ਮੁੱਖ ਮੰਤਰੀ ਵੱਲੋਂ ਬਠਿੰਡਾ ਵਾਸੀਆਂ ਨੂੰ ਤੋਹਫ਼ਾ
ਸ਼ਗਨ ਕਟਾਰੀਆ
ਬਠਿੰਡਾ, 24 ਅਕਤੂਬਰ
ਇੱਥੇ ਬਠਿੰਡਾ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 41 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਗਰਲਜ਼ ਸਕੂਲ ਤੇ ਬਲਵੰਤ ਗਾਰਗੀ ਆਡੀਟੋਰੀਅਮ ਲੋਕਾਂ ਨੂੰ ਸਮਰਪਿਤ ਕੀਤੇ। ਅੱਜ ਇੱਥੇ ਬਲਵੰਤ ਗਾਰਗੀ ਆਡੀਟੋਰੀਅਮ ਲੋਕਾਂ ਨੂੰ ਸਮਰਪਿਤ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਤਰੱਕੀ ਦਾ ਸਬੰਧ ਹੈ, ਸਾਡੇ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਆਡੀਟੋਰੀਅਮ 30 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ। ਆਡੀਟੋਰੀਅਮ ਵਿੱਚ ਸੈਮੀਨਾਰ ਹਾਲ, ਦੋ ਕਾਨਫਰੰਸ ਰੂਮ, ਪ੍ਰਦਰਸ਼ਨੀ ਹਾਲ ਅਤੇ ਲੋਕਾਂ ਲਈ ਹੋਰ ਲੋੜੀਂਦੀਆਂ ਸਹੂਲਤਾਂ ਹਨ। ਉਨ੍ਹਾਂ ਕਿਹਾ ਕਿ ਆਡੀਟੋਰੀਅਮ ਦਾ ਨਾਂ ਉੱਘੇ ਸਾਹਿਤਕਾਰ ਪਦਮਸ੍ਰੀ ਬਲਵੰਤ ਗਾਰਗੀ ਦੇ ਨਾਂ ’ਤੇ ਰੱਖਿਆ ਗਿਆ ਹੈ ਅਤੇ ਇਹ ਮਿੱਟੀ ਦੇ ਮਹਾਨ ਪੁੱਤਰ ਨੂੰ ਅਸਲ ਸ਼ਰਧਾਂਜਲੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਅਤਿ-ਆਧੁਨਿਕ ਆਡੀਟੋਰੀਅਮ ਪਹਿਲਾਂ ਸਿਰਫ਼ ਵਿਦੇਸ਼ਾਂ ਵਿੱਚ ਹੀ ਬਣਾਇਆ ਜਾਂਦਾ ਸੀ। ਉਨ੍ਹਾਂ ਆਸ ਪ੍ਰਗਟਾਈ ਕਿ ਆਡੀਟੋਰੀਅਮ ਨੂੰ ਵਰਕਸ਼ਾਪਾਂ, ਸੈਮੀਨਾਰਾਂ ਅਤੇ ਹੋਰ ਸਮਾਗਮਾਂ ਲਈ ਵਰਤਿਆ ਜਾਵੇਗਾ, ਜੋ ਨੌਜਵਾਨਾਂ ਨੂੰ ਯੋਗ ਸੇਧ ਦੇਣ ਵਿੱਚ ਮਦਦ ਕਰਨਗੇ।
ਸਮਾਗਮ ਮੌਕੇ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਵਿਧਾਇਕ ਰਾਮਪੁਰਾ ਫੂਲ ਬਲਕਾਰ ਸਿੰਘ ਸਿੱਧੂ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਭੱਲਾ, ਚੇਅਰਮੈਨ ਸ਼ੂਗਰਫੈੱਡ ਨਵਦੀਪ ਜੀਦਾ, ਚੇਅਰਮੈਨ ਜੰਗਲਾਤ ਵਿਭਾਗ ਰਾਕੇਸ਼ ਪੁਰੀ, ਚੈਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਅੰਮ੍ਰਿਤ ਲਾਲ ਅਗਰਵਾਲ, ਚੇਅਰਮੈਨ ਆਬਕਾਰੀ ਤੇ ਕਰ ਵਿਭਾਗ ਅਨਿਲ ਠਾਕੁਰ, ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰੀਜ਼ ਡਿਵੈਲਪਮੈਂਟ ਬੋਰਡ ਨੀਲ ਗਰਗ, ਡੀਸੀ ਸ਼ੌਕਤ ਅਹਿਮਦ ਪਰੇ, ਡੀਆਈਜੀ ਬਠਿੰਡਾ ਰੇਂਜ ਹਰਚਰਨ ਸਿੰਘ ਭੁੱਲਰ, ਐੱਸਐੱਸਪੀ ਮੈਡਮ ਅਮਨੀਤ ਕੌਂਡਲ, ਕਮਿਸ਼ਨਰ ਨਗਰ ਨਿਗਮ ਨਵਜੋਤ ਸਿੰਘ ਰੰਧਾਵਾ ਹਾਜ਼ਰ ਸਨ।
ਮੁੱਖ ਮੰਤਰੀ ਨੂੰ ਮਿਲਣ ਜਾਂਦੇ ਠੇਕਾ ਮੁਲਾਜ਼ਮ ਹਿਰਾਸਤ ਵਿੱਚ ਲਏ
ਮੁੱਖ ਮੰਤਰੀ ਭਗਵੰਤ ਮਾਨ ਦੀ ਫੇਰੀ ਮੌਕੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਕਾਰਕੁਨਾਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹ ਮੁੱਖ ਮੰਤਰੀ ਨੂੰ ਮੰਗਾਂ ਦੇ ਸਬੰਧ ’ਚ ਮਿਲਣਾ ਚਾਹੁੰਦੇ ਸਨ ਤਾਂ ਰਸਤੇ ’ਚ ਹੀ ਪੁਲੀਸ ਨੇ ਉਨ੍ਹਾਂ ਨੂੰ ਕਾਬੂ ਕਰ ਕੇ, ਥਾਣਾ ਨੰਦਗੜ੍ਹ ਵਿੱਚ ਲਿਜਾ ਕੇ ਬਿਠਾ ਦਿੱਤਾ। ਦੂਜੇ ਪਾਸੇ ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਿਰਾਸਤ ’ਚ ਲਏ ਠੇਕਾ ਕਰਮਚਾਰੀ ਪ੍ਰਦਰਸ਼ਨ ਕਰਨ ਦੇ ਮੂਡ ਨਾਲ ਮੁੱਖ ਮੰਤਰੀ ਦੀ ਆਮਦ ਵਾਲੀ ਜਗ੍ਹਾ ਵੱਲ ਕੂਚ ਕਰ ਰਹੇ ਸਨ। ਮੁੱਖ ਮੰਤਰੀ ਦੇ ਜਾਣ ਮਗਰੋਂ ਹਿਰਾਸਤ ’ਚ ਲਏ ਮੁਲਾਜ਼ਮਾਂ ਨੂੰ ਰਿਹਾਅ ਕਰ ਦਿੱਤਾ ਗਿਆ।