ਭਗਤ ਨਾਮਦੇਵ ਨੂੰ ਸਮਰਪਿਤ ਸਮਾਗਮ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 25 ਨਵੰਬਰ
ਆਲ ਇੰਡੀਆ ਕਸ਼ੱਤਰੀਆ (ਟਾਂਕ) ਪ੍ਰਤੀਨਿਧੀ ਸਭਾ ਦੀ ਸਰਪ੍ਰਸਤੀ ਹੇਠ ਗੁਰਦੁਆਰਾ ਭਗਤ ਨਾਮਦੇਵ ਵਿਖੇ ਸਭਾ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਦਮਦਮੀ ਅਤੇ ਇਕਾਈ ਪ੍ਰਧਾਨ ਸੁਖਦੇਵ ਸਿੰਘ ਰਤਨ ਦੀ ਪ੍ਰਧਾਨਗੀ ਹੇਠ ਬ੍ਰਹਮ ਗਿਆਨੀ ਭਗਤ ਨਾਮਦੇਵ ਦੇ 754ਵੇਂ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਉੱਚ ਕੋਟੀ ਦੇ ਵਿਦਵਾਨ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਤੋਂ ਹਜ਼ੂਰੀ ਰਾਗੀ ਭਾਈ ਗੁਰਜੀਤ ਸਿੰਘ ਅਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਹਜ਼ੂਰੀ ਕਥਾਵਾਚਕ ਗਿਆਨੀ ਪ੍ਰਿਤਪਾਲ ਸਿੰਘ ਨੇ ਭਗਤ ਨਾਮਦੇਵ ਜੀ ਦੀ ਬਾਣੀ ਤੇ ਕਥਾ ਕੀਰਤਨ ਕੀਤਾ। ਸਮਾਗਮ ’ਚ ਵਿਸ਼ੇਸ਼ ਤੌਰ ’ਤੇ ਪੁੱਜੇ ਵਿਧਾਇਕ ਨਰਿੰਦਰ ਕੌਰ ਨੇ ਕਿਹਾ ਕਿ ਭਗਤ ਨਾਮਦੇਵ ਜੀ ਇੱਕ ਕ੍ਰਾਂਤੀਕਾਰੀ ਭਗਤ ਹੋਏ ਹਨ, ਜਿਨ੍ਹਾਂ ਨੇ ਦੱਬੇ ਕੁਚਲੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਹੈ। ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧੀ ਸਭਾ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਦਮਦਮੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਭਗਤ ਨਾਮਦੇਵ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਸਾਰੇ ਸਰਕਾਰੀ, ਅਰਧ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਕਾਲਜਾਂ ਵਿੱਚ ਭਗਤ ਜੀ ਦੇ ਸ਼ਬਦਾਂ ਅਤੇ ਬਾਣੀ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇ। ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਭਗਤ ਨਾਮਦੇਵ ਦੀ ਬੰਦ ਪਈ ਚੇਅਰ ਨੂੰ ਮੁੜ ਚਾਲੂ ਕੀਤਾ ਜਾਵੇ।