ਅਪਰਾਧਿਕ ਕਾਰਵਾਈ ਕਰਨ ਜਾ ਰਹੇ ਦਸ ਜਣਿਆਂ ਖ਼ਿਲਾਫ਼ ਕੇਸ ਦਰਜ
ਜਸਵੰਤ ਜੱਸ
ਫਰੀਦਕੋਟ, 29 ਸਤੰਬਰ
ਇੱਥੋਂ ਦੀ ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਦਸ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਕਾਰਵਾਈਆਂ ਨੂੰ ਅੰਜਾਮ ਦੇਣ ਦੀ ਤਿਆਰੀ ਕਰਨ, ਨਾਜਾਇਜ਼ ਅਸਲਾ ਲੈ ਕੇ ਘੁੰਮਣ ਅਤੇ ਦਹਿਸ਼ਤ ਫੈਲਾਉਣ ਦੇ ਇਲਜ਼ਾਮਾਂ ਤਹਿਤ ਪਰਚਾ ਦਰਜ ਕਰ ਲਿਆ ਹੈ। ਪੁਲੀਸ ਨੇ ਇਸ ਸਬੰਧੀ ਕਾਰਵਾਈ ਕਰਦਿਆਂ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਿਨ੍ਹਾਂ ਪਾਸੋਂ ਅਸਲਾ ਅਤੇ ਇੱਕ ਲੱਖ ਰੁਪਏ ਦੀ ਨਕਦੀ ਵੀ ਬਰਾਮਦ ਹੋਈ ਹੈ। ਜ਼ਿਲ੍ਹਾ ਪੁਲੀਸ ਮੁਖੀ ਪ੍ਰੱਗਿਆ ਜੈਨ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਬਹਿਬਲ ਦੇ ਦਸ ਵਿਅਕਤੀ ਦੋ ਵਾਹਨਾਂ ’ਤੇ ਸਵਾਰ ਹੋ ਕੇ ਹਥਿਆਰਾਂ ਸਣੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਜਾ ਰਹੇ ਹਨ। ਪੁਲੀਸ ਅਨੁਸਾਰ ਇਨ੍ਹਾਂ ਵਿਅਕਤੀਆਂ ਦਾ ਸਬੰਧ ਬੰਬੀਹਾ ਗਰੋਹ ਨਾਲ ਹੈ। ਪੁਲੀਸ ਨੇ ਸੂਚਨਾ ਮਿਲਣ ਤੋਂ ਬਾਅਦ ਹਰਸਿਮਰਨਦੀਪ ਸਿੰਘ, ਗੁਰਮੁੱਖ ਸਿੰਘ, ਜਸਕਰਨ ਸਿੰਘ, ਲਵਦੀਪ ਸਿੰਘ, ਪਿੰਦਰ ਸਿੰਘ, ਹੈਪੀ ਸਿੰਘ ਆਕਾਸ਼ਦੀਪ ਸਿੰਘ ਅਤੇ ਲਾਡੀ ਖਿਲਾਫ਼ ਪਰਚਾ ਦਰਜ ਕਰ ਲਿਆ ਹੈ। ਪੁਲੀਸ ਨੇ ਮੌਕੇ ਤੋਂ ਆਕਾਸ਼ਦੀਪ ਸਿੰਘ ਅਤੇ ਜਸਕਰਨ ਸਿੰਘ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ ਜਦੋਂ ਕਿ ਬਾਕੀ ਮੁਲਜ਼ਮ ਫਰਾਰ ਹੋ ਗਏ।
ਜ਼ਿਲ੍ਹਾ ਪੁਲੀਸ ਮੁਖੀ ਨੇ ਕਿਹਾ ਕਿ ਪੁਲੀਸ ਇਸ ਮਾਮਲੇ ਦੀ ਗੰਭੀਰਤਾ ਨਾਲ ਪੜਤਾਲ ਕਰ ਰਹੀ ਹੈ ਕਿਉਂਕਿ ਇਨ੍ਹਾਂ ਦਾ ਇੱਕ ਸਾਥੀ ਫਰੀਦਕੋਟ ਜੇਲ੍ਹ ਵਿੱਚ ਨਜ਼ਰਬੰਦ ਹੈ ਅਤੇ ਇਹ ਸਾਰੇ ਵਿਅਕਤੀ ਹਥਿਆਰਬੰਦ ਹੋ ਕੇ ਵੱਡੀ ਅਪਰਾਧਿਕ ਕਾਰਵਾਈ ਨੂੰ ਅੰਜਾਮ ਦੇਣਾ ਚਾਹੁੰਦੇ ਸਨ।