ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਰਦੁਆਰੇ ’ਚ ਗੈਸ ਲੀਕ ਹੋਣ ਕਾਰਨ ਅੱਗ ਲੱਗੀ, ਸੱਤ ਝੁਲਸੇ

08:10 AM Aug 03, 2024 IST
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤੋਂ ਘਟਨਾ ਦੀ ਜਾਣਕਾਰੀ ਹਾਸਲ ਕਰਦੇ ਹੋਏ ਐੱਸਐੱਸਪੀ ਸੌਮਿਆ ਮਿਸ਼ਰਾ।

ਸੰਜੀਵ ਹਾਂਡਾ
ਫ਼ਿਰੋਜ਼ਪੁਰ, 2 ਅਗਸਤ
ਇਥੇ ਪਿੰਡ ਬਜੀਦਪੁਰ ’ਚ ਸਥਿਤ ਇਤਿਹਾਸਕ ਗੁਰਦੁਆਰਾ ਜਾਮਨੀ ਸਾਹਿਬ ਦੀ ਰਸੋਈ ਵਿੱਚ ਅੱਜ ਦੁਪਹਿਰੇ ਗੈਸ ਲੀਕ ਹੋਣ ਕਾਰਨ ਅੱਗ ਲੱਗ ਗਈ। ਇਸ ਕਾਰਨ ਦੋ ਸੇਵਾਦਾਰ ਅਤੇ ਪੰਜ ਸਕੂਲੀ ਬੱਚੇ ਝੁਲਸ ਗਏ। ਜ਼ਖ਼ਮੀਆਂ ਨੂੰ ਤੁਰਤ ਸਿਵਲ ਹਸਪਤਾਲ ਲਿਜਾਇਆ ਗਿਆ ਜਿਥੋਂ ਉਨ੍ਹਾਂ ਨੂੰ ਮੁੱਢਲੇ ਇਲਾਜ ਮਗਰੋਂ ਫ਼ਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ। ਸੇਵਾਦਾਰ ਦਲਜੀਤ ਸਿੰਘ ਅਮਨਦੀਪ ਹਸਪਤਾਲ ਤੇ ਤਲਵਿੰਦਰ ਸਿੰਘ ਲੁਧਿਆਣਾ ਦੇ ਡੀਐੱਮਸੀ ਵਿੱਚ ਜ਼ੇਰੇ ਇਲਾਜ ਹਨ। ਤਲਵਿੰਦਰ ਸਿੰਘ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜ਼ਖ਼ਮੀ ਬੱਚਿਆਂ ਦੀ ਪਛਾਣ ਰਾਜ ਪਾਲ (18), ਰਾਮ ਭਗਵਾਨ (14), ਗੁਰਬਖ਼ਸ਼ (16), ਅਕਾਸ਼ਦੀਪ (18) ਅਤੇ ਜਗਸੀਰ (17) ਦੱਸੀ ਗਈ ਹੈ, ਜੋ ਫ਼ਰੀਦਕੋਟ ਮੈਡੀਕਲ ਕਾਲਜ ’ਚ ਦਾਖ਼ਲ ਹਨ। ਇਹ ਸਾਰੇ ਪਿੰਡ ਪਿਆਰੇਆਣਾ ਦੇ ਰਹਿਣ ਵਾਲੇ ਹਨ ਅਤੇ ਇੱਥੋਂ ਦੇ ਸਰਕਾਰੀ ਸਕੂਲ ਦੇ ਵਿਦਿਆਰਥੀ ਹਨ। ਘਟਨਾ ਵੇਲੇ ਇਹ ਲੜਕੇ ਗੁਰਦੁਆਰੇ ’ਚ ਸੇਵਾ ਕਰਨ ਆਏ ਸਨ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਐੱਸਐੱਸਪੀ ਸੌਮਿਆ ਮਿਸ਼ਰਾ ਤੇ ਹੋਰ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪ੍ਰਸ਼ਾਸਨ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਘਟਨਾ ਦਾ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਜ਼ਖ਼ਮੀ ਲੜਕਿਆਂ ਦਾ ਇਲਾਜ ਸਰਕਾਰੀ ਖਰਚੇ ’ਤੇ ਕਰਵਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਮਾਮਲੇ ਦੀ ਰਿਪੋਰਟ 6 ਅਗਸਤ ਤੱਕ ਕਮਿਸ਼ਨ ਨੂੰ ਭੇਜਣ ਲਈ ਕਿਹਾ ਹੈ।

Advertisement

ਸ਼੍ਰੋਮਣੀ ਕਮੇਟੀ ਕਰਵਾਏਗੀ ਜ਼ਖ਼ਮੀਆਂ ਦਾ ਇਲਾਜ

ਅੰਮ੍ਰਿਤਸਰ (ਟ੍ਰਿਬਿਉੂਨ ਨਿਉੂਜ਼ ਸਰਵਿਸ): ਫਿਰੋਜ਼ਪੁਰ ਦੇ ਗੁਰਦੁਆਰਾ ਸ੍ਰੀ ਜਾਮਨੀ ਸਾਹਿਬ ਦੀ ਰਸੋਈ ਵਿੱਚ ਗੈਸ ਸਿਲੰਡਰ ਲੀਕ ਹੋਣ ਕਰਕੇ ਅੱਗ ਲੱਗਣ ਕਾਰਨ ਝੁਲਸੇ ਪੰਜ ਲੜਕਿਆਂ ਤੇ ਦੋ ਹੋਰਨਾਂ ਦੇ ਜ਼ਖ਼ਮੀ ਹੋਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਹਾਦਸੇ ਦੇ ਪੀੜਤਾਂ ਦਾ ਇਲਾਜ ਸ਼੍ਰੋਮਣੀ ਕਮੇਟੀ ਕਰਵਾਏਗੀ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਜਾਂਚ ਲਈ ਸ਼੍ਰੋਮਣੀ ਕਮੇਟੀ ਵੱਲੋਂ ਟੀਮ ਭੇਜੀ ਗਈ ਹੈ ਜੋ ਮੁਕੰਮਲ ਰਿਪੋਰਟ ਸੌਂਪੇਗੀ। ਉਨ੍ਹਾਂ ਗੁਰਦੁਆਰਾ ਪ੍ਰਬੰਧਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਉਹ ਅਜਿਹੀਆਂ ਸੰਵੇਦਨਸ਼ੀਲ ਥਾਵਾਂ ’ਤੇ ਸੰਗਤ ਅਤੇ ਬੱਚਿਆਂ ਨੂੰ ਨਾ ਜਾਣ ਦੇਣ ਅਤੇ ਸੇਵਾ ਲਈ ਯੋਗ ਸੁਰੱਖਿਅਤ ਪ੍ਰਬੰਧ ਲਾਜ਼ਮੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਮੈਨੇਜਰਾਂ ਨੂੰ ਸਰਕੂਲਰ ਜਾਰੀ ਕਰਨ ਵਾਸਤੇ ਵੀ ਹੁਕਮ ਦਿੱਤੇ ਗਏ ਹਨ।

Advertisement
Advertisement
Advertisement