ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਵੱਲੋਂ ਸੰਧਵਾਂ ਨੂੰ ਮੰਗ ਪੱਤਰ
ਕੁਲਦੀਪ ਸਿੰਘ
ਚੰਡੀਗੜ੍ਹ, 26 ਅਕਤੂਬਰ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਅਥਾਰਿਟੀ ਵੱਲੋਂ ਸੈਨੇਟ ਚੋਣਾਂ ਦੀ ਖ਼ਤਮ ਹੋਣ ਜਾ ਰਹੀ ਮਿਆਦ ਦੇ ਬਾਵਜੂਦ ਚੋਣ ਪ੍ਰਕਿਰਿਆ ਸ਼ੁਰੂ ਨਾ ਕਰਨ ਦਾ ਭਾਵੇਂ ਵਿਦਿਆਰਥੀ ਜਥੇਬੰਦੀਆਂ ਅਤੇ ਸੈਨੇਟਰਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਪਰ ਅਥਾਰਿਟੀ ਟੱਸ ਤੋਂ ਮੱਸ ਨਹੀਂ ਹੋ ਰਹੀ ਹੈ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਲਗਾਤਾਰ ਵਿਰੋਧ ਦੇ ਬਾਵਜੂਦ ਵਾਈਸ ਚਾਂਸਲਰ ਪ੍ਰੋ. ਰੇਣੂ ਵਿੱਗ ਵੱਲੋਂ ਕੋਈ ਵੀ ਅਧਿਕਾਰਤ ਬਿਆਨ ਜਾਂ ਪੱਤਰ ਜਾਰੀ ਨਹੀਂ ਕੀਤਾ ਜਾ ਰਿਹਾ। ’ਵਰਸਿਟੀ ਵਿੱਚ ਇਸ ਗੱਲ ਦੀ ਚਰਚਾ ਜ਼ੋਰਾਂ ’ਤੇ ਹੈ ਕਿ ਕੇਂਦਰ ਸਰਕਾਰ ਇਸ ਯੂਨੀਵਰਸਿਟੀ ਵਿੱਚ ਲੋਕਤੰਤਰਿਕ ਢਾਂਚਾ ‘ਸੈਨੇਟ’ ਖ਼ਤਮ ਕਰ ਕੇ ਬੋਰਡ ਆਫ ਗਵਰਨੈਂਸ ਲਾਗੂ ਕਰਨਾ ਚਾਹੁੰਦੀ ਹੈ।
ਸੈਨੇਟ ਚੋਣਾਂ ਕਰਵਾਉਣ ਦੀ ਮੰਗ ਲਈ ਵਿਦਿਆਰਥੀ ਜਥੇਬੰਦੀ ‘ਸੱਥ’ ਵੱਲੋਂ ਵਾਈਸ ਚਾਂਸਲਰ ਦਫ਼ਤਰ ਅੱਗੇ ਦਿਨ-ਰਾਤ ਦਾ ਲਗਾਤਾਰ ਧਰਨਾ ਚੱਲ ਰਿਹਾ ਹੈ। ਇਸੇ ਮਕਸਦ ਲਈ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਗਠਿਤ ਕੀਤੇ ‘ਪੰਜਾਬ ਯੂਨੀਵਰਸਿਟੀ ਬਚਾਓ’ ਮੋਰਚੇ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਯੂਨੀਵਰਸਿਟੀ ਨੂੰ ਬਚਾਉਣ ਦੀ ਅਪੀਲ ਕਰਦਿਆਂ ਵਿਧਾਨ ਸਭਾ ਵਿੱਚ ਮਤਾ ਪਾਸ ਕਰਵਾਉਣ ਲਈ ਮੰਗ ਪੱਤਰ ਵੀ ਸੌਂਪਿਆ।
ਸਪੀਕਰ ਨੂੰ ਮੰਗ ਪੱਤਰ ਸੌਂਪਣ ਗਏ ਵਫ਼ਦ ਵਿੱਚ ਸ਼ਾਮਿਲ ਵਿਦਿਆਰਥੀ ਆਗੂ ਰਿਮਲਜੋਤ ਸਿੰਘ ਨੇ ਸਪੀਕਰ ਸ੍ਰੀ ਸੰਧਵਾਂ ਨੂੰ ਚੇਤੇ ਕਰਵਾਇਆ ਕਿ ਵਿਦਿਆਰਥੀ ਜਥੇਬੰਦੀ ‘ਸੱਥ’ ਵੱਲੋਂ ਜੁਲਾਈ-2024 ਵਿੱਚ ਵੀ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ ਗਿਆ ਸੀ ਕਿ ਅਗਲੇ ਸਾਲ ਯੂਨੀਵਰਸਿਟੀ ਦੀ 75ਵੀਂ ਵਰੇਗੰਢ ਮੌਕੇ ਪੰਜਾਬ ਯੂਨੀਵਰਸਿਟੀ ਨੂੰ ਪੰਜਾਬ ਸੂਬੇ ਦੀ ਯੂਨੀਵਰਸਿਟੀ ਐਲਾਨਿਆ ਜਾਵੇ।
ਵਿਦਿਆਰਥੀ ਆਗੂਆਂ ਨੇ ਦੱਸਿਆ ਕਿ ਸਪੀਕਰ ਸ੍ਰੀ ਸੰਧਵਾਂ ਨੇ ਧਰਨੇ ਦਾ ਪੂਰਨ ਤੌਰ ’ਤੇ ਸਮਰਥਨ ਕੀਤਾ ਅਤੇ ਯਕੀਨ ਦਿਵਾਇਆ ਕਿ ਇਸ ਸਬੰਧ ਵਿਚ ਉਹ ਲੋੜੀਂਦੇ ਕਦਮ ਚੁੱਕਣਗੇ।
ਚੋਣਾਂ ਕਰਵਾਉਣ ਤੱਕ ਮੌਜੂਦਾ ਸੈਨੇਟ ਦੀ ਮਿਆਦ ਵਧਾਉਣ ਦੀ ਮੰਗ
ਵਫ਼ਦ ਨੇ ਅੱਜ ਵੀ ਮੰਗ ਕੀਤੀ ਕਿ ਪੀਯੂ ਵਿੱਚ ਸੈਨੇਟ ਚੋਣਾਂ ਦੀ ਪ੍ਰਕਿਰਿਆ ਸ਼ੁਰੂ ਕਰਵਾਈ ਜਾਵੇ ਤੇ ਜਦੋਂ ਤੱਕ ਚੋਣਾਂ ਨਹੀਂ ਹੋ ਜਾਂਦੀਆਂ, ਉਦੋਂ ਤੱਕ ਮੌਜੂਦਾ ਸੈਨੇਟ ਦੀ ਮਿਆਦ ਵਧਾਉਣ ਲਈ ਅਥਾਰਿਟੀ ਨੂੰ ਪਾਬੰਦ ਕੀਤਾ ਜਾਵੇ।