ਇਕ ਨਜ਼ਰ
ਮੁਲਜ਼ਮ 10 ਕਿਲੋ ਭੁੱਕੀ ਸਣੇ ਕਾਬੂ
ਖੰਨਾ: ਖੰਨਾ ਪੁਲੀਸ ਨੇ ਅੱਜ ਇੱਕ ਵਿਅਕਤੀ ਨੂੰ 10 ਕਿਲੋ ਭੂੱਕੀ ਸਣੇ ਕਾਬੂ ਕੀਤਾ ਹੈ। ਇਸ ਸਬੰਧੀ ਏਐੱਸਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਪ੍ਰਿੱਸਟਾਈਨ ਮਾਲ ਨੇੜੇ ਸ਼ੱਕ ਦੇ ਆਧਾਰ ’ਤੇ ਗੁਲਸ਼ਨ ਕੁਮਾਰ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 10 ਕਿਲੋ ਭੁੱਕੀ ਬਰਾਮਦ ਹੋਈ। ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਮਗਰੋਂ ਰਿਮਾਂਡ ’ਤੇ ਲੈ ਕੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ
ਕੁੱਟਮਾਰ ਦੇ ਦੋਸ਼ ਹੇਠ 20 ਖ਼ਿਲਾਫ਼ ਕੇਸ
ਲੁਧਿਆਣਾ: ਥਾਣਾ ਲਾਡੂਵਾਲ ਦੀ ਪੁਲੀਸ ਨੇ ਇੱਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ 20 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਪਿੰਡ ਮੰਨੇਵਾਲ ਵਾਸੀ ਅਰਜੁਨ ਸਿੰਘ ਨੇ ਦੱਸਿਆ ਕਿ ਪਿੰਡ ਵਾਸੀ ਹਰਪ੍ਰੀਤ ਸਿੰਘ ਸਮੇਤ 19-20 ਹੋਰ ਵਿਅਕਤੀਆਂ ਨੇ ਇਕੱਠੇ ਹੋ ਕੇ ਉਸ ਦੇ ਪਰਿਵਾਰਕ ਮੈਂਬਰਾਂ ’ਤੇ ਹਮਲਾ ਕੀਤਾ ਤੇ ਉਨ੍ਹਾਂ ਦੀ ਕੁੱਟਮਾਰ ਕੀਤੀ। ਉਸ ਨੇ ਦੱਸਿਆ ਕਿ ਹਮਲਾਵਰਾਂ ਨੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ। -ਨਿੱਜੀ ਪੱਤਰ ਪ੍ਰੇਰਕ
ਅਦਾਲਤ ਵੱਲੋਂ ਭਗੌੜੇ ਐਲਾਨੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ
ਲੁਧਿਆਣਾ: ਥਾਣਾ ਡਿਵੀਜ਼ਨ ਨੰਬਰ 7 ਦੀ ਪੁਲੀਸ ਨੇ ਅਦਾਲਤ ਵੱਲੋਂ ਭਗੌੜੇ ਐਲਾਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸ਼ੈਰਿਲ ਸੋਹੀ ਜੁਡੀਸ਼ਲ ਮੈਜਿਸਟਰੇਟ ਫਸਟ ਕਲਾਸ ਵੱਲੋਂ ਕਸ਼ਮੀਰ ਸਿੰਘ ਵਾਸੀ ਪਿੰਡ ਰਧੋਲੀ ਜ਼ਿਲ੍ਹਾ ਯਮੁਨਾਨਗਰ ਤੇ ਅਵਤਾਰ ਸਿੰਘ ਵਾਸੀ ਰੂਪ ਨਗਰ ਕਲੋਨੀ ਜਗਧਰੀ ਨੂੰ ਮੁਕੱਦਮਾ ਥਾਣਾ ਡਿਵੀਜ਼ਨ ਨੰਬਰ 7 ਦੇ ਸਬੰਧ ਵਿੱਚ ਅਦਾਲਤ ਵਿੱਚ ਪੇਸ਼ ਨਾ ਹੋਣ ’ਤੇ ਭਗੌੜਾ ਕਰਾਰ ਦਿੱਤਾ ਗਿਆ ਹੈ। -ਨਿੱਜੀ ਪੱਤਰ ਪ੍ਰੇਰਕ
ਹਵਾਲਾਤੀ ਤੋਂ ਨਸ਼ੀਲਾ ਪਾਊਡਰ ਬਰਾਮਦ
ਲੁਧਿਆਣਾ: ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਚੈਕਿੰਗ ਦੌਰਾਨ ਇੱਕ ਹਵਾਲਾਤੀ ਤੋਂ ਨਸ਼ੀਲਾ ਪਾਊਡਰ ਬਰਾਮਦ ਹੋਇਆ ਹੈ। ਜੇਲ੍ਹ ਦੇ ਸਹਾਇਕ ਸੁਪਰਡੈਂਟ ਸੁਖਦੇਵ ਸਿੰਘ ਨੇ ਦੱਸਿਆ ਕਿ ਅਮਲੇ ਵੱਲੋਂ ਕੇਂਦਰੀ ਜੇਲ੍ਹ ਦੀ ਕੀਤੀ ਗਈ ਚੈਕਿੰਗ ਦੌਰਾਨ ਹਵਾਲਾਤੀ ਮੁਕੇਸ਼ ਕੁਮਾਰ ਕੋਲੋਂ 9 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲੀਸ ਨੇ ਜੇਲ੍ਹ ਨਿਯਮਾਂ ਦੀ ਉਲੰਘਣਾ ਦੇ ਦੋਸ਼ ਹੇਠ ਕੇਸ ਦਰਜ ਕਰਕੇ ਕਾਰਵਾਈ ਆਰੰਭੀ ਹੈ। -ਨਿੱਜੀ ਪੱਤਰ ਪ੍ਰੇਰਕ