ਅਕਾਲੀ ਦਲ ਸੁਧਾਰ ਲਹਿਰ ਦਾ ਵਫ਼ਦ ਰਾਜਪਾਲ ਨੂੰ ਮਿਲਿਆ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਹੇਠ ਪੰਜ ਮੈਂਬਰੀ ਵਫ਼ਦ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰ ਕੇ ਮੰਡੀਆਂ ਵਿੱਚ ਰੁਲ ਰਹੇ ਕਿਸਾਨਾਂ ਦੀ ਸਾਰ ਲੈਣ ਦੀ ਅਪੀਲ ਕੀਤੀ। ਇਸ ਮੌਕੇ ਪ੍ਰੇਮ ਸਿੰਘ ਚੰਦੂਮਾਜਰਾ, ਸਿਕੰਦਰ ਸਿੰਘ ਮਲੂਕਾ, ਪਰਮਿੰਦਰ ਸਿੰਘ ਢੀਂਡਸਾ, ਚਰਨਜੀਤ ਸਿੰਘ ਬਰਾੜ ਤੇ ਗਗਨਜੀਤ ਸਿੰਘ ਬਰਨਾਲਾ ਸ਼ਾਮਲ ਸਨ। ਆਗੂਆਂ ਨੇ ਰਾਜਪਾਲ ਨੂੰ ਕਿਸਾਨਾਂ ਦੀ ਹੋਣੀ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਪਿਛਲੇ 20 ਦਿਨ ਤੋਂ ਮੰਡੀਆਂ ਵਿੱਚ ਕਿਸਾਨ ਰੁਲ਼ ਰਿਹਾ ਹੈ ਅਤੇ ਨਾ ਹੀ ਲਿਫਟਿੰਗ ਹੋ ਰਹੀ ਹੈ। ਸੁਧਾਰ ਲਹਿਰ ਦੇ ਆਗੂਆਂ ਨੇ ਰਾਜਪਾਲ ਨੂੰ ਫੌਰੀ ਤੌਰ ’ਤੇ ਕਿਸਾਨੀ ਮੁੱਦੇ ’ਤੇ ਧਿਆਨ ਦੇਣ ਲਈ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਰਿਪੋਰਟ ਤਲਬ ਕਰਨ ਦੀ ਮੰਗ ਕੀਤੀ । ਇਸ ਮੌਕੇ ਵਫ਼ਦ ਦੇ ਆਗੂਆਂ ਨੇ ਰਾਜਪਾਲ ਨੂੰ ਮੰਗ ਪੱਤਰ ਵੀ ਸੌਂਪਿਆ। ਮਗਰੋਂ ਜਥੇਦਾਰ ਵਡਾਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ’ਤੇ ਕਾਬਜ਼ ਧੜਾ ਹਮੇਸ਼ਾ ਆਪਣੇ ਸਿਆਸੀ ਹਿਤਾਂ ਲਈ ਅਕਾਲ ਤਖ਼ਤ ਦਾ ਨਿਰਾਦਰ ਕਰਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਲਏ ਗਏ ਆਤਮਘਾਤੀ ਫੈਸਲੇ ਪਿੱਛੇ ਕੰਧ ’ਤੇ ਲਿਖੀ ਵੱਡੀ ਹਾਰ ਦਾ ਪੜ੍ਹਨਾ ਸੀ ਪਰ ਇਸ ਫ਼ੈਸਲੇ ਨੂੰ ਅਕਾਲ ਤਖ਼ਤ ਦੀ ਮਰਿਆਦਾ ਨਾਲ ਜੋੜਨਾ ਗਲਤ ਹੈ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬਾਨਾਂ ਵੱਲੋਂ ਸਿਰਫ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਹੋਇਆ ਹੈ ਨਾ ਕਿ ਪੂਰੀ ਲੀਡਰਸ਼ਿਪ ਨੂੰ। ਉਨ੍ਹਾਂ ਕਿਹਾ ਕਿ ਸੁਖਬੀਰ ਅਕਾਲੀ ਦਲ ਨੂੰ ਪ੍ਰਾਈਵੇਟ ਲਿਮਟਿਡ ਕੰਪਨੀ ਵਾਂਗ ਚਲਾ ਰਹੇ ਹਨ।