ਕੁਲ ਹਿੰਦ ਕਿਸਾਨ ਸਭਾ ਦੇ ਵਫ਼ਦ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
ਪੱਤਰ ਪ੍ਰੇਰਕ
ਪਾਤੜਾਂ, 16 ਜੁਲਾਈ
ਹੜ੍ਹਾਂ ਨਾਲ ਹੋਈ ਤਬਾਹੀ ਦਾ ਜਾਇਜ਼ਾ ਲੈਣ ਲਈ ਕੁਲ ਹਿੰਦ ਕਿਸਾਨ ਸਭਾ ਪੰਜਾਬ ਦੇ ਵਫ਼ਦ ਨੇ ਪੀੜਤ ਇਲਾਕਿਆਂ ਦਾ ਦੌਰਾ ਕੀਤਾ। ਵਫ਼ਦ ਵਿਚ ਸ਼ਾਮਲ ਆਗੂਆਂ ਨੇ ਹਲਕਾ ਸ਼ੁਤਰਾਣਾ ਦੇ ਪਿੰਡਾਂ ਵਿੱਚ ਪ੍ਰਭਾਵਿਤ ਕਿਸਾਨਾਂ ਨਾਲ ਗੱਲਬਾਤ ਕਰਕੇ ਜਾਣਕਾਰੀ ਹਾਸਲ ਕੀਤੀ।
ਸਭਾ ਦੇ ਸੂਬਾ ਜਰਨਲ ਸਕੱਤਰ ਬਲਦੇਵ ਸਿੰਘ ਅਤੇ ਮੀਤ ਪ੍ਰਧਾਨ ਕੁਲਵੰਤ ਸਿੰਘ ਮੌਲਵੀਵਾਲਾ ਨੇ ਪਿੰਡ ਜੋਗੇਵਾਲਾ, ਸ਼ੁਤਰਾਣਾ, ਗੁਲਾੜ੍ਹ ਦਾ ਦੌਰਾ ਕਰਨ ਨੂੰ ਉਪਰੰਤ ਕਿਹਾ ਕਿ ਸੂਬੇ ਵਿੱਚ ਆਏ ਹੜ੍ਹਾਂ ਨਾਲ ਖੇਤੀ ਦਾ ਭਾਰੀ ਨੁਕਸਾਨ ਹੋਇਆ ਹੈ। ਰਾਜ ਵਿੱਚ ਲੱਖਾਂ ਏਕੜ ਝੋਨੇ ਦੀ ਤਾਜ਼ੀ ਬੀਜ਼ੀ ਫ਼ਸਲ ਸਮੇਤ ਪਸ਼ੂਆਂ ਦਾ ਹਰਾ ਚਾਰਾ ਤੇ ਸਬਜ਼ੀਆਂ ਤਬਾਹ ਹੋ ਗਈਆਂ ਹਨ। ਉਨ੍ਹਾਂ ਕਿਹਾ ਭਾਵੇਂ ਸੂਬਾ ਸਰਕਾਰ ਦੀਆਂ ਹਦਾਇਤਾਂ ਉੱਤੇ ਹੜ੍ਹ ਪੀੜਤ ਲੋਕਾਂ ਦੀ ਮਦਦ ਲਈ ਵੱਡੇ ਪੱਧਰ ਉੱਤੇ ਕਾਰਜ ਕੀਤੇ ਜਾ ਰਹੇ ਹਨ ਪਰ ਹਾਲਾਤ ਨੂੰ ਦੇਖਦਿਆਂ ਇਹ ਨਾ ਕਾਫੀ ਹਨ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਪ੍ਰਸ਼ਾਸਨ ਨੂੰ ਹੋਰ ਚੁਸਤ ਦਰੁਸਤ ਬਣਾਉਣ ਦੇ ਨਾਲ ਲੋਕਾਂ ਲਈ ਆਰਥਿਕ ਮੱਦਦ ਦਾ ਐਲਾਨ ਕਰੇ। ਉਨ੍ਹਾਂ ਕਿਹਾ ਕਿ ਜੱਥੇਬੰਦੀ ਵੱਲੋਂ ਸੰਯੁਕਤ ਕਿਸਾਨ ਮੋਰਚਾ ਦੀ ਚੰਡੀਗੜ੍ਹ ਵਿਖੇ ਹੋ ਰਹੀ ਮੀਟਿੰਗ ਵਿੱਚ ਹੜ੍ਹਾਂ ਨਾਲ ਪੈਦਾ ਹੋਈ ਸਥਿਤੀ ਸਬੰਧੀ ਰਿਪੋਰਟ ਪੇਸ਼ ਕੀਤੀ ਜਾਵੇਗੀ ਤਾਂ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਰਕਾਰ ਤੋਂ ਕੀਤੀ ਜਾਣ ਵਾਲੀ ਮੰਗ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਿਸਾਨ ਆਗੂ ਜਸਵੰਤ ਸਿੰਘ ਜਸਵਿੰਦਰ ਸਿੰਘ ਅਤੇ ਅਮਰਜੀਤ ਸਿੰਘ ਹਾਜ਼ਰ ਸਨ।