ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦਾ ਵਫ਼ਦ ਡੀਸੀ ਨੂੰ ਮਿਲਿਆ
ਖੇਤਰੀ ਪ੍ਰਤੀਨਿਧ
ਪਟਿਆਲਾ, 23 ਨਵੰਬਰ
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਜ਼ਿਲ੍ਹਾ ਪਟਿਆਲਾ ਦੇ ਇੱਕ ਵਫ਼ਦ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਸ਼ਾਮਲਾਟ ਜ਼ਮੀਨ ਵਿੱਚ ਹਿੱਸੇ ਸਬੰਧੀ ਮੀਟਿੰਗ ਕੀਤੀ ਗਈ। ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਧਰਮਵੀਰ ਸਿੰਘ ਦੀ ਅਗਵਾਈ ਹੇਠਲੇ ਵਫ਼ਦ ਨੇ ਕਿਹਾ ਕਿ ਪੰਚਾਇਤੀ ਜ਼ਮੀਨਾਂ ਵਿੱਚ ਅਨੁਸੂਚਿਤ ਜਾਤੀ ਨੂੰ ਉਨ੍ਹਾਂ ਦਾ ਬਣਦਾ ਇੱਕ ਤਿਹਾਈ ਹਿੱਸਾ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਦੋਸ਼ ਲਾਇਆ ਕਿ ਪਟਿਆਲਾ ਜ਼ਿਲ੍ਹੇ ਦੇ ਪੰਚਾਇਤ ਵਿਭਾਗ ਨਾਲ ਸਬੰਧਿਤ ਕੁਝ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਜਨਰਲ ਸ਼੍ਰੇਣੀ ਦੇ ਵਿਅਕਤੀਆਂ ਵੱਲੋਂ ਅਨੁਸੂਚਿਤ ਜਾਤੀਆਂ ਦੇ ਹਿੱਸੇ ਦੀ ਸ਼ਾਮਲਾਟ ਜ਼ਮੀਨ ਵੀ ਹਥਿਆਈ ਜਾ ਰਹੀ ਹੈ।
ਉਨ੍ਹਾਂ ਮੰਗ ਕੀਤੀ ਕਿ ਘੱਟੋ-ਘੱਟ ਦਰਾਂ ’ਤੇ ਨਿਰਪੱਖ ਨਿਲਾਮੀ ਕਰਕੇ ਅਨੁਸੂਚਿਤ ਜਾਤੀਆਂ ਨੂੰ ਪੰਚਾਇਤੀ ਜ਼ਮੀਨ ਦਾ ਤੀਜਾ ਹਿੱਸਾ ਦੇਣ ਦੀ ਕਾਰਵਾਈ ਯਕੀਨੀ ਬਣਾਈ ਜਾਵੇ। ਇਸਤਰੀ ਜਾਗਰਤੀ ਮੰਚ ਦੀ ਆਗੂ ਅਮਨ ਦਿਓਲ ਨੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਮੰਗ ਦੀ ਹਮਾਇਤ ਕੀਤੀ।