For the best experience, open
https://m.punjabitribuneonline.com
on your mobile browser.
Advertisement

‘ਆਪ’ ਵਿਧਾਇਕਾ ਦੇ ਅਕਾਊਂਟ ਤੋਂ ਵੀਡੀਓ ਅਪਲੋਡ ਕਰਨ ਦੇ ਮਾਮਲੇ ’ਚ ਕੇਸ ਦਰਜ

10:10 AM Jun 03, 2024 IST
‘ਆਪ’ ਵਿਧਾਇਕਾ ਦੇ ਅਕਾਊਂਟ ਤੋਂ ਵੀਡੀਓ ਅਪਲੋਡ ਕਰਨ ਦੇ ਮਾਮਲੇ ’ਚ ਕੇਸ ਦਰਜ
Advertisement

ਸਰਬਜੀਤ ਸਿੰਘ ਭੰਗੂ
ਪਟਿਆਲਾ, 2 ਜੂਨ
ਰਾਜਪੁਰਾ ਤੋਂ ‘ਆਪ’ ਵਿਧਾਇਕਾ ਨੀਨਾ ਮਿੱਤਲ ਦੇ ਸੋਸ਼ਲ ਮੀਡੀਆ ਅਕਾਊਂਟ ’ਤੇ ਪਟਿਆਲਾ ਤੋਂ ‘ਆਪ’ ਉਮੀਦਵਾਰ ਡਾ. ਬਲਵੀਰ ਸਿੰਘ ਦੇ ਹੱਕ ਵਿੱਚ ਵੋਟ ਭੁਗਤਾਉਣ ਸਬੰਧੀ ਬਣਾਈ ਗਈ ਵੀਡੀਓ ਦੇ ਮਾਮਲੇ ’ਚ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕੰਚਨ ਦੇ ਬਿਆਨਾਂ ’ਤੇ ਥਾਣਾ ਸਿਟੀ ਰਾਜਪੁਰਾ ਵਿੱਚ ਕੇਸ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਵੋਟਾਂ ਵਾਲੇ ਦਿਨ ਤੜਕੇ ਹੀ ਵਿਧਾਇਕਾ ਦੇ ਟਵਿੱਟਰ ਅਕਾਊਂਟ ’ਤੇ ਇੱਕ ਵੀਡੀਓ ਅਪਲੋਡ ਹੋਈ ਸੀ ਜਿਸ ਦੌਰਾਨ ਡਾ. ਬਲਵੀਰ ਸਿੰਘ ਨੂੰ ਵੋਟ ਪਾਏ ਜਾਣ ਬਾਰੇ ਦਿਖਾਇਆ ਗਿਆ ਸੀ ਤੇ ਇਸ ਦੇ ਨਾਲ ਹੀ ਪੰਜਾਬ ਵਿੱਚ ‘ਆਪ’ ਨੂੰ 13-0 ਦੇ ਆਧਾਰ ’ਤੇ ਸੀਟਾਂ ਮਿਲਣ ਸਬੰਧੀ ਰਾਜਪੁਰਾ ਤੋਂ ਮੁਹਿੰਮ ਸ਼ੁਰੂ ਕਰਨ ਦਾ ਜ਼ਿਕਰ ਵੀ ਕੀਤਾ ਗਿਆ ਸੀ। ਇਸ ਮਾਮਲੇ ’ਤੇ ਪਟਿਆਲਾ ਤੋਂ ਅਕਾਲੀ ਦਲ ਦੇ ਉਮੀਦਵਾਰ ਐੱਨ ਕੇ ਸ਼ਰਮਾ ਨੇ ਬੀਤੇ ਕੱਲ੍ਹ ਹੀ ਪੰਜਾਬ ਦੇ ਮੁੱਖ ਚੋਣ ਅਫ਼ਸਰ ਨੂੰ ਪੱਤਰ ਲਿਖ ਕੇ ਵਿਧਾਇਕਾ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਸੀ।
ਦੂਜੇ ਪਾਸੇ ਪਟਿਆਲਾ ਦੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਪੁਲੀਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਦੱਸਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਜਾਰੀ ਕੀਤੇ ਗਏ ਨੋਟਿਸ ਉਪਰੰਤ ਨੀਨਾ ਮਿੱਤਲ ਨੇ ਸਪੱਸ਼ਟੀਕਰਨ ਦਿੱਤਾ ਸੀ ਕਿ ਵੀਡੀਓ ਸਵੇਰੇ 7.30 ਵਜੇ ਅਪਲੋਡ ਕੀਤੀ ਗਈ ਸੀ, ਪਰ ਉਨ੍ਹਾਂ ਆਪਣੀ ਵੋਟ 9 ਵਜੇ ਪਾਈ ਸੀ। ਉਸ ਨੇ ਕਿਹਾ ਕਿ ਇਹ ਵੀਡੀਓ ਉਨ੍ਹਾਂ ਦੀ ਨਹੀਂ ਤੇ ਕਿਸੇ ਵਿਅਕਤੀ ਨੇ ਉਨ੍ਹਾਂ ਨੂੰ ਜਾਣਕਾਰੀ ਦਿੱਤੇ ਬਿਨਾਂ ਹੀ ਇਹ ਵੀਡੀਓ ਉਨ੍ਹਾਂ ਦੇ ਸੋਸ਼ਲ ਮੀਡੀਆ ਅਕਾਊਂਟ ’ਤੇ ਪੋਸਟ ਕੀਤੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਸੈੱਲ ਦੇ ਪ੍ਰਧਾਨ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਅਤੇ ਪਟਿਆਲਾ ਤੋਂ ਅਕਾਲੀ ਉਮੀਦਵਾਰ ਸ਼ਰਮਾ ਨੇ ਪ੍ਰਸ਼ਾਸਨ ’ਤੇ ਵਿਧਾਇਕਾ ਨੂੰ ਬਚਾਉਣ ਦੇ ਦੋਸ਼ ਲਾਏ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਚੋਣ ਮੁਹਿੰਮ ਦੌਰਾਨ ਵੀ ਉਸ (ਸ਼ਰਮਾ) ਨਾਲ ਪੱਖਪਾਤ ਹੁੰਦਾ ਰਿਹਾ ਹੈ ਕਿਉਂਕਿ ਡਾ. ਧਰਮਵੀਰ ਗਾਂਧੀ ਅਤੇ ਪ੍ਰਨੀਤ ਕੌਰ ਦੇ ਹੱਕ ਵਿੱਚ ਲੱਗੇ ਪੋਸਟਰਾਂ ਸਬੰਧੀ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤੇ ਗਏ ਹਨ ਜਦਕਿ ਉਸ ਦੇ ਪੋਸਟਰਾਂ ਸਬੰਧੀ ਬਾਕਾਇਦਾ ਉਸ (ਸ਼ਰਮਾ) ਦਾ ਨਾਮ ਪਾ ਕੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

Advertisement

ਬਸਪਾ ਉਮੀਦਵਾਰ ਗੁਰਬਖਸ਼ ਸਿੰਘ ਚੌਹਾਨ ਸਣੇ ਦੋ ਖ਼ਿਲਾਫ਼ ਕੇਸ ਦਰਜ

ਫਰੀਦਕੋਟ (ਜਸਵੰਤ ਜੱਸ): ਇੱਥੋਂ ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਗੁਰਬਖਸ਼ ਸਿੰਘ ਚੌਹਾਨ ਅਤੇ ਜੈਤੋ ਦੇ ਇੱਕ ਵਸਨੀਕ ਖ਼ਿਲਾਫ਼ ਕਥਿਤ ਤੌਰ ’ਤੇ ਆਪਣੀ ਵੋਟ ਪਾਉਣ ਵੇਲੇ ਦੀ ਪੂਰੀ ਪ੍ਰਕਿਰਿਆ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਪਾਉਣ ਦੇ ਦੋਸ਼ ਲੱਗੇ ਹਨ। ਸ਼ਿਕਾਇਤ ਅਨੁਸਾਰ ਬਸਪਾ ਉਮੀਦਵਾਰ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਸ਼ਰਨਜੀਤ ਸਿੰਘ ਵਾਸੀ ਜੈਤੋ ਵੱਲੋਂ ਸੋਸ਼ਲ ਮੀਡੀਆ ’ਤੇ ਪਾਈ ਗਈ ਪੋਸਟ ਵਿੱਚ ਈਵੀਐੱਮ ਅਤੇ ਬਟਨ ਵਗੈਰਾ ਵੀ ਦਿਖਾਈ ਦਿੰਦੇ ਹਨ। ਪੁਲੀਸ ਨੇ ਦੋਵਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 171 ਐੱਫ ਤਹਿਤ ਕੇਸ ਦਰਜ ਕੀਤਾ ਹੈ। ਦੂਜੇ ਪਾਸੇ ਗੁਰਬਖਸ਼ ਸਿੰਘ ਚੌਹਾਨ ਨੇ ਕਿਹਾ ਕਿ ਉਸ ਨੂੰ ਸੋਸ਼ਲ ਮੀਡੀਆ ਚਲਾਉਣਾ ਨਹੀਂ ਆਉਂਦਾ ਅਤੇ ਨਾ ਹੀ ਉਨ੍ਹਾਂ ਆਪਣੀ ਕੋਈ ਪੋਸਟ ਸੋਸ਼ਲ ਮੀਡੀਆ ’ਤੇ ਪਾਈ ਹੈ। ਉਨ੍ਹਾਂ ਕਿਹਾ ਕਿ ਪੁਲੀਸ ਨੇ ਕੇਸ ਦਰਜ ਕਰਨ ਤੋਂ ਪਹਿਲਾਂ ਉਨ੍ਹਾਂ ਕੋਲੋਂ ਇਸ ਬਾਰੇ ਕੋਈ ਪੁੱਛ-ਪੜਤਾਲ ਵੀ ਨਹੀਂ ਕੀਤੀ ਅਤੇ ਨਾ ਹੀ ਕੋਈ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਹਾਕਮ ਧਿਰ ਦੇ ਵਿਧਾਇਕਾਂ ਵੱਲੋਂ ਵੀ ਪੰਜਾਬ ਵਿੱਚ ਕੁਝ ਵੀਡੀਓ’ਜ਼ ਸੋਸ਼ਲ ਮੀਡੀਆ ਉੱਪਰ ਪਾਈਆਂ ਗਈਆਂ ਹਨ, ਪਰ ਪੁਲੀਸ ਨੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਥਾਂ ਉਨ੍ਹਾਂ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਹੈ। ਸ੍ਰੀ ਚੌਹਾਨ ਨੇ ਆਪਣੇ ਖ਼ਿਲਾਫ਼ ਦਰਜ ਕੇਸ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਹੈ। ਐੱਸਐੱਸਪੀ ਹਰਜੀਤ ਸਿੰਘ ਨੇ ਕਿਹਾ ਕਿ ਕੇਸ ਦਰਜ ਹੋਣ ਤੋਂ ਬਾਅਦ ਸਿਟੀ ਪੁਲੀਸ ਫ਼ਰੀਦਕੋਟ ਇਸ ਮਾਮਲੇ ਦੀ ਪੜਤਾਲ ਕਰ ਰਹੀ ਹੈ।

Advertisement
Author Image

sukhwinder singh

View all posts

Advertisement
Advertisement
×