ਮੁੱਖ ਮੰਤਰੀ ਖ਼ਿਲਾਫ਼ ਦਰਜ ਹੋਵੇ ਕੇਸ: ਮਜੀਠੀਆ
ਨਿੱਜੀ ਪੱਤਰ ਪ੍ਰੇਰਕ
ਜਲੰਧਰ, 24 ਨਵੰਬਰ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਦੋਸ਼ ਲਾਇਆ ਕਿ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਵਿੱਚ ਪੁਲੀਸ ਅੰਮ੍ਰਿਤ ਵੇਲੇ ਜੁੱਤੀਆਂ ਸਣੇ ਦਾਖ਼ਲ ਹੋਈ ਤੇ ਉਥੇ ਗੋਲੀਆਂ ਮੁੱਖ ਮੰਤਰੀ ਭਗਵੰਤ ਮਾਨ ਦੇ ਕਹਿਣ ’ਤੇ ਚੱਲੀਆਂ। ਉਨ੍ਹਾਂ ਅੱਜ ਇੱਥੇ ਪੰਜਾਬ ਪ੍ਰੈੱਸ ਕਲੱਬ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਿਹੰਗ ਸਿੰਘਾਂ ’ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਮੁੱਖ ਮੰਤਰੀ ’ਤੇ ਪਰਚਾ ਦਰਜ ਹੋਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਗੋਲੀ ਚਲਾਉਣ ਦੇ ਹੁਕਮ ਬਾਬਾ ਬਲਬੀਰ ਸਿੰਘ ਬੁੱਢਾ ਦਲ ਨਾਲ ਆਪਣੇ ਨੇੜਲੇ ਸਬੰਧਾਂ ਕਾਰਨ ਦਿੱਤੇ ਸਨ ਤਾਂ ਜੋ ਦੂਜੇ ਧੜੇ ਦੇ ਨਿਹੰਗ ਸਿੰਘਾਂ ਤੋਂ ਕਬਜ਼ਾ ਲੈ ਕੇ ਬਾਬਾ ਬਲਬੀਰ ਸਿੰਘ ਨੂੰ ਉਥੇ ਬਿਠਾ ਦਿੱਤਾ ਜਾਵੇ। ਸ੍ਰੀ ਮਜੀਠੀਆ ਨੇ ਮੁੱਖ ਮੰਤਰੀ, ਉਨ੍ਹਾਂ ਦੀ ਪਤਨੀ ਅਤੇ ਭੈਣ ਦੀਆਂ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨਾਲ ਨੇੜਲੀ ਸਾਂਝ ਨੂੰ ਸਾਬਤ ਕਰਦਿਆਂ ਦੀਆਂ ਕੁਝ ਵੀਡੀਓਜ਼ ਅਤੇ ਤਸਵੀਰਾਂ ਵੀ ਦਿਖਾਈਆਂ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਖੁਦ ਹੀ ਲੰਬੇ ਸਮੇਂ ਤੋਂ ਇਹ ਦਾਅਵਾ ਕਰਦੇ ਆ ਰਹੇ ਹਨ ਕਿ ਸੂਬੇ ਅੰਦਰ ਗੋਲੀ ਚਲਾਉਣ ਦਾ ਹੁਕਮ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਹੀ ਦੇ ਸਕਦੇ ਹਨ। ਉਨ੍ਹਾਂ ਭਗਵੰਤ ਮਾਨ ਦੀ ਤੁਲਨਾ ਇੰਦਰਾ ਗਾਂਧੀ ਨਾਲ ਕੀਤੀ। ਉਨ੍ਹਾਂ ਹੋਮ ਗਾਰਡ ਦੇ ਜਵਾਨ ਜਸਪਾਲ ਸਿੰਘ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਸ ਦੀ ਮੌਤ ਦੇ ਜ਼ਿੰਮੇਵਾਰ ਮੁੱਖ ਮੰਤਰੀ ਹੀ ਹਨ। ਉਨ੍ਹਾਂ ਸਬੰਧਤ ਪੁਲੀਸ ਅਧਿਕਾਰੀਆਂ ਨੂੰ ਤੁਰੰਤ ਮੁਅੱਤਲ ਕਰਨ ਦੀ ਵੀ ਮੰਗ ਕੀਤੀ।