ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਤੁਰੰਤ ਕੇਸ ਦਰਜ ਹੋਵੇ: ਐੱਸਡੀਐੱਮ
ਕੁਲਭੂਸ਼ਨ ਕੁਮਾਰ ਬਾਂਸਲ
ਰਤੀਆ, 12 ਨਵੰਬਰ
ਉਪ ਮੰਡਲ ਮੈਜਿਸਟਰੇਟ ਜਗਦੀਸ਼ ਚੰਦਰ ਨੇ ਮਿੰਨੀ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਸਬੰਧੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਅਤੇ ਵੱਧ ਤੋਂ ਵੱਧ ਸਮਾਂ ਖੇਤ ਵਿੱਚ ਰਹਿਣ ਤਾਂ ਜੋ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਵਿਗਿਆਨਕ ਅਤੇ ਹੋਰ ਤਰੀਕਿਆਂ ਬਾਰੇ ਵੀ ਜਾਣਕਾਰੀ ਦੇਣ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਲਈ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਖੇਤੀ ਵਿਭਾਗ ਦੇ ਅਧਿਕਾਰੀ ਅਤੇ ਬਲਾਕ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀ ਆਪਸ ਵਿੱਚ ਤਾਲਮੇਲ ਬਣਾ ਕੇ ਰੱਖਣ ਅਤੇ ਜੇ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਸ ਦਾ ਤੁਰੰਤ ਹੱਲ ਕੀਤਾ ਜਾਵੇ। ਸਰਕਾਰ ਹਜ਼ਾਰ ਰੁਪਏ ਪ੍ਰਤੀ ਏਕੜ ਦੀ ਗ੍ਰਾਂਟ ਦੇ ਰਹੀ ਹੈ ਅਤੇ ਸਬਸਿਡੀ ’ਤੇ ਪਰਾਲੀ ਪ੍ਰਬੰਧਨ ਉਪਕਰਨ ਵੀ ਪ੍ਰਦਾਨ ਕਰ ਰਹੀ ਹੈ। ਐੱਸਡੀਐੱਮ ਜਗਦੀਸ਼ ਚੰਦਰ ਨੇ ਕਿਸਾਨਾਂ ਨੂੰ ਪਰਾਲੀ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ ਬੇਲਰ ਦੀ ਮਦਦ ਨਾਲ ਇਸ ਦਾ ਸਹੀ ਢੰਗ ਨਾਲ ਪ੍ਰਬੰਧ ਕਰਨ ਦੀ ਅਪੀਲ ਕੀਤੀ। ਉਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਸਾੜਨ ਵਾਲੇ ਵਿਅਕਤੀਆਂ ਖ਼ਿਲਾਫ਼ ਤੁਰੰਤ ਐੱਫਆਈਆਰ ਕੀਤੀ ਜਾਵੇ। ਮੀਟਿੰਗ ਵਿੱਚ ਤਹਿਸੀਲਦਾਰ ਵਿਜੈ ਕੁਮਾਰ, ਨਾਇਬ ਤਹਿਸੀਲਦਾਰ ਅਸ਼ੋਕ ਕੁਮਾਰ, ਬੀਡੀਪੀਓ ਹਨੀਸ਼ ਕੁਮਾਰ, ਵਿਕਾਸ ਕੁਮਾਰ ਲਗਿਆਨ, ਖੇਤੀ ਵਿਭਾਗ ਤੋਂ ਬੀਏਓ ਸੰਦੀਪ ਬਿਡਲਾਨ, ਐੱਸਈਪੀਓ ਮਹਿੰਦਰ ਸਿੰਘ ਮਟਾਣਾ, ਸੁਭਾਸ਼ ਲੋਹਾਨ, ਪ੍ਰਿਥਵੀਰਾਜ, ਭੀਮ ਸਿੰਘ ਸਣੇ ਕਾਨੂੰਗੋ, ਪਟਵਾਰੀ, ਸਕੱਤਰ ਹਾਜ਼ਰ ਸਨ।