਕਿਲਾ ਭਰੀਆਂ, ਅਮਰ ਸਿੰਘ ਲੌਂਗੋਵਾਲ, ਕੁਲਵਿੰਦਰ ਸਿੰਘ ਲੌਂਗੋਵਾਲ, ਭੁਪਿੰਦਰ ਸਿੰਘ ਸੂਬਾ ਆਗੂ ਕਿਰਤੀ ਕਿਸਾਨ ਯੂਨੀਆਨ, ਰਾਜਪਾਲ ਸਿੰਘ ਮੰਗਵਾਲ, ਪ੍ਰਿਥੀ ਸਿੰਘ ਲੋਂਗੋਵਾਲ, ਜੁਝਾਰ ਸਿੰਘ, ਹੈਪੀ ਨਮੋਲ, ਲਖਵੀਰ ਸਿੰਘ ਲੌਂਗੋਵਾਲ, ਕਮਲਜੀਤ ਸਿੰਘ ਲੌਂਗੋਵਾਲ, ਬਲਦੇਵ ਸਿੰਘ, ਬਾਰਾ ਸਿੰਘ ਮੰਗਵਾਲ, ਦਰਬਾਰਾ ਸਿੰਘ ਲੋਹਾਖੇੜਾ ਅਤੇ ਗੁਰਮੇਲ ਸਿੰਘ ਲੌਂਗੋਵਾਲ ਤੋਂ ਇਲਾਵਾ ਹੋਰ ਨਾਮਲੂਮ ਵਿਅਕਤੀ ਸ਼ਾਮਲ ਹਨ। ਇਨ੍ਹਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 307, 323, 353, 186, 148, 149 ਤਹਿਤ ਕੇਸ ਕੇਸ ਦਰਜ ਕੀਤਾ ਗਿਆ ਹੈ। ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਦੌਰਾਨ ਇੰਡੀਅਨ ਫਾਰਮਰ ਐਸੋਸੀਏਸ਼ਨ ਦੇ ਆਗੂ ਸਤਿਨਾਮ ਸਿੰਘ ਬਹਿਰੂ, ਕਿਰਤੀ ਕਿਸਾਨ ਯੂਨੀਅਨ ਦੇ ਨਿਰਭੈ ਸਿੰਘ ਢੁੱਡੀਕੇ ਅਤੇ ਭਾਕਿਯੂ ਦੁਆਬਾ ਦੇ ਆਗੂ ਸਤਨਾਮ ਸਿੰਘ ਸਾਹਨੀ ਨੇ ਲੌਂਗੋਵਾਲ ’ਚ ਹੋਏ ਪੁਲੀਸ ਜਬਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਬਡਬਰ ਟੌਲ ਪਲਾਜ਼ਾ ’ਤੇ ਸ਼ਾਂਤਮਈ ਪ੍ਰਦਰਸ਼ਨ ਕਰਨ ਜਾ ਰਹੇ ਕਿਸਾਨਾਂ ਤੇ ਕਿਸਾਨ ਬੀਬੀਆਂ ਉੱਪਰ ਪੁਲੀਸ ਵੱਲੋਂ ਅੰਨ੍ਹੇਵਾਹ ਲਾਠੀਚਾਰਜ ਕੀਤਾ ਗਿਆ ਅਤੇ ਕਿਸਾਨ ਪ੍ਰੀਤਮ ਸਿੰਘ ਨੂੰ ਸ਼ਹੀਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਾਪਰੇ ਸਮੁੱਚੇ ਘਟਨਾਕ੍ਰਮ ਲਈ ਪੁਲੀਸ ਵਲੋਂ ਉਲਟਾ ਕਿਸਾਨਾਂ ਨੂੰ ਹੀ ਜ਼ਿੰਮੇਵਾਰ ਠਹਿਰਾਉਂਦਿਆਂ 53 ਕਿਸਾਨਾਂ ਖ਼ਿਲਾਫ਼ ਇਰਾਦਾ ਕਤਲ ਵਰਗੀਆਂ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਲਾਠੀਚਾਰਜ ਲਈ ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਖ਼ਿਲਾਫ਼ ਤੁਰੰਤ ਕੇਸ ਦਰਜ ਕੀਤਾ ਜਾਵੇ, 53 ਕਿਸਾਨਾਂ ਖ਼ਿਲਾਫ਼ ਦਰਜ ਕੇਸ ਰੱਦ ਕੀਤ ਜਾਣ ਤੇ ਗ੍ਰਿਫ਼ਤਾਰ ਕੀਤੇ ਕਿਸਾਨ ਰਿਹਾਅ ਕੀਤੇ ਜਾਣ। ਕਿਸਾਨ ਆਗੂਆਂ ਨੇ ਦੱਸਿਆ ਕਿ 2 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਆਲ ਇੰਡੀਆ ਦੀ ਮੀਟਿੰਗ ਚੰਡੀਗੜ੍ਹ ’ਚ ਹੋ ਰਹੀ ਹੈ ਜਿਸ ਵਿਚ ਲੌਂਗੋਵਾਲ ਘਟਨਾ ਦਾ ਮੁੱਦਾ ਰੱਖਿਆ ਜਾਵੇਗਾ।
ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਵੱਲੋਂ 16 ਕਿਸਾਨ ਜਥੇਬੰਦੀਆਂ ਸੱਦੇ ’ਤੇ ਥਾਣਾ ਲੌਂਗੋਵਾਲ ਦੇ ਅੱਗੇ ਦੂਸਰੇ ਦਿਨ ਵੀ ਧਰਨਾ ਦਿੱਤਾ ਗਿਆ। ਅੱਜ ਦੇ ਧਰਨੇ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਵੀ ਆ ਕੇ ਸੰਬੋਧਨ ਕੀਤਾ। ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਦੇ ਸੂਬਾਈ ਆਗੂ ਮਨਜੀਤ ਸਿੰਘ ਨਿਆਲ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਜਿੱਥੇ ਪੰਜਾਬ ਸਰਕਾਰ ਤੇ ਹੜਾਂ ਤੋਂ ਪੀੜਤ ਪਰਿਵਾਰਾਂ ਨੂੰ ਫੌਰੀ ਮੁਆਵਜ਼ਾ ਵੰਡਣ ਵਿੱਚ ਅਸਫਲ ਰਹਿਣ ਦੇ ਦੋਸ਼ ਲਗਾਏ, ਉਥੇ ਹੀ ਮ੍ਰਿਤਕ ਕਿਸਾਨ ਪ੍ਰੀਤਮ ਸਿੰਘ ਮੰਡੇਰ ਕਲਾਂ ਦੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਦੇਣ, ਸਮੁੱਚਾ ਕਰਜ਼ਾ ਖਤਮ ਕਰਨ ਤੋਂ ਇਲਾਵਾ ਪਰਿਵਾਰ ਦੇ ਇਕ ਮੈਂਬਰ ਨੂੰ ਯੋਗਤਾ ਅਨੁਸਾਰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ। ਬੁਲਾਰਿਆਂ ਨੇ ਮੰਗ ਕੀਤੀ ਪੁਲੀਸ ਨਾਲ ਝੜਪ ਦੌਰਾਨ ਗੰਭੀਰ ਫੱਟੜਾਂ ਨੂੰ 2 ਲੱਖ ਦਾ ਮੁਆਵਜ਼ਾ, ਫੱਟੜ ਕਿਸਾਨਾਂ ਨੂੰ ਇਕ-ਇਕ ਲੱਖ ਰੁਪਏ ਦਾ ਮੁਆਵਜ਼ਾ ਅਤੇ ਟੁੱਟੇ ਤੇ ਨੁਕਸਾਨੇ ਵਾਹਨਾਂ ਲਈ 7 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ।

ਆਈਜੀ ਛੀਨਾ ਵੱਲੋਂ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ

ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਲੌਂਗੋਵਾਲ ਘਟਨਾ ਤੋਂ ਬਾਅਦ ਅੱਜ ਸ਼ਾਮ ਪਟਿਆਲਾ ਰੇਂਜ ਦੇ ਆਈਜੀ ਪੁਲੀਸ ਮੁਖਵਿੰਦਰ ਸਿੰਘ ਛੀਨਾ ਸੰਗਰੂਰ ਪੁੱਜੇ। ਇਸ ਮਗਰੋਂ ਆਈਜੀ ਛੀਨਾ ਨੇ ਕਿਸਾਨ ਜਥੇਬੰਦੀਆਂ ਦੇ ਇੱਕ ਵਫ਼ਦ ਨਾਲ ਪੁਲੀਸ ਚੌਂਕੀ ਬਡਰੁੱਖਾਂ ’ਚ ਮੀਟਿੰਗ ਕੀਤੀ ਜਿਸ ’ਚ ਲੌਂਗੋਵਾਲ ’ਚ ਵਾਪਰੇ ਸਮੁੱਚੇ ਘਟਨਾਕ੍ਰਮ ਬਾਰੇ ਗੱਲਬਾਤ ਕੀਤੀ ਗਈ। ਕਰੀਬ ਢਾਈ ਘੰਟੇ ਚੱਲੀ ਮੀਟਿੰਗ ਵਿਚ ਐੱਸਐੱਸਪੀ ਸੁਰੇਂਦਰ ਲਾਂਬਾ, ਐੱਸਪੀ ਪਲਵਿੰਦਰ ਸਿੰਘ ਚੀਮਾ ਸਮੇਤ ਹੋਰ ਪੁਲੀਸ ਅਧਿਕਾਰੀ ਵੀ ਮੌਜੂਦ ਰਹੇ। ਖਾਸ ਗੱਲ ਇਹ ਰਹੀ ਕਿ ਮੀਟਿੰਗ ਤੋਂ ਪਹਿਲਾਂ ਭਾਕਿਯੂ ਏਕਤਾ ਆਜ਼ਾਦ ਦੇ ਪ੍ਰਮੁੱਖ ਸੂਬਾ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਨੂੰ ਪੁਲੀਸ ਨੇ ਰਿਹਾਅ ਕਰ ਦਿੱਤਾ ਜਿਸ ਨੂੰ ਲੰਘੇ ਕੱਲ੍ਹ ਸਵੇਰੇ ਹਿਰਾਸਤ ਵਿਚ ਲਿਆ ਗਿਆ ਸੀ। ਜਾਣਕਾਰ ਸੂਤਰਾਂ ਅਨੁਸਾਰ ਮੀਟਿੰਗ ਦੌਰਾਨ ਕਈ ਮੰਗਾਂ ’ਤੇ ਸਹਿਮਤੀ ਬਣ ਗਈ ਹੈ ਜਦਕਿ ਬਾਕੀ ਮੰਗਾਂ ਦੇ ਨਬਿੇੜੇ ਲਈ ਭਲਕੇ 24 ਅਗਸਤ ਨੂੰ ਸਵੇਰੇ 11 ਵਜੇ ਆਈਜੀ ਛੀਨਾ ਨਾਲ ਮੁੜ ਮੀਟਿੰਗ ਹੋਵੇਗੀ। ਕਿਸਾਨ ਜਥੇਬੰਦੀਆਂ ਦੇ ਵਫ਼ਦ ’ਚ ਭਾਕਿਯੂ ਏਕਤਾ ਆਜ਼ਾਦ ਦੇ ਜਸਵਿੰਦਰ ਸਿੰਘ ਲੌਂਗੋਵਾਲ, ਦਿਲਬਾਗ ਸਿੰਘ ਹਰੀਗੜ੍ਹ, ਕੁਲਵਿੰਦਰ ਸਿੰਘ ਸੋਨੀ, ਅਮਰ ਸਿੰਘ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਭੁਪਿੰਦਰ ਲੌਂਗੋਵਾਲ ਸ਼ਾਮਲ ਸਨ।

ਹਰਿਆਣਾ ਪੁਲੀਸ ਨੇ ਕਿਸਾਨ ਆਗੂ ਹਿਰਾਸਤ ’ਚ ਲਏ

ਚੰਡੀਗੜ੍ਹ (ਆਤਿਸ਼ ਗੁਪਤਾ): ਉੱਤਰ ਭਾਰਤ ਦੀਆਂ 16 ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨੀ ਮੰਗਾਂ ਲਈ ਚੰਡੀਗੜ੍ਹ ਵਿੱਚ ਟਰੈਕਟਰ ਮਾਰਚ ਕਰਨ ਦੇ ਕੀਤੇ ਐਲਾਨ ਦੇ ਮੱਦੇਨਜ਼ਰ ਹਰਿਆਣਾ ਪੁਲੀਸ ਨੇ ਸੂਬੇ ਦੇ 100 ਦੇ ਕਰੀਬ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਗਿਆ। ਪੁਲੀਸ ਦੀ ਕਾਰਵਾਈ ਤੋਂ ਬਾਅਦ ਵੀ ਵੱਡੀ ਗਿਣਤੀ ’ਚ ਕਿਸਾਨਾਂ ਨੇ ਅੰਬਾਲਾ ਵਿੱਚ ਇਕੱਠੇ ਹੋ ਕੇ ਪ੍ਰਦਰਸ਼ਨ ਮਗਰੋਂ ਚੰਡੀਗੜ੍ਹ ਵੱਲ ਕੂਚ ਕੀਤਾ। ਹਰਿਆਣਾ ਪੁਲੀਸ ਨੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਭਾਰੀ ਫੋਰਸ ਤਾਇਨਾਤ ਕੀਤੀ ਹੋਈ ਸੀ। ਪੁਲੀਸ ਨੇ ਅੰਬਾਲਾ ਵਿੱਚੋਂ ਭਾਰਤੀ ਕਿਸਾਨ ਯੂਨੀਅਨ ਸ਼ਹੀਦ ਭਗਤ ਸਿੰਘ ਦੇ ਪ੍ਰਧਾਨ ਅਮਰਜੀਤ ਸਿੰਘ ਮੋੜੀ ਸਣੇ ਹੋਰਨਾਂ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ। ਇਸੇ ਦੌਰਾਨ ਪੁਲੀਸ ਤੇ ਕਿਸਾਨਾਂ ਦਰਮਿਆਨ ਹੋਈ ਖਿੱਚ-ਧੂਹ ਦੌਰਾਨ ਇਕ ਨੌਜਵਾਨ ਟਰੈਕਟਰ ਹੇਠਾਂ ਆ ਗਿਆ ਅਤੇ ਉਸ ਦੀ ਲੱਤ ਟੁੱਟ ਗਈ। ਪੀੜਤ ਦੀ ਪਛਾਣ ਰਵਿੰਦਰ ਸਿੰਘ ਵਜੋਂ ਹੋਈ ਹੈ, ਜਿਸ ਨੂੰ ਪਹਿਲਾਂ ਅੰਬਾਲਾ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਤੇ ਬਾਅਦ ਵਿੱਚ ਮੁਹਾਲੀ ਦੇ ਨਿੱਜੀ ਹਸਪਤਾਲ ਰੈੱਫਰ ਕਰ ਦਿੱਤਾ ਗਿਆ। ਹਰਿਆਣਾ ਪੁਲੀਸ ਨੇ ਹਰਿਆਣਾ ਦੇ ਕਿਸਾਨਾਂ ਨੂੰ ਚੰਡੀਗੜ੍ਹ ਵੱਲ ਵਧਣ ਤੋਂ ਰੋਕਣ ਲਈ ਸ਼ੰਭੂ ਬਾਰਡਰ ’ਤੇ ਵੀ ਨਾਕਾਬੰਦੀ ਕੀਤੀ ਹੋਈ ਸੀ। ਇੱਥੇ ਵੀ ਪੁਲੀਸ ਤੇ ਕਿਸਾਨਾਂ ਦਰਮਿਆਨ ਮਾਮੂਲੀ ਖਿਚ-ਧੂਹ ਹੋਈ ਹੈ। ਜ਼ਿਕਰਯੋਗ ਹੈ ਕਿ ਕਿਸਾਨ ਜਥੇਬੰਦੀਆਂ ਨੇ ਉਕਤ ਮੰਗਾਂ ਸਬੰਧੀ ਅੱਜ ਚੰਡੀਗੜ੍ਹ ’ਚ ਟਰੈਕਟਰ ਮਾਰਚ ਕੱਢਣਾ ਸੀ, ਜਿਨ੍ਹਾਂ ਨੂੰ ਪੁਲੀਸ ਨੇ ਚੰਡੀਗੜ੍ਹ ਪਹੁੰਚਣ ਤੋਂ ਪਹਿਲਾਂ ਹੀ ਰਾਹ ਵਿੱਚ ਰੋਕ ਦਿੱਤਾ।

Advertisement
Author Image

joginder kumar

View all posts

Advertisement
Advertisement
×