‘ਆਪ’ ਉਮੀਦਵਾਰ ਡਿੰਪੀ ਢਿੱਲੋਂ ਦੇ ਘਰ ਅੱਗੇ ਪੱਕਾ ਮੋਰਚਾ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਨਵੰਬਰ
ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਜ਼ਿਮਨੀ ਚੋਣਾਂ ਵਿੱਚ ਗਿੱਦੜਬਾਹਾ ਹਲਕੇ ਤੋਂ ‘ਆਪ’ ਉਮੀਦਵੀਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਰਿਹਾਇਸ਼ ਅੱਗੇ ਪੱਕਾ ਮੋਰਚਾ ਲਗਾ ਦਿੱਤਾ ਹੈ। ਇਸ ਤਰ੍ਹਾਂ ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਵਿਧਾਨ ਸਭਾ ਹਲਕਾ ਬਰਨਾਲਾ ਤੇ ਗਿੱਦੜਬਾਹਾ ਵਿੱਚ ‘ਆਪ’ ਤੇ ਭਾਜਪਾ ਉਮੀਦਵਾਰਾਂ ਅਤੇ 26 ਟੌਲ ਪਲਾਜ਼ਿਆਂ ਸਣੇ 30 ਥਾਵਾਂ ’ਤੇ ਪੱਕੇ ਮੋਰਚੇ ਅੱਜ ਜਾਰੀ ਰਹੇ। ਇਸ ਤੋਂ ਇਲਾਵਾ ਕਿਸਾਨਾਂ ਦੀਆਂ ਇਨ੍ਹਾਂ ਭਖਦੀਆਂ ਮੰਗਾਂ ਬਾਰੇ ਲਗਾਤਾਰ ਅਣਦੇਖੀ ਕਰਨ ਵਾਲੇ ਡਿਪਟੀ ਕਮਿਸ਼ਨਰ ਬਠਿੰਡਾ ਦੇ ਦਫ਼ਤਰ ਦਾ ਅਣਮਿੱਥੇ ਸਮੇਂ ਲਈ ਘਿਰਾਓ ਵੀ ਅੱਜ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਪੰਜਾਬ ਦੇ ਬਹੁਤੇ ਜ਼ਿਲ੍ਹਿਆਂ ਵਿੱਚ ਅਜੇ ਵੀ ਕਈ ਮੰਡੀਆਂ ਵਿੱਚ ਖਰੀਦ ਸਮੇਂ ਆੜ੍ਹਤੀਆਂ, ਸ਼ੈਲਰ ਮਾਲਕਾਂ ਅਤੇ ਖਰੀਦ ਅਧਿਕਾਰੀਆਂ ਦੀ ਮਿਲੀਭੁਗਤ ਰਾਹੀਂ ਬੇਲੋੜੇ ਅੜਿੱਕੇ ਖੜ੍ਹੇ ਕੀਤੇ ਜਾ ਰਹੇ ਹਨ। ਇਸ ਤਰ੍ਹਾਂ ਕਿਸਾਨਾਂ ਦੀ ਫ਼ਸਲ ’ਤੇ 100 ਤੋਂ 200 ਰੁਪਏ ਪ੍ਰਤੀ ਕੁਇੰਟਲ ਤੱਕ ਦੀ ਜਬਰੀ ਕਟੌਤੀ ਕੀਤੀ ਜਾ ਰਹੀ ਹੈ। ਜਥੇਬੰਦੀ ਨੇ ਅਜਿਹਾ ਕਰਨ ਵਾਲੇ ਵਪਾਰੀਆਂ ਤੇ ਅਧਿਕਾਰੀਆਂ ਦਾ ਘਿਰਾਓ ਕਰਨ ਦਾ ਸੱਦਾ ਦਿੱਤਾ ਹੈ। ਕਿਸਾਨਾਂ ਨੇ ਜ਼ਿਮਨੀ ਚੋਣਾਂ ਵਿੱਚ ਵੋਟਾਂ ਬਟੋਰਨ ਦੇ ਮਕਸਦ ਨਾਲ ਡੀਏਪੀ ਖਾਦ ਦੇ ਗੁਆਂਢੀ ਜ਼ਿਲ੍ਹਿਆਂ ਦੇ ਕੋਟੇ ਚੁਣਾਵੀ ਹਲਕਿਆਂ ਵਿੱਚ ਲਿਜਾਣ ਦੀਆਂ ਸਾਜ਼ਿਸ਼ਾਂ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉੱਦੋਂ ਤੱਕ ਕਿਸਾਨਾਂ ਦੇ ਧਰਨੇ ਜਾਰੀ ਰਹਿਣਗੇ।