ਹੜ੍ਹ ਪੀੜਤ ਦੇ ਵਾਰਸਾਂ ਨੂੰ ਚਾਰ ਲੱਖ ਰੁਪਏ ਮੁਆਵਜ਼ੇ ਦਾ ਚੈੱਕ ਸੌਂਪਿਆ
ਫਰਿੰਦਰ ਪਾਲ ਗੁਲਿਆਣੀ
ਨਰਾਇਣਗੜ੍ਹ, 23 ਜੁਲਾਈ
ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਬਟੋਰਾ ਨੇ ਸ਼ਹਿਜ਼ਾਦਪੁਰ ਵਿੱਚ ਹੜ੍ਹ ਕਾਰਨ ਮੌਤ ਦਾ ਸ਼ਿਕਾਰ ਹੋਏ ਸੁਰੇਸ਼ ਕੁਮਾਰ ਦੀ ਪਤਨੀ ਪ੍ਰਵਿਤਾ ਦੇਵੀ ਦੇ ਘਰ ਜਾ ਕੇ ਸਰਕਾਰ ਦੇ ਰਾਹਤ ਫੰਡ ’ਚੋਂ 4 ਲੱਖ ਰੁਪਏ ਦਾ ਚੈੱਕ ਭੇਟ ਕੀਤਾ। ਸੁਰੇਸ਼ ਕੁਮਾਰ ਦੀ ਹੜ੍ਹ ਦੇ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਸੀ। ਨਾਇਬ ਤਹਿਸੀਲਦਾਰ ਸੰਜੀਵ ਅੱਤਰੀ ਨੇ ਦੱਸਿਆ ਕਿ ਮ੍ਰਿਤਕ ਸੁਰੇਸ਼ ਕੁਮਾਰ ਦੀ ਪਤਨੀ ਨੂੰ ਹਰਿਆਣਾ ਸਰਕਾਰ ਦੇ ਰਾਜ ਆਫ਼ਤ ਰਾਹਤ ਫੰਡ ਤਹਿਤ ਮੁਆਵਜ਼ੇ ਦਾ ਚੈੱਕ ਦਿੱਤਾ ਗਿਆ ਹੈ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਬਟੋਰਾ ਨੇ ਦੱਸਿਆ ਕਿ ਮੁੱਖ ਮੰਤਰੀ ਮਨੋਹਰ ਲਾਲ ਪਿਛਲੇ ਦਨਿੀਂ ਹੜ੍ਹਾਂ ਅਤੇ ਭਾਰੀ ਮੀਂਹ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਅੰਬਾਲਾ ਆਏ ਸਨ ਤਾਂ ਮੁੱਖ ਮੰਤਰੀ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਹੜ੍ਹ ਦੇ ਪਾਣੀ ਵਿੱਚ ਡੁੱਬਣ ਵਾਲੇ ਲੋਕਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਵਜੋਂ 4 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਐਲਾਨ ਅਨੁਸਾਰ ਇਹ ਰਾਸ਼ੀ ਹੜ੍ਹਾਂ ਦੌਰਾਨ ਜਾਨਾਂ ਗੁਆਉਣ ਵਾਲਿਆਂ ਦੇ ਵਾਰਸਾਂ ਨੂੰ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੋ ਲੋਕ ਕੁਦਰਤੀ ਆਫਤ ਕਾਰਨ ਵਿਛੜ ਗਏ ਹਨ। ਉਨ੍ਹਾਂ ਨੂੰ ਵਾਪਸ ਤਾਂ ਨਹੀਂ ਲਿਆਂਦਾ ਜਾ ਸਕਦਾ ਪਰ ਉਨ੍ਹਾਂ ਦੇ ਪਰਿਵਾਰਾਂ ਦੀ ਆਰਥਿਕ ਮਦਦ ਕੀਤੀ ਜਾ ਸਕਦੀ ਹੈ ਅਤੇ ਮੁੱਖ ਮੰਤਰੀ, ਸਰਕਾਰ ਅਤੇ ਪ੍ਰਸ਼ਾਸਨ ਇਸ ਕੰਮ ਵਿਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਭਾਜਪਾ ਪਰਿਵਾਰ ਦੁਖੀ ਪਰਿਵਾਰਾਂ ਦੇ ਨਾਲ ਹੈ। ਇਸ ਮੌਕੇ ਬਲਬੀਰ ਸਿੰਘ ਕਾਨੂੰਗੋ ਅਤੇ ਪਟਵਾਰੀ ਪੁਸ਼ਪਿੰਦਰ, ਡੀ.ਐਨ.ਟੀ ਬੋਰਡ ਮੈਂਬਰ ਅਸ਼ੋਕ ਪਾਲ, ਓ.ਬੀ.ਸੀ ਮੋਰਚਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਧਰਮਿੰਦਰ ਟੋਕਾ, ਮੰਡਲ ਜਨਰਲ ਸਕੱਤਰ ਮਨੀਸ਼ ਮਿੱਤਲ, ਬਾਬੂ ਰਾਮਾ ਆਦਿ ਹਾਜ਼ਰ ਸਨ।