ਮੁਆਵਜ਼ੇ ਲਈ ਪੱਕਾ ਮੋਰਚਾ ਜਾਰੀ
ਪਵਨ ਗੋਇਲ
ਭੁੱਚੋ ਮੰਡੀ, 27 ਜੂਨ
ਬੇਮੌਸਮੀ ਬਰਸਾਤ ਅਤੇ ਗੜੇਮਾਰੀ ਨਾਲ ਖਰਾਬ ਕਣਕ ਦੀ ਫ਼ਸਲ ਦਾ ਮੁਆਵਜ਼ਾ ਲੈਣ ਲਈ ਪਿੰਡ ਗਿੱਦੜ ਦੀਆਂ ਤਿੰਨ ਕਿਸਾਨ ਜਥੇਬੰਦੀਆਂ ਵੱਲੋਂ ਭੁੱਚੋ ਹਲਕੇ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ਦੇ ਘਰ ਅੱਗੇ ਚੱਲ ਰਿਹਾ ਪੱਕਾ ਮੋਰਚਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਮੋਰਚੇ ਵਿੱਚ ਸ਼ਾਮਲ ਕਿਸਾਨਾਂ ਅਤੇ ਬੀਬੀਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਦੀ ਲਾਰੇ ਲੱਪੇ ਵਾਲੀ ਨੀਤੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਪਿੰਡ ਵਿੱਚ ਰੋਸ ਮਾਰਚ ਕੀਤਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਕਿਸਾਨਾਂ ਦੇ ਖਾਤਿਆਂ ਵਿੱਚ ਮੁਆਵਜ਼ੇ ਦੇ ਪੈਸੇ ਆਉਣ ਤੱਕ ਮੋਰਚਾ ਜਾਰੀ ਰਹੇਗਾ। ਹੁਣ ਉਹ ਸਰਕਾਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਭਰੋਸੇ ‘ਤੇ ਯਕੀਨ ਨਹੀਂ ਕਰਨਗੇ। ਇਸ ਮੌਕੇ ਭਾਕਿਯੂ ਉਗਰਾਹਾਂ ਦੇ ਸੂਬਾ ਸਕੱਤਰ ਸ਼ਿੰਗਾਰ ਸਿੰਘ ਮਾਨ ਨੇ ਦੱਸਿਆ ਕਿ ਰਾਤੀਂ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਧਰਨਾਕਾਰੀਆਂ ਨੂੰ ਮਨਾਉਣ ਲਈ ਵਾਰ ਵਾਰ ਗੱਲਬਾਤ ਸੱਦਾ ਦਿੱਤਾ ਗਿਆ, ਪਰ ਲੋਕਾਂ ਨੇ ਗੱਲਬਾਤ ਕਰਨ ਤੋਂ ਕੋਰਾ ਜਵਾਬ ਦੇ ਦਿੱਤਾ। ਇਸ ਦੌਰਾਨ ਵਿਧਾਇਕ ਨੇ ਜਦੋਂ ਕਿਸਾਨਾਂ ਤੋਂ ਇੱਕ ਹਫ਼ਤੇ ਦਾ ਸਮਾਂ ਮੰਗਿਆ, ਤਾਂ ਉਨ੍ਹਾਂ ਨੇ ਵਿਧਾਇਕ ਦੇ ਇਸ ਸੁਝਾਅ ਨੂੰ ਇਹ ਕਹਿ ਕੇ ਠੁਕਰਾਅ ਦਿੱਤਾ ਕਿ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਪਹਿਲਾਂ ਹੀ 25 ਦਿਨਾਂ ਤੋਂ ਲਗਾਤਾਰ ਵਾਅਦੇ ਕਰਕੇ ਮੁੱਕਰ ਗਿਆ ਹੈ। ਇਸ ਮੌਕੇ ਭਾਕਿਯੂ ਉਗਰਾਹਾਂ ਦੇ ਬਲਾਕ ਨਥਾਣਾ ਦੇ ਪ੍ਰਧਾਨ ਹੁਸ਼ਿਆਰ ਸਿੰਘ, ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ ਬੀਰਾ ਤੇ ਮਹਿਲਾ ਵਿੰਗ ਦੇ ਕਰਮਜੀਤ ਕੌਰ ਲਹਿਰਾ ਖਾਨਾ ਆਦਿ ਨੇ ਸੰਬੋਧਨ ਕਰਕੇ ਸਰਕਾਰਾਂ ਦੀਆਂ ਕਿਸਾਨ ਮਾਰੂ ਨੀਤੀਆਂ ਦਾ ਭਾਂਡਾ ਭੰਨ੍ਹਿਆ।