ਇਕ ਨਜ਼ਰ
ਹਾਦਸੇ ’ਚ ਵਿਅਕਤੀ ਜ਼ਖ਼ਮੀ
ਚੰਡੀਗੜ੍ਹ: ਇੱਥੋਂ ਦੇ ਸੈਕਟਰ-7 ਵਿੱਚ ਕੇਬੀ ਡੀਏਵੀ ਸਕੂਲ ਦੇ ਲਾਈਟ ਪੁਆਇੰਟ ’ਤੇ ਤੇਜ਼ ਰਫ਼ਤਾਰ ਕਾਰ ਦੀ ਚਪੇਟ ਵਿੱਚ ਆਉਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਜ਼ਖ਼ਮੀ ਹੋ ਗਿਆ। ਪੀੜਤ ਨੂੰ ਇਲਾਜ ਲਈ ਸੈਕਟਰ-16 ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਸ ਦੀ ਪਛਾਣ ਅਜੈ ਕੁਮਾਰ ਵਾਸੀ ਸੈਕਟਰ-7 ਵਜੇ ਹੋਂ ਹੋਈ। ਪੀੜਤ ਨੇ ਪੁਲੀਸ ਨੂੰ ਦੱਸਿਆ ਕਿ ਉਹ ਮੋਟਰਸਾਈਕਲ ’ਤੇ ਜਾ ਰਿਹਾ ਸੀ। ਜਦੋਂ ਉਹ ਲਾਈਟ ਪੁਆਇੰਟ ’ਤੇ ਪਹੁੰਚਿਆਂ ਤਾਂ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ। ਇਸ ਦੌਰਾਨ ਉਹ ਜ਼ਖ਼ਮੀ ਹੋ ਗਿਆ। ਥਾਣਾ ਸੈਕਟਰ-26 ਦੀ ਪੁਲੀਸ ਨੇ ਉਕਤ ਸ਼ਿਕਾਇਤ ’ਤੇ ਕਾਰ ਚਾਲਕ ਈਸ਼ਵਰ ਸਿੰਘ ਵਾਸੀ ਸੈਕਟਰ-7 ਵਿਰੁੱਧ ਕੇਸ ਦਰਜ ਕਰ ਲਿਆ ਹੈ। -ਟਨਸ
20 ਕਿਲੋ ਭੁੱਕੀ ਸਣੇ ਕਾਬੂ
ਡੇਰਾਬੱਸੀ: ਪੁਲੀਸ ਨੇ ਨਾਕੇ ਦੌਰਾਨ 20 ਕਿਲੋ ਭੁੱਕੀ ਸਮੇਤ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਯਕੂਬ ਅਲੀ ਵਾਸੀ ਪਿੰਡ ਹਰੀਪੁਰ ਹਿੰਦੂਆਂ ਡੇਰਾਬਸੀ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਦੋ ਦਿਨਾਂ ਦਾ ਰਿਮਾਂਡ ਹਾਸਲ ਕੀਤਾ ਹੈ। ਏਐੱਸਪੀ ਜਯੰਤਪੁਰੀ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਇੱਕ ਵਿਅਕਤੀ ਪਿਛਲੇ ਲੰਮੇ ਸਮੇਂ ਤੋਂ ਰਾਜਸਥਾਨ ਤੋਂ ਭੁੱਕੀ ਲਿਆ ਕੇ ਡੇਰਾਬੱਸੀ ਖੇਤਰ ਵਿੱਚ ਵੇਚਣ ਦਾ ਕਾਰੋਬਾਰ ਕਰ ਰਿਹਾ ਹੈ। ਇਸ ਮਗਰੋਂ ਪੁਲੀਸ ਵੱਲੋਂ ਬੱਸ ਸਟੈਂਡ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲੀਸ ਨੇ ਮੁਲਜ਼ਮ ਨੂੰ 20 ਕਿਲੋ ਭੁੱਕੀ ਸਮੇਤ ਕਾਬੂ ਕਰ ਲਿਆ। -ਨਿੱਜੀ ਪੱਤਰ ਪ੍ਰੇਰਕ
ਅਗਵਾ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ
ਜ਼ੀਰਕਪੁਰ: ਪੁਲੀਸ ਨੇ ਛੱਤ ਲਾਈਟ ਪੁਆਇੰਟ ’ਤੇ ਨਾਕੇ ਦੌਰਾਨ ਇੱਕ ਵਿਅਕਤੀ ਨੂੰ ਅਗਵਾ ਕਰਨ ਦੇ ਦੋਸ਼ ਹੇਠ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਅਗਵਾ ਕੀਤੇ ਸ਼ਿਵਮ ਕੋਹਲੀ ਤੇ ਉਸ ਦੇ ਵਾਹਨ ਨੂੰ ਵੀ ਕਬਜ਼ੇ ਤੋਂ ਛੁਡਵਾਇਆ ਗਿਆ ਹੈ। ਮੁਲਜ਼ਮਾਂ ਦੀ ਪਛਾਣ ਸੰਜੀਵ, ਰਾਜੀਵ ਅਤੇ ਸੁਨੀਲ ਵਜੋਂ ਹੋਈ ਹੈ। ਸਾਰੇ ਮੁਲਜ਼ਮ ਪੰਜਾਬ ਦੇ ਮਲੋਟ ਦੇ ਰਹਿਣ ਵਾਲੇ ਹਨ। ਪੀੜਤ ਸ਼ਿਵਮ ਕੋਹਲੀ ਦੇ ਜਾਣਕਾਰ ਮੁਨੀਸ਼ ਨਿਵਾਸੀ ਪਾਰਵਤੀ ਐਨਕਲੇਵ ਬਲਟਾਣਾ ਦੀ ਸ਼ਿਕਾਇਤ ’ਤੇ ਪੁਲੀਸ ਨੇ ਬੀਐੱਨਐੱਸ ਦੀ ਧਾਰਾ 140 (3) 61 (2) ਤਹਿਤ ਕੇਸ ਦਰਜ ਕੀਤਾ ਸੀ। ਅਦਾਲਤ ਨੇ ਤਿੰਨਾਂ ਮੁਲਜ਼ਮਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਤਹਿਤ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ ਹੈ। -ਨਿੱਜੀ ਪੱਤਰ ਪ੍ਰੇਰਕ