ਸਿੱਖਾਂ ਦਾ ਵਫ਼ਦ ਅੱਜ ਵਿਦੇਸ਼ ਮੰਤਰੀ ਨਾਲ ਕਰੇਗਾ ਮੁਲਾਕਾਤ
ਪੱਤਰ ਪ੍ਰੇਰਕ
ਨਵੀਂ ਦਿੱਲੀ, 26 ਜੁਲਾਈ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲੀ ਦਲ ਦਾ ਇੱਕ ਵਫ਼ਦ ਸੋਮਵਾਰ ਨੂੰ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਪਾਕਿਸਤਾਨ ਵਿੱਚ ਸ਼੍ਰੋਮਣੀ ਸ਼ਹੀਦ ਭਾਈ ਤਾਰੂ ਸਿੰਘ ਦੇ ਨਾਮ ’ਤੇ ਸਥਿਤ ਗੁਰਦੁਆਰਾ ਸਾਹਿਬ ਨੂੰ ਮਸਜਿਦ ਵਿੱਚ ਬਦਲਣ ਦੇ ਯਤਨਾਂ ਤੋਂ ਜਾਣੂ ਕਰਵਾਏਗਾ।
ਉਨ੍ਹਾਂ ਕਿਹਾ ਕਿ ਵਫ਼ਦ ਵੱਲੋਂ ਮੰਗ ਕੀਤੀ ਕਿ ਜਾਵੇਗੀ ਕਿ ਉਹ ਇਹ ਮਾਮਲਾ ਪਾਕਿਸਤਾਨ ਸਰਕਾਰ ਕੋਲ ਚੁੱਕਣ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਗੁਰਦੁਆਰਾ ਸਾਹਿਬ ਸੁਰੱਖਿਅਤ ਰਹੇ। ਇੱਕ ਬਿਆਨ ਵਿਚ ਸ੍ਰੀ ਸਿਰਸਾ ਨੇ ਕਿਹਾ ਕਿ ਬੀਤੇ ਦਨਿੀਂ ਕੁਝ ਸ਼ਰਾਰਤੀ ਅਨਸਰਾਂ ਨੇ ਇੱਕ ਵੀਡੀਓ ਵਾਇਰਲ ਕੀਤੀ ਸੀ ਜਿਸ ਵਿੱਚ ਉਨ੍ਹਾਂ ਨੇ ਇਹ ਦਾਅਵਾ ਕਰਨ ਦੇ ਯਤਨ ਕੀਤੇ ਕਿ ਇਹ ਗੁਰਦੁਆਰਾ ਸਾਹਿਬ ਨਹੀਂ ਬਲਕਿ ਮਸਜਿਦ ਹੈ।
ਉਨ੍ਹਾਂ ਨੇ ਸਿੱਖਾਂ ਨੂੰ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਨਾ ਹੋਣ ਦੇਣ ਦੀਆਂ ਧਮਕੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਵਿਦੇਸ਼ ਮੰਤਰੀ ਨੂੰ ਅਪੀਲ ਕੀਤੀ ਜਾਵੇਗੀ ਕਿ ਉਹ ਸਿੱਖ ਭਾਈਚਾਰੇ ਦੀਆਂ ਚਿੰਤਾਵਾਂ ਨੂੰ ਸਮਝਦਿਆਂ ਪਾਕਿਸਤਾਨ ਸਰਕਾਰ ਕੋਲ ਇਹ ਮਾਮਲਾ ਚੁੱਕਣ।
ਸ੍ਰੀ ਸਿਰਸਾ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ੍ਰੀ ਇਮਰਾਨ ਖਾਨ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਗੁਰਦੁਆਰਾ ਸਾਹਿਬ ਸੁਰੱਖਿਅਤ ਤੇ ਮਹਿਫੂਜ਼ ਰਹੇ। ਉਨ੍ਹਾਂ ਕਿਹਾ ਕਿ ਇਹ ਗੁਰਦੁਆਰਾ ਸਾਹਿਬ ਅਸਲ ਵਿਚ ਭਾਈ ਤਾਰੂ ਸਿੰਘ ਦਾ ਸ਼ਹੀਦੀ ਅਸਥਾਨ ਹੈ। ਉਨ੍ਹਾਂ ਕਿਹਾ ਕਿ ਉਹ ਯਕੀਨੀ ਬਣਾਉਣਗੇ ਕਿ ਗੁਰਦੁਆਰਾ ਸਾਹਿਬ ਨੂੰ ਮਸਜਿਦ ਵਿਚ ਨਾ ਬਦਲਿਆ ਜਾਵੇ।