ਸੁਰੱਖਿਆ ਦੀ ਜਾਣਕਾਰੀ ਜਨਤਕ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ: ਚੰਨੀ
ਨਿੱਜੀ ਪੱਤਰ ਪ੍ਰੇਰਕ
ਜਲੰਧਰ, 4 ਮਈ
ਸਾਬਕਾ ਮੁੱਖ ਮੰਤਰੀ ਤੇ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘਟਾਉਣ ਬਾਰੇ ਜਾਣਕਾਰੀ ਜਨਤਕ ਕਰਨ ਵਾਲਿਆਂ ਨੂੰ ਮੁਲਜ਼ਮਾਂ ਵਜੋਂ ਨਾਮਜ਼ਦ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਸਿੱਧੂ ਮੂਸੇਵਾਲਾ ਕਤਲ ਕਾਂਡ ਬਾਰੇ ਕਿਸੇ ਤਰ੍ਹਾਂ ਦੀ ਰਾਜਨੀਤੀ ਨਹੀਂ ਕਰ ਰਹੇ ਪਰ ਸੂਬਾ ਸਰਕਾਰ ਦੇ ਜ਼ਿੰਮੇਵਾਰ ਅਧਿਕਾਰੀਆਂ ਦੀ ਲਾਪ੍ਰਵਾਹੀ ਕਾਰਨ ਪੰਜਾਬ ਨੇ ਹੋਣਹਾਰ ਗੱਭਰੂ ਗੁਆ ਲਿਆ ਹੈ। ਚੰਨੀ ਨੇ ਕਿਹਾ ਕਿ ਸੁਪਰੀਮ ਕੋਰਟ ਵਿੱਚ ਪੰਜਾਬ ਦੇ ਐਡਵੋਕੇਟ ਅਟਾਰਨੀ ਜਨਰਲ ਨੇ ਸਾਫ਼ ਕਰ ਦਿੱਤਾ ਹੈ ਕਿ ਸਿੱਧੂ ਮੂਸੇਵਾਲਾ ਦਾ ਕਤਲ ਸੁਰੱਖਿਆ ਵਾਪਸ ਲੈਣ ਕਾਰਨ ਹੀ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਤੇ ਉਨ੍ਹਾਂ ਦੇ ਸਾਥੀਆਂ ਦੀ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਲੇ ਗੈਂਗਸਟਰਾਂ ਨਾਲ ਮਿਲੀਭੁਗਤ ਬਾਰੇ ਸਿਟ ਕੋਲੋਂ ਜਾਂਚ ਕਰਵਾਈ ਜਾਣੀ ਚਾਹੀਦੀ ਹੈ।
ਭਗਵੰਤ ਮਾਨ ਸਿੱਧੇ ਤੌਰ ’ਤੇ ਜ਼ਿੰਮੇਵਾਰ: ਜਾਖੜ
ਚੰਡੀਗੜ੍ਹ (ਟਨਸ): ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਕੇਸ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਵਿੱਚ ਦੱਸਿਆ ਕਿ ਸਿੱਧੂ ਮੂਸੇਵਾਲਾ ਦਾ ਕਤਲ ਉਸ ਦੀ ਸੁਰੱਖਿਆ ਘਟਾਉਣ ਕਾਰਨ ਹੋਇਆ ਸੀ। ਜਾਖੜ ਨੇ ਕਿਹਾ ਕਿ ਹੁਣ ਭਗਵੰਤ ਮਾਨ ਸਿੱਧੂ ਕਤਲ ਕਾਂਡ ਦੀ ਬਣ ਗਈ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ। ਮੁੱਖ ਮੰਤਰੀ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੋਸ਼ੀਆਂ ’ਚ ਸਿੱਧੇ ਤੌਰ ’ਤੇ ਸ਼ਾਮਲ ਹੋ ਗਏ ਹਨ। ਜਾਖੜ ਨੇ ਕਿਹਾ ਕਿ ਭਗਵੰਤ ਮਾਨ ਸੂਬੇ ਦੀ ਸੁਰੱਖਿਆ ਵਿਵਸਥਾ ਸੰਭਾਲਣ ’ਚ ਨਾਕਾਮਯਾਬ ਰਹੇ ਹਨ। ਉਨ੍ਹਾਂ ਪਟਿਆਲਾ ਦੇ ਪਿੰਡ ਸੇਹਰਾ ਵਿੱਚ ਚੋਣ ਪ੍ਰਚਾਰ ਦੌਰਾਨ ਕਿਸਾਨ ਦੀ ਮੌਤ ਹੋਣ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸੁਰੱਖਿਆ ਘਟਾਉਣ ਵਾਲਿਆਂ ਖ਼ਿਲਾਫ਼ ਪਰਚਾ ਹੋਵੇ: ਬਾਜਵਾ
ਚੰਡੀਗੜ੍ਹ (ਟਨਸ): ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘਟਾਉਣ ਲਈ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਤਲ ਦਾ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਸ੍ਰੀ ਬਾਜਵਾ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘਟਾਉਣ ਸਬੰਧੀ ਜਾਣਕਾਰੀ ਲੀਕ ਕਰਨ ਵਾਲਿਆਂ ਵਿਰੁੱਧ ਵੀ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੂਸੇਵਾਲਾ ਦਾ ਕਤਲ ਕੋਈ ਕਾਮੇਡੀ ਫਿਲਮ ਨਹੀਂ ਹੈ। ਇਹ ਕਈ ਦਹਾਕਿਆਂ ਵਿੱਚ ਪੰਜਾਬ ’ਚ ਵਾਪਰਿਆ ਸਭ ਤੋਂ ਭਿਆਨਕ ਕਤਲ ਸੀ। ਇਸ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰੀ ਤੈਅ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਫਰਜ਼ਾਂ ਤੋਂ ਭੱਜ ਨਹੀਂ ਸਕਦੀ। ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਕਾਂਗਰਸ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਸੂਬਾ ਸਰਕਾਰ ਨੂੰ ਵਾਰ-ਵਾਰ ਘੇਰਦੀ ਰਹੇਗੀ।