ਫ਼ਿਲਮ ‘ਐਮਰਜੈਂਸੀ’ ਉੱਤੇ ਪੂਰਨ ਪਾਬੰਦੀ ਲਾਈ ਜਾਵੇ: ਧਾਲੀਵਾਲ
ਪੱਤਰ ਪ੍ਰੇਰਕ
ਅਜਨਾਲਾ, 1 ਸਤੰਬਰ
ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਜਪਾ ਦੀ ਸੰਸਦ ਮੈਂਬਰ ਕੰਗਣਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕੰਗਨਾ ਵੱਲੋਂ ਸਿੱਖਾਂ ਅਤੇ ਕਿਸਾਨਾਂ ਸਮੇਤ ਭਾਈਚਾਰਿਆਂ ਨੂੰ ਵੰਡਣ ਦੇ ਦਿੱਤੇ ਜਾ ਰਹੇ ਬਿਆਨ ਅਤਿ ਨਿੰਦਣ ਯੋਗ ਹਨ। ਉਨ੍ਹਾਂ ਆਖਿਆ ਕਿ ਭਾਜਪਾ ਕੰਗਣਾ ਰਣੌਤ ਖ਼ਿਲਾਫ ਸਖਤ ਕਾਰਵਾਈ ਕਰਦਿਆਂ ਉਸ ਨੂੰ ਪਾਰਟੀ ’ਚੋਂ ਬਾਹਰ ਦਾ ਰਸਤਾ ਦਿਖਾਵੇ ਪਰ ਜੇ ਫਿਰ ਵੀ ਇਸ ਦੀ ਇਹ ਫਿਲਮ ਰਿਲੀਜ਼ ਹੁੰਦੀ ਹੈ ਤੇ ਪੰਜਾਬ ਦੇ ਹਾਲਾਤ ਦੇ ਮੱਦੇਨਜ਼ਰ ਸੂਬੇ ਵਿੱਚ ਚਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਕਿਸਾਨਾਂ ਦੇ ਸੰਘਰਸ਼ ਦੇ ਪ੍ਰਤੀਕਿਰਿਆ ਦਿੰਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਲਗਾਤਾਰ 200 ਦਿਨ ਤੋਂ ਵੱਧ ਦਾ ਸਮਾਂ ਸੰਘਰਸ਼ ਦੌਰਾਨ ਬੀਤ ਚੁੱਕਾ ਹੈ ਪਰ ਕੇਂਦਰ ਸਰਕਾਰ ਕਿਸਾਨਾਂ ਪ੍ਰਤੀ ਨਾ ਪੱਖੀ ਵਤੀਰਾ ਅਪਣਾਉਂਦਿਆਂ ਉਨ੍ਹਾਂ ਦੀਆਂ ਮੰਗਾਂ ਮੰਨਣ ਨੂੰ ਤਿਆਰ ਨਹੀਂ। ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਨੇਤਾਵਾਂ ਨੂੰ ਆਪਣੇ ਕੋਲ ਬੁਲਾ ਕੇ ਇਨ੍ਹਾਂ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕਰਦਿਆਂ ਸਾਰੇ ਮਸਲੇ ਹੱਲ ਕਰੇ। ਇਸੇ ਦੌਰਾਨ ਉਨ੍ਹਾਂ ਨੇ ਅਜਨਾਲਾ ਸ਼ਹਿਰ ਤੋਂ ਥੋੜ੍ਹੀ ਦੂਰ ਬਾਬਾ ਮਹਿਲ ਬੁਖਾਰੀ ਜੀ ਦੇ ਸਾਲਾਨਾ ਜੋੜ ਮੇਲੇ ’ਚ ਹਾਜ਼ਰੀ ਭਰੀ ਅਤੇ ਮੇਲਾ ਕਮੇਟੀ ਵੱਲੋਂ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਦੇ ਕੀਤੇ ਜਾ ਰਹੇ ਵਿਆਹਾਂ ਦੌਰਾਨ ਨਵਵਿਆਹੁਤਾ ਜੋੜਿਆਂ ਨੂੰ ਆਸ਼ੀਰਵਾਦ ਵੀ ਦਿੱਤਾ।