ਇਲਾਕਾ ਵਾਸੀਆਂ ਦਾ ਵਫ਼ਦ ਜਗਮੋਹਨ ਕੰਗ ਨੂੰ ਮਿਲਿਆ
ਪੱਤਰ ਪ੍ਰੇਰਕ
ਕੁਰਾਲੀ, 7 ਅਕਤੂਬਰ
ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਪੰਚਾਇਤ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨਾਲ ਧੱਕੇਸ਼ਾਹੀ ਦੇ ਦੋਸ਼ ਲਗਾਉਂਦਿਆਂ ਚੋਣ ਕਮਿਸ਼ਨ ਤੋਂ ਦਖ਼ਲ ਤੇ ਇਨਸਾਫ਼ ਦੀ ਮੰਗ ਕੀਤੀ ਹੈ। ਪੰਚਾਇਤੀ ਚੋਣਾਂ ਨੂੰ ਲੈ ਕੇ ਹੀ ਇਲਾਕਾ ਨਿਵਾਸੀਆਂ ਤੇ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਦੇ ਵਫ਼ਦ ਨੇ ਸ੍ਰੀ ਕੰਗ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ ਅਤੇ ਮਾਮਲੇ ਸਬੰਧੀ ਜਾਣੂ ਕਰਵਾਇਆ।
ਵਫ਼ਦ ਨਾਲ ਮੁਲਾਕਾਤ ਤੋਂ ਬਾਅਦ ਸ੍ਰੀ ਕੰਗ ਨੇ ਦੱਸਿਆ ਕਿ ਸਰਕਾਰ ਵਲੋਂ ਪੰਚਾਇਤ ਚੋਣਾਂ ਵਿੱਚ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਐੱਨਓਸੀ, ਚੁੱਲ੍ਹਾ ਟੈਕਸ, ਹਲਫ਼ੀਆ ਬਿਆਨ, ਵਾਰਡਬੰਦੀ ਅਤੇ ਰਾਖਵਾਕਰਨ ਅਜਿਹੇ ਮੁੱਦੇ ਹਨ ਜਿਨ੍ਹਾਂ ਵਿੱਚ ਸੱਤਾਧਾਰੀ ਧਿਰ ਦੇ ਆਗੂਆਂ ਵਲੋਂ ਵਿਰੋਧੀ ਪਾਰਟੀਆਂ ਦੇ ਚੋਣ ਲੜਨ ਦੇ ਚਾਹਵਾਨਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਸ੍ਰੀ ਕੰਗ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਦੇ ਆਗੂ ਇਸ ਚੋਣ ਵਿੱਚ ਮੋਹਰੀ ਭੂਮਿਕਾ ਨਿਭਾਅ ਰਹੇ ਹਨ ਅਤੇ ਆਪਣੀ ਪਾਰਟੀ ਦੇ ਉਮੀਦਵਾਰਾਂ ਦੀ ਸਿਆਸੀ ਸ਼ਾਖ ਬਚਾਉਣ ਲਈ ਵਿਰੋਧੀਆਂ ਨੂੰ ਪਹਿਲਾਂ ਹੀ ਲਾਂਭੇ ਕਰਨ ਵਿੱਚ ਜੁਟੇ ਹੋਏ ਹਨ। ਸ੍ਰੀ ਕੰਗ ਨੇ ਕਿਹਾ ਕਿ ਇਹ ਸਭ ਕੁਝ ਲੋਕਤੰਤਰ ਦਾ ਘਾਣ ਹੈ। ਉਨ੍ਹਾਂ ਚੋਣ ਕਮਿਸ਼ਨ ਨੂੰ ਸਾਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਨ ਅਤੇ ਕਾਰਵਾਈ ਦੀ ਮੰਗ ਕੀਤੀ।