For the best experience, open
https://m.punjabitribuneonline.com
on your mobile browser.
Advertisement

ਪ੍ਰਕਾਸ਼ ਪੁਰਬ ਮਨਾ ਕੇ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਤੋਂ ਪਰਤਿਆ

07:54 AM Nov 24, 2024 IST
ਪ੍ਰਕਾਸ਼ ਪੁਰਬ ਮਨਾ ਕੇ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਤੋਂ ਪਰਤਿਆ
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 23 ਨਵੰਬਰ
ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ ਮਨਾ ਕੇ ਸਿੱਖ ਸ਼ਰਧਾਲੂਆਂ ਦਾ ਜੱਥਾ ਅੱਜ ਅਟਾਰੀ-ਵਾਹਗਾ ਸਰਹੱਦ ਰਸਤੇ ਭਾਰਤ ਵਾਪਸ ਪਰਤ ਆਇਆ। ਲਗਪਗ 2550 ਭਾਰਤੀ ਸਿੱਖ ਸ਼ਰਧਾਲੂਆਂ ਦਾ ਇਹ ਜੱਥਾ 14 ਨਵੰਬਰ ਨੂੰ ਪਾਕਿਸਤਾਨ ਰਵਾਨਾ ਹੋਇਆ ਸੀ। ਜਾਣਕਾਰੀ ਅਨੁਸਾਰ ਭਾਰਤੀ ਸਿੱਖ ਸ਼ਰਧਾਲੂ ਪਾਕਿਸਤਾਨ ਤੇ ਖਾਸ ਕਰਕੇ ਲਾਹੌਰ ਵਿੱਚ ਹਵਾ ਪ੍ਰਦੂਸ਼ਣ ਦਾ ਸ਼ਿਕਾਰ ਹੋਏ ਹਨ ਤੇ ਕਈ ਯਾਤਰੂਆਂ ਨੂੰ ਪ੍ਰਦੂਸ਼ਣ ਕਾਰਨ ਖੰਘ ਤੇ ਜੁਕਾਮ ਹੋ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਦੇ ਪ੍ਰਬੰਧਕ ਗੁਰਮੀਤ ਸਿੰਘ ਅਤੇ ਪਲਵਿੰਦਰ ਸਿੰਘ ਵੀ ਖਾਂਸੀ ਅਤੇ ਜੁਕਾਮ ਤੋਂ ਪੀੜਤ ਹਨ। ਉਨ੍ਹਾਂ ਦੱਸਿਆ ਕਿ ਜਥੇ ਦੇ ਹੋਰ ਮੈਂਬਰ ਵੀ ਲਾਹੌਰ ’ਚ ਪ੍ਰਦੂਸ਼ਣ ਕਾਰਨ ਪੀੜਤ ਹੋਏ ਹਨ। ਜ਼ਿਕਰਯੋਗ ਹੈ ਕਿ ਲਾਹੌਰ ਵਿੱਚ ਹਵਾ ਗੁਣਵੱਤਾ ਦਾ ਸੂਚਕਅੰਕ ਕਾਫੀ ਵਧਿਆ ਹੋਇਆ ਹੈ, ਜਿਸ ਕਾਰਨ ਉੱਥੇ ਸਕੂਲਾਂ ’ਚ ਬੱਚਿਆਂ ਨੂੰ ਛੁੱਟੀਆਂ ਕੀਤੀਆਂ ਗਈਆਂ ਹਨ ਅਤੇ ਆਨਲਾਈਨ ਪੜ੍ਹਾਈ ਚੱਲ ਰਹੀ ਹੈ। ਇਸੇ ਕਾਰਨ ਮਹਾਰਾਜਾ ਰਣਜੀਤ ਸਿੰਘ ਨਾਲ ਸਬੰਧਿਤ ਅਜਾਇਬ ਘਰ ਵੀ ਯਾਤਰੂਆਂ ਵਾਸਤੇ ਬੰਦ ਕੀਤਾ ਹੋਇਆ ਸੀ ਪਰ ਬਾਜ਼ਾਰ ਆਦਿ ਖੁੱਲ੍ਹੇ ਸਨ।
ਸ਼੍ਰੋਮਣੀ ਕਮੇਟੀ ਵੱਲੋਂ ਗਏ ਸਿੱਖ ਸ਼ਰਧਾਲੂਆਂ ਦੇ ਜੱਥੇ ਦੇ ਆਗੂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਲਹਿੰਦੇ ਪੰਜਾਬ ਦੀ ਸਰਕਾਰ ਵਿੱਚ ਘੱਟ ਗਿਣਤੀ ਮੰਤਰੀ ਵਜੋਂ ਸ਼ਾਮਲ ਰਮੇਸ਼ ਸਿੰਘ ਅਰੋੜਾ ਨਾਲ ਸ਼੍ਰੋਮਣੀ ਕਮੇਟੀ ਦੇ ਜਥੇ ਨੂੰ ਘੱਟ ਵੀਜ਼ੇ ਦੇਣ ਦਾ ਮਾਮਲਾ ਵੀ ਚੁੱਕਿਆ। ਉਨ੍ਹਾਂ ਦੱਸਿਆ ਕਿ ਇਸ ਵਾਰ 1400 ਤੋਂ ਵੱਧ ਸ਼ਰਧਾਲੂਆਂ ਦੇ ਵੀਜ਼ੇ ਕੱਟੇ ਗਏ ਹਨ, ਜਿਸ ਕਾਰਨ ਸ਼ਰਧਾਲੂਆਂ ਵਿੱਚ ਰੋਸ ਹੈ। ਇਸ ਦੌਰਾਨ ਪੀਐਸਜੀਪੀਸੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਨੇ ਦੱਸਿਆ ਕਿ ਲਹਿੰਦੇ ਪੰਜਾਬ ਦੀ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਸਮਾਧ ਦੀ ਮੁਰੰਮਤ ਵਾਸਤੇ 18 ਕਰੋੜ ਰੁਪਏ ਦੀ ਗਰਾਂਟ ਨੂੰ ਪ੍ਰਵਾਨਗੀ ਦਿੱਤੀ ਗਈ ਹੈ, ਜਿਸ ਨਾਲ ਇਸ ਨੂੰ ਨਵੀਂ ਦਿੱਖ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਸਿੱਖ ਸ਼ਰਧਾਲੂਆਂ ਦੇ ਇਸ ਜਥੇ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਗੁਰਦੁਆਰਾ ਸ੍ਰੀ ਸੱਚਾ ਸੌਦਾ, ਗੁਰਦੁਆਰਾ ਕਰਤਾਰਪੁਰ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਤੇ ਹੋਰ ਗੁਰੂਧਾਮਾਂ ਦੇ ਦਰਸ਼ਨ ਕੀਤੇ ਗਏ ਹਨ।

Advertisement

Advertisement
Advertisement
Author Image

Advertisement