ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਪਟਾਕੇ ਚਲਾਉਣ ’ਤੇ ਕੇਸ ਦਰਜ
ਪੱਤਰ ਪ੍ਰੇਰਕ
ਨਵੀਂ ਦਿੱਲੀ, 14 ਸਤੰਬਰ
ਦਿੱਲੀ ਪੁਲੀਸ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਤੋਂ ਰਿਹਾਅ ਹੋਣ ’ਤੇ ਉਨ੍ਹਾਂ ਦੇ ਸਵਾਗਤ ਕਰਨ ਲਈ ਉੱਤਰੀ ਦਿੱਲੀ ਅਤੇ ਸਿਵਲ ਲਾਈਨਜ਼ ਸਥਿਤ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਪਟਾਕੇ ਚਲਾਉਣ ’ਤੇ ਐੱਫਆਈਆਰ ਦਰਜ ਕੀਤੀ ਹੈ। ਆਉਣ ਵਾਲੇ ਸਰਦੀਆਂ ਦੇ ਮੌਸਮ ’ਚ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਕੌਮੀ ਰਾਜਧਾਨੀ ’ਚ ਪਟਾਕਿਆਂ ਦੇ ਉਤਪਾਦਨ, ਵਿਕਰੀ ਅਤੇ ਵਰਤੋਂ ’ਤੇ ਪਾਬੰਦੀ ਹੈ। ਕੇਜਰੀਵਾਲ ਸਰਕਾਰ ਨੇ ਸੋਮਵਾਰ ਨੂੰ ਇਸ ਪਾਬੰਦੀ ਦਾ ਐਲਾਨ ਕੀਤਾ ਸੀ। ਇੱਕ ਅਧਿਕਾਰੀ ਨੇ ਦੱਸਿਆ ਕਿ ਲੋਕ ਸੇਵਕ ਦੁਆਰਾ ਜਾਰੀ ਹੁਕਮਾਂ ਦੀ ਉਲੰਘਣਾ ਦੇ ਤਹਿਤ ਸਿਵਲ ਲਾਈਨ ਪੁਲੀਸ ਸਟੇਸ਼ਨ ਵਿੱਚ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਸਰਕਾਰੀ ਨਿਵਾਸ ਦੇ ਬਾਹਰ ਆਤਿਸ਼ਬਾਜ਼ੀ ਕਰਨ ਦੇ ਮਾਮਲੇ ਵਿੱਚ ਸਬ-ਇੰਸਪੈਕਟਰ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ।
ਪਾਬੰਦੀ ਦੇ ਬਾਵਜੂਦ ‘ਆਪ’ ਨੇ ਲੱਖਾਂ ਦੇ ਪਟਾਕੇ ਚਲਾਏ: ਵਰਿੰਦਰ ਸਚਦੇਵਾ
ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਅਰਵਿੰਦ ਕੇਜਰੀਵਾਲ ਦੀ ਰਿਹਾਈ ਮੌਕੇ ਉਨ੍ਹਾਂ ਦੇ ਪਾਰਟੀ ਦਫਚਰ ਦੇ ਬਾਹਰ ਪਟਾਕੇ ਚਲਾਉਣ ਖ਼ਿਲਾਫ਼ ਐਫਆਈਆਰ ਦਰਜ ਕੀਤੇ ਜਾਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਤਿਹਾੜ ਜੇਲ੍ਹ ਤੋਂ ਰਿਹਾਈ ਮੌਕੇ ‘ਆਪ’ ਆਗੂਆਂ ਤੇ ਵਰਕਰਾਂ ਨੇ ਰਵੀ ਸ਼ੰਕਰ ਲੇਨ ਸਥਿਤ ਪਾਰਟੀ ਦਫ਼ਤਰ ਅਤੇ ਮੁੱਖ ਮੰਤਰੀ ਦਫ਼ਤਰ ਦੇ ਬਾਹਰ ਪਟਾਕੇ ਵੀ ਚਲਾਏ। ਪ੍ਰਧਾਨ ਨੇ ਕਿਹਾ ਕਿ ਦਿੱਲੀ ਸਰਕਾਰ ਦੇ ਮੰਤਰੀ ਗੋਪਾਲ ਰਾਏ ਨੇ 10 ਸਤੰਬਰ ਨੂੰ ਇਹ ਕਹਿ ਕੇ ਪਟਾਕੇ ਚਲਾਉਣ ’ਤੇ ਪਾਬੰਦੀ ਲਗਾ ਦਿੱਤੀ ਸੀ ਕਿ ਇਸ ਨਾਲ ਪ੍ਰਦੂਸ਼ਣ ਵਧਦਾ ਹੈ, ਪਰ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ‘ਆਪ’ ਦੇ ਆਗੂ ਅਤੇ ਵਰਕਰ ਗੋਪਾਲ ਰਾਏ ਦੇ ਸਾਹਮਣੇ ਹੀ ਪਟਾਕੇ ਫੂਕੇ ਗਏ ਸਨ।